ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤ-ਪਾਕਿਸਤਾਨ ਸਰਹੱਦ ‘ਤੇ ਬਣੇ ਤਣਾਅ ਪੂਰਨ ਮਹੌਲ ਕਾਰਨ ਇਹਤਿਆਤ ਵਜੋਂ ਸਰਹੱਦ ਨਾਲ ਲੱਗਦੇ 10 ਕਿਲੋਮੀਟਰ ਤੱਕ ਦੇ ਪਿੰਡਾਂ ਦੇ ਵਸਨੀਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਸਬੰਧੀ ਸ਼੍ਰੀ ਐਸ.ਆਰ. ਲੱਧੜ ਪ੍ਰਮੁੱਖ ਸਕੱਤਰ ਯੋਜਨਾਬੰਦੀ ਦੀ ਪ੍ਰਧਾਨਗੀ ਹੇਠ ਅੱਜ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਹੋਈ।ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ, ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਅਮਿਤ ਮਹਾਜਨ ਐਸ.ਡੀਐਮ. ਪਠਾਨਕੋਟ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਸ਼੍ਰੀ ਲੱਧੜ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਬਾਰਡਰ ਦੇ 10 ਕਿਲੋਮੀਟਰ ਦੇ ਘੇਰੇ ਅੰਦਰ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਲਿਆਂਦਾ ਜਾਵੇ ਤਾਂ ਜੋ ਯੁੱਧ ਦੀ ਸਥਿਤੀ ਬਣਨ ‘ਤੇ ਉਨ੍ਹਾਂ ਦਾ ਕੋਈ ਜਾਨ ਮਾਲ ਦਾ ਨੁਕਸਾਨ ਨਾ ਹੋਵੇ।ਉਨ੍ਹਾਂ ਕਿਹਾ ਕਿ ਇਹੋ ਅਜਿਹੇ ਤਣਾਅ ਪੂਰਨ ਮਹੌਲ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੀ ਪੂਰੀ ਤਿਆਰੀ ਕਰਕੇ ਰੱਖਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜੇ ਅਫ਼ਸਰਾਂ ਦੀ ਘਾਟ ਹੈ ਤਾਂ ਬਾਹਰਲੇ ਜ਼ਿਲਿਆਂ ਤੋਂ ਅਫ਼ਸਰਾਂ ਦੀ ਡਿਊਟੀ ਲਗਾਈ ਜਾਵੇ ਅਤੇ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇ। ਜਿਸ ਦਾ ਇੰਚਾਰਜ ਏ.ਡੀ.ਸੀ. ਜਾਂ ਐਸ.ਡੀ.ਐਮ. ਪੱਧਰ ਦੇ ਅਧਿਕਾਰੀ ਨੂੰ ਨੋਡਲ ਅਫ਼ਸਰ ਲਗਾਇਆ ਜਾਵੇ ਤਾਂ ਜੋ ਲੋਕਾਂ ਅਤੇ ਪੱਤਰਕਾਰਾਂ ਨੂੰ ਸਹੀ ਸੂਚਨਾ ਸਮੇਂ ਸਿਰ ਮਿਲ ਸਕੇ।ਉਨ੍ਹਾਂ ਕਿਹਾ ਕਿ ਜਿੰਨ੍ਹਾਂ ਅਧਿਕਾਰੀਆਂ ਕੋਲ ਵਹਿਕਲ ਨਹੀਂ ਹੈ, ਉਨ੍ਹਾਂ ਨੂੰ ਵਹਿਕਲ ਮੁਹਈਆ ਕਰਵਾਏ ਜਾਣ ਅਤੇ ਕੋਈ ਵੀ ਅਧਿਕਾਰੀ ਉਨੀ ਦੇਰ ਤੱਕ ਛੁੱਟੀ ਨਹੀਂ ਜਾਵੇਗਾ ਜਿੰਨੀ ਦੇਰ ਤੱਕ ਹਲਾਤ ਨਾਰਮਲ ਨਹੀਂ ਹੋ ਜਾਂਦੇ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਰਾਤ ਨੂੰ ਠੀਕਰੀ ਪੈਰਾ ਵੀ ਲਗਾਇਆ ਜਾਵੇ।ਉਨ੍ਹਾਂ ਕਿਹਾ ਕਿ ਜਿੱਥੇ ਸੁਰੱਖਿਅਤ ਕੈਂਪ ਬਣਾਏ ਗਏ ਹਨ, ਉਨ੍ਹਾਂ ਕੈਂਪਾਂ ਵਿੱਚ ਲੋਕਾਂ ਲਈ ਖਾਣਾ, ਮੈਡੀਕਲ ਸੇਵਾਵਾਂ, ਪਖਾਨਿਆਂ, ਪਸ਼ੂਆਂ ਲਈ ਚਾਰੇ ਅਤੇ ਸਾਫ਼ ਸਫ਼ਾਈ ਦਾ ਪ੍ਰਬੰਧ ਕੀਤਾ ਜਾਵੇ ਅਤੇ ਕੈਂਪ ਸਥਾਨਾਂ ‘ਤੇ ਕੈਂਪ ਕਮੇਟੀਆਂ ਬਣਾਈਆਂ ਜਾਣ ਤਾਂ ਜੋ ਕਿਸੇ ਨੂੰ ਵੀ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹੋ ਅਜਿਹੇ ਤਣਾਅ ਪੂਰਨ ਮਹੌਲ ਵਿੱਚ ਸਾਡੇ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਸਚਾਰੂ ਢੰਗ ਨਾਲ ਕਰੀਏ।
ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ‘ਤੇ ਬਣੇ ਤਣਾਅ ਪੂਰਨ ਮਹੌਲ ਨੂੰ ਦੇਖਦੇ ਹੋਏ ਜ਼ਿਲ੍ਹੇ ਅੰਦਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਸਹਾਇਤਾ ਲਈ ਦੋ ਨੋਡਲ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੂੰ ਲਗਾਇਆ ਗਿਆ ਅਤੇ ਵੱਖ ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਲਿਆਉਣ ਲਈ 20 ਬੱਸਾਂ ਲਗਾਈਆਂ ਗਈਆਂ ਹਨ ਅਤੇ ਛੇ ਸੁਰੱਖਿਅਤ ਸੈਂਟਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕੁਝ ਸੈਂਟਰਾਂ ਵਿੱਚ 500 ਲੋਕ ਆਏ ਸਨ ਅਤੇ ਅੱਜ ਸਵੇਰੇ 150 ਲੋਕ ਹੋਰ ਆਏ ਹਨ।ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹਾਇਤਾ ਲਈ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਅਤੇ ਇਸ ਕੰਟਰੋਲ ਰੂਮ ਦੇ ਨੰਬਰ 0186-2221314 ਅਤੇ 0186-2220450 ਹਨ ਅਤੇ ਇਹ ਕੰਟਰੋਲ ਰੂਮ 24 ਘੰਟੇ ਦਿਨ ਰਾਤ ਕੰਮ ਕਰੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਸੂਚਨਾਂ ਜਾਂ ਸਹਾਇਤਾ ਲਈ ਇੰਨ੍ਹਾਂ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕੰਟਰੋਲ ਰੂਮ ਦਾ ਨੋਡਲ ਅਫ਼ਸਰ ਸਹਾਇਕ ਕਮਿਸ਼ਨਰ ਜਨਰਲ ਨੂੰ ਲਗਾਇਆ ਗਿਆ ਹੈ। ਇਸ ਉਪਰੰਤ ਸ਼੍ਰੀ ਐਸ.ਆਰ. ਲੱਧੜ ਪ੍ਰਮੁੱਖ ਸਕੱਤਰ ਅਤੇ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਬਣਾਏ ਗਏ ਵੱਖ ਵੱਖ ਸੁਰੱਖਿਅਤ ਕੈਂਪ ਸਥਾਨਾਂ ਦਾ ਦੌਰਾ ਕੀਤਾ ਅਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ਼੍ਰੀਮਤੀ ਸੀਮਾ ਕੁਮਾਰੀ ਵਿਧਾਇਕ ਹਲਕਾ ਭੋਆ ਵੀ ਮੌਜੂਦ ਸਨ।
Check Also
ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …
Punjab Post Daily Online Newspaper & Print Media