
ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ ਨਾਗਰਿਕਾਂ ਨੂੰ ਵੱਧ ਤੋਂ ਵੱਧ ਬਤੌਰ ਵੋਟਰ ਰਜਿਸਟਰਡ ਕਰਨ ਅਤੇ ਅਤੇ ‘ਸਵੀਪ’ ਗਤੀਵਿਧੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਅਤੇ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਰੂਜਮ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਸ਼ੁਰੂ ਕੀਤੇ ਗਏ ਪ੍ਰੋਗਰਾਮ ਤਹਿਤ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜ਼ਿਲ੍ਹੇ ਦੇ ਸਾਰੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਚੋਣ ਅਫ਼ਸਰ ਪੰਜਾਬ ਨੇ ਵੀ ਹਰੇਕ ਬੂਥ ਵਿਚ 18-19 ਸਾਲ ਵਾਲੇ ਗਰੁੱਪ ਦੇ ਘੱਟੋ-ਘੱਟ 40 ‘ਫਾਰਮ-6’ ਪ੍ਰਾਪਤ ਕਰਨ ਦਾ ਟੀਚਾ ਪੂਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਵਿੱਦਿਅਕ ਸੰਸਥਾਵਾਂ ਅਹਿਮ ਯੋਗਦਾਨ ਪਾ ਸਕਦੀਆਂ ਹਨ। ਉਨ੍ਹਾਂ ਕਾਲਜ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਬਤੌਰ ਵੋਟਰ ਰਜਿਸਟ੍ਰਡ ਹੋਣ ਲਈ ਪ੍ਰੇਰਿਤ ਕਰਨ ਤਾਂ ਜੋ ਯੋਗਤਾ ਮਿਤੀ 1 ਜਨਵਰੀ 2017 ਦੇ ਆਧਾਰ ‘ਤੇ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਸਾਰੇ ਨੌਜਵਾਨਾਂ ਦੀਆਂ ਵੋਟਾਂ ਬਣ ਸਕਣ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਜ਼ਿਲ੍ਹੇ ਦੇ ਸਾਰੇ ਚੋਣ ਅਮਲੇ ਵੱਲੋਂ ਉਨ੍ਹਾਂ ਦੀ ਪੂਰੀ ਸਹਾਇਤਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਾਲਜਾਂ ਵਿਚਲੇ ਕੈਂਪਸ ਅੰਬੈਸਡਰਾਂ ਦੀ ਵੀ ਸਹਾਇਤਾ ਲਈ ਜਾਵੇਗੀ।
ਸ੍ਰੀ ਰੂਜਮ ਨੇ ਦੱਸਿਆ ਕਿ ਵੋਟਾਂ ਬਣਾਉਣ ਲਈ 12 ਸਤੰਬਰ ਤੋਂ ਸਬੰਧਤ ਇਲਾਕਿਆਂ ਦੇ ਬੀ. ਐਲ. ਓਜ਼ ਜ਼ਿਲ੍ਹੇ ਦੇ ਸਾਰੇ ਵੱਖ-ਵੱਖ ਕਾਲਜਾਂ ਵਿਚ ਜਾ ਕੇ ਵਿਦਿਆਰਥੀਆਂ ਦੇ ਫਾਰਮ ਭਰਨਗੇ। ਉਨ੍ਹਾਂ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਵੀ ਕਿਹਾ ਕਿ ਉਹ ‘ਸਵੀਪ’ ਗਤੀਵਿਧੀਆਂ ਦੇ ਨਾਲ-ਨਾਲ ਵਿੱਦਿਅਕ ਸੰਸਥਾਵਾਂ ਦੇ ਕੈਂਪਸ ਅੰਬੈਸੇਡਰ ਅਤੇ ਨੋਡਲ ਅਫਸਰਾਂ ਨਾਲ ਲਗਾਤਾਰ ਰਾਬਤਾ ਰੱਖਣ ਤਾਂ ਜੋ ਸਾਰੇ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕਰਨ ਲਈ ‘ਸਵੀਪ’ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ‘ਵੋਟਰ ਪ੍ਰਣ’ ਤੋਂ ਜਾਣੂ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਰਵਾਇਤੀ ਮੀਡੀਆ ਤੋਂ ਇਲਾਵਾ ਸੋਸ਼ਲ ਮੀਡੀਆ ਜਿਵੇਂ ਕਿ ਫੇਸ ਬੁੱਕ, ਵਟਸਐਪ, ਇੰਸਟਾਗ੍ਰਾਮ ਅਤੇ ਟਵਿੱਟਰ ਆਦਿ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ ਸਮੇਤ ਜ਼ਿਲ੍ਹੇ ਦੇ ਸਾਰੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਵੱਖ-ਵੱਖ ਕਾਲਜਾਂ ਦੇ ਮੁਖੀ ਹਾਜ਼ਰ ਸਨ।
Punjab Post Daily Online Newspaper & Print Media