
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਵਿੱਚ ਸ਼ੁਰੂ ਕੀਤੀ ਨਿਵੇਕਲੀ ਪੰਘੂੜਾ ਸਕੀਮ ਤਹਿਤ ਅੱਜ ਇਕ ਹੋਰ ਬੱਚੀ ਨੂੰ ਪੰਘੂੜੇ ਚੋਂ ਪ੍ਰਾਪਤ ਕੀਤਾ ਗਿਆ। ਇਸ ਬੱਚੀ ਨੂੰ ਸਹਾਇਕ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਅਤੇ ਐਸ. ਡੀ. ਐਮ ਅਜਨਾਲਾ ਡਾ. ਅਨੁਪ੍ਰੀਤ ਕੌਰ ਨੇ ਪ੍ਰਾਪਤ ਕੀਤਾ ਅਤੇ ‘ਲਾਪਾ’ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਊਂਡੇਸ਼ਨ ਧਾਮ ਤਲਵੰਡੀ ਖੁਰਦ, ਲੁਧਿਆਣਾ ਵਿਖੇ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ। ਪੰਘੂੜਾ ਸਕੀਮ ਤਹਿਤ ਇਸ ਬੱਚੀ ਦੇ ਆਉਣ ਨਾਲ ਕੁੱਲ ਬੱਚਿਆਂ ਦੀ ਗਿਣਤੀ 142 ਹੋ ਗਈ ਹੈ, ਜਿਨ੍ਹਾਂ ਵਿਚ 123 ਲੜਕੀਆਂ ਅਤੇ 19 ਲੜਕੇ ਸ਼ਾਮਿਲ ਹਨ।
ਸ੍ਰੀਮਤੀ ਅਮਨਦੀਪ ਕੌਰ ਅਤੇ ਡਾ. ਅਨੁਪ੍ਰੀਤ ਕੌਰ ਨੇ ਇਸ ਮੌਕੇ ਦੱਸਿਆ ਕਿ ਬੀਤੀ 19 ਸਤੰਬਰ ਨੂੰ ਸਵੇਰੇ 12 ਵਜੇ ਏ. ਐਸ. ਆਈ ਪਾਲ ਸਿੰਘ ਨੰਬਰ 561 ਅੰਮ੍ਰਿਤਸਰ (ਆਰ) ਪੁਲਿਸ ਸਟੇਸ਼ਨ ਮਹਿਤਾ ਵੱਲੋਂ ਇਕ 4-5 ਦਿਨ ਦੀ ਬੱਚੀ ਨੂੰ ਪੰਘੂੜੇ ਵਿੱਚ ਪਾਇਆ ਗਿਆ ਸੀ। ਇਹ ਬੱਚੀ ਸ੍ਰੀ ਦਲੀਪ ਸਿੰਘ ਪੁੱਤਰ ਬਿਸ਼ਨ ਸਿੰਘ, ਧਰਦਿਉ, ਡੇਰਾ ਬਿਆਸ ਸਤਸੰਗ ਘਰ ਨੂੰ ਮਿਲੀ ਸੀ, ਜਿਸ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ, ਰਣਜੀਤ ਐਵੀਨਿਊ ਤੋਂ ਕਰਵਾਇਆ ਗਿਆ ਅਤੇ ਇਸ ਵੇਲੇ ਬੱਚੀ ਬਿਲਕੁਲ ਤੰਦਰੁਸਤ ਹੈ। ਇਸ ਲਈ ਇਸ ਬੱਚੀ ਨੂੰ ਪਾਲਣ-ਪੋਸ਼ਣ ਅਤੇ ਕਾਨੂੰਨੀ ਅਡਾਪਸ਼ਨ ਹਿੱਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸਰਕਾਰ ਵੱਲੋਂ ਨਿਰਧਾਰਿਤ ਸੰਸਥਾ ਵਿਖੇ ਭੇਜਿਆ ਜਾਵੇਗਾ, ਜਿਥੇ ਪਹਿਲਾਂ ਭੇਜੇ ਗਏ ਬੱਚਿਆਂ ਵਾਂਗ ਸਰਕਾਰ ਵੱਲੋਂ ਨਿਰਧਾਰਿਤ ਪ੍ਰਕਿਰਿਆ ਪੂਰੀ ਕਰਨ ਉਪਰੰਤ ਸੰਸਥਾ ਵੱਲੋਂ ਇਸ ਬੱਚੀ ਦੀ ਲੋੜਵੰਦ ਪਰਿਵਾਰ ਨੂੰ ਅਡਾਪਸ਼ਨ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਬੱਚਾ ਗੋਦ ਲੈਣਾ ਹੋਵੇ ਤਾਂ ਉਹ ਵੈੱਬਸਾਈਟ ਾਾਾ.ਚੳਰੳ.ਨਚਿ.ਨਿ ਰਾਹੀਂ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਵਰੀ 2008 ਤੋਂ ਰੈੱਡ ਕਰਾਸ ਦਫ਼ਤਰ ਦੇ ਬਾਹਰ ਇਹ ‘ਪੰਘੂੜਾ’ ਸਥਾਪਿਤ ਕੀਤਾ ਗਿਆ ਹੈ ਅਤੇ ਕੋਈ ਵੀ ਲਾਵਾਰਿਸ ਅਤੇ ਪਾਲਣ-ਪੋਸ਼ਣ ਤੋਂ ਅਸਮਰੱਥ ਰਹਿਣ ਵਾਲੇ ਮਾਪੇ ਅਣਚਾਹੇ ਬੱਚੇ ਨੂੰ ਇਸ ਪੰਘੂੜੇ ਵਿਚ ਰੱਖ ਸਕਦੇ ਹਨ। ਇਸ ਮੌਕੇ ਰੈੱਡ ਕਰਾਸ ਦੇ ਸਕੱਤਰ ਮੈਡਮ ਵਿਨੇ ਸ਼ਰਮਾ, ਵਧੀਕ ਸਕੱਤਰ ਠਾਕੁਰ ਰਣਧੀਰ ਸਿੰਘ, ਸੁਪਰਡੈਂਟ ਸ੍ਰੀ ਦਵਿੰਦਰ ਸ਼ਰਮਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media