
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ)- ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਲਈ ਸੂਬਾ ਸਰਕਾਰ ਦੇ ਅਹਿਮ ਉੱਦਮ ਸਦਕਾ ਹਰੇਕ ਜ਼ਿਲ੍ਹੇ ਵਿਚ ਕਰੀਬ 15 ਤੋਂ 25 ਏਕੜ ਜ਼ਮੀਨ ‘ਤੇ ਗਊਸ਼ਾਲਾਵਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਜਿਨ੍ਹਾਂ ਨੂੰ ਆਉਂਦੇ ਤਿੰਨ ਮਹੀਨਿਆ ਵਿੱਚ ਮੁਕੰਮਲ ਕਰ ਲਿਆ ਜਾਵੇਗਾ, ਜਿਸ ਨਾਲ ਤਿੰਨ ਮਹੀਨਿਆਂ ਬਾਅਦ ਸੜਕਾਂ ‘ਤੇ ਗਾਵਾਂ ਵਿਖਾਈ ਨਹੀਂ ਦੇਣਗੀਆਂ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਮੁਫਤ ਬਿਜਲੀ, ਪਾਣੀ ਅਤੇ ਹੋਰ ਬਿਹਤਰ ਸਹੂਲਤਾਂ ਦੇਣ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੀਆਂ ਸਮੂਹ ਗਊਸ਼ਾਲਾਵਾਂ ਤੇ ਸਵੈ-ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।
ਸ੍ਰੀ ਕੀਮਤੀ ਭਗਤ ਨੇ ਦੱਸਿਆ ਕਿ ਸੂਬੇ ਅੰਦਰ ਬੇਸਹਾਰਾ ਗਊਧਨ ਦੇ ਚੱਲ ਰਹੇ ਕਾਰਜਾਂ ਨੂੰ ਹੋਰ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਰਾਜ ਦੇ ਸਾਰੇ ਜ਼ਿਲ੍ਹਿਆਂ ਲਈ ਦੂਜੀ ਕਿਸ਼ਤ ਵਜੋਂ 22 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਹੈ ਜਿਸਦੀ ਹਰੇਕ ਜ਼ਿਲ੍ਹਾ ਪੱਧਰ ਤੇ ਇਕ-ਇਕ ਕਰੋੜ ਰੁਪਏ ਨਾਲ ਵੰਡ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆਂ ਕਿ ਗਊਸ਼ਾਲਾਵਾਂ ਦੇ ਬਣਨ ਨਾਲ ਆਵਾਰਾ ਪਸ਼ੂਆਂ ਨਾਲ ਹੋਣ ਵਾਲੀਆਂ ਸੜਕੀ ਦੁਰਘਟਨਾਵਾਂ ਨੂੰ ਭਾਰੀ ਠੱਲ੍ਹ ਪਵੇਗੀ। ਉਨ੍ਹਾਂ ਦੱਸਿਆ ਕਿ ਇਸ ਵੇਲੇ ਇਕ ਲੱਖ ਤੋਂ ਵੱਧ ਗਊਆਂ ਸੜਕਾਂ ‘ਤੇ ਹਨ, ਜਿਨ੍ਹਾਂ ਕਾਰਨ 285 ਕੀਮਤੀ ਜਾਨਾਂ ਗਈਆਂ ਹਨ ਅਤੇ ਫਸਲਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ।
ਸ੍ਰੀ ਭਗਤ ਨੇ ਅੱਗੇ ਦੱਸਿਆਂ ਕਿ ਇਸ ਸਮੇਂ ਪੰਜਾਬ ਵਿਚ ਕਰੀਬ 472 ਗਊਸ਼ਾਲਾਵਾਂ ਚੱਲ ਰਹੀਆਂ ਹਨ, ਜਿਨ੍ਹਾਂ ਵਿਚੋਂ 366 ਗਊਸ਼ਾਲਾਵਾਂ ਰਜਿਸਟਰਡ ਹੋ ਚੁੱਕੀਆਂ ਹਨ ਅਤੇ ਬਾਕੀਆਂ ਨੂੰ ਜਲਦ ਹੀ ਰਜਿਸਟਰਡ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆਂ ਕਿ ਪੰਜਾਬ ਦੀਆਂ ਸਮੂਹ ਗਊਸ਼ਾਲਾਵਾਂ ਵਿਚ ਆਉਣ ਵਾਲਾ ਹਰ ਤਰ੍ਹਾਂ ਦਾ ਸਾਮਾਨ ਵੈਟ ਮੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆਂ ਕਿ ਗਊਸ਼ਾਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਹੂਲਤਾਂ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਸਰਕਾਰ ਵੱਲੋਂ 50 ਲੱਖ ਦੀ ਦਵਾਈ ਗਊਸ਼ਾਲਾਵਾਂ ਨੂੰ ਸਪਲਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗਊਆਂ ਦੀ ਸੁਰੱਖਿਆ ਲਈ ਹਰੇਕ ਜ਼ਿਲ੍ਹਾ ਪੱਧਰ ‘ਤੇ ਪੰਜਾਬ ਪੁਲਿਸ ਵੱਲੋਂ ਗਊ ਸੁਰੱਖਿਆ ਸੈੱਲ ਬਣਾਏ ਗਏ ਹਨ, ਜਿਨ੍ਹਾਂ ਦੇ ਇੰਚਾਰਜ ਐਸ. ਪੀ ਅਤੇ ਡੀ.ਐਸ.ਪੀ ਰੈਕ ਦੇ ਅਧਿਕਾਰੀ ਨੂੰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੀਆਂ ਸਮੂਹ ਨਗਰ ਕੌਸਲਾਂ, ਨਗਰ ਕਮੇਟੀਆਂ ਅਤੇ ਨਗਰ ਨਿਗਮਾਂ ਨੂੰ ਕਾਓ ਸੈੱਸ ਲਗਾਉਣ ਲਈ ਰਾਜ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਸਮੂਹ ਗਊਸ਼ਾਲਾਵਾਂ ਵਿਚ ਸੇਵਾ ਕਰਨ ਵਾਲੇ ਗਊ ਭਗਤਾਂ ਨੂੰ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਆਪਣੀ ਗਊਸ਼ਾਲਾ ਨੂੰ ਰਜਿਸਟਰਡ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਸਰਕਾਰ ਵੱਲੋਂ ਮਿਲਣ ਵਾਲੀਆਂ ਸਮੂਹ ਸਹੂਲਤਾਂ ਹਰੇਕ ਗਊਸ਼ਾਲਾ ਨੂੰ ਮਿਲ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਵਾਈਸ ਚੇਅਰਮੈਨ ਗਊ ਸੇਵਾ ਕਮਿਸ਼ਨ ਪੰਜਾਬ ਸ੍ਰੀ ਦੁਰਗੇਸ਼ ਸ਼ਰਮਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਪਵਨ ਮਲਹੋਤਰਾ, ਭਾਜਪਾ ਆਗੂ ਸ੍ਰੀ ਨਰੇਸ਼ ਸ਼ਰਮਾ, ਸ੍ਰੀ ਸੰਤੋਖ ਸਿੰਘ, ਮੈਡਮ ਰੀਨਾ ਜੇਤਲੀ, ਸ੍ਰੀ ਕੰਵਰ ਜਗਦੀਪ ਸਿੰਘ, ਸ੍ਰੀ ਅਰੁਣ ਖੰਨਾ ਸਮੇਤ ਹੋਰ ਅਧਿਕਾਰੀ ਅਤੇ ਗਉਸ਼ਲਾਵਾਂ ਦੇ ਪ੍ਰਬੰਧਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।
Punjab Post Daily Online Newspaper & Print Media