
ਫਾਜ਼ਿਲਕਾ, 7 ਅਕਤੂਬਰ (ਵਨੀਤ ਅਰੋੜਾ)- ਪ੍ਰਿੰਸੀਪਲ ਸਕੱਤਰ ਸ਼੍ਰੀ ਅਨਿਰੁਧ ਤਿਵਾੜੀ ਨੇ ਅੱਜ ਜ਼ਿਲ੍ਹੇ ਵਿਚ ਝੋਨੇ ਦੀ ਚੱਲ ਰਹੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਦੇ ਵੱਖ ਵੱਖ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਕਿਸਾਨ ਅਤੇ ਲੇਬਰ ਨੁਮਾਇੰਦਿਆਂ ਨਾਲ ਮੀਟਿੰਗਾਂ ਵੀ ਕੀਤੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਫਿਰੋਜ਼ਪੁਰ ਡਿਵੀਜਨ ਦੇ ਕਮਿਸ਼ਨਰ ਸ਼੍ਰੀ ਵੀ. ਕੇ. ਮੀਣਾ, ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਚਰਨਦੇਵ ਸਿੰਘ ਮਾਨ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਇਸ ਦੌਰਾਨ ਪ੍ਰਿੰਸੀਪਲ ਸਕੱਤਰ ਸ਼੍ਰੀ ਤਿਵਾੜੀ ਨੇ ਦਫ਼ਤਰ ਮਾਰਕੀਟ ਕਮੇਟੀ ਜਲਾਲਾਬਾਦ ਅਤੇ ਫਾਜ਼ਿਲਕਾ ਵਿਖੇ ਅਧਿਕਾਰੀਆਂ, ਆੜ੍ਹਤੀਆਂ ਅਤੇ ਕਿਸਾਨ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਜ਼ਿਲ੍ਹੇ ਵਿਚ ਚੱਲ ਰਹੇ ਖਰੀਦ ਕੇਂਦਰਾਂ ਵਿਚ ਫੜ੍ਹਾਂ ਦੀ ਸਾਫ਼ ਸਫ਼ਾਈ, ਬਿਜਲੀ, ਪੀਣ ਵਾਲੇ ਪਾਣੀ, ਛਾਂ ਅਤੇ ਲਿਫ਼ਟਿੰਗ ਆਦਿ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ ਵੱਖ ਖਰੀਦ ਏਂਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਝੋਨੇ ਦੀ ਖਰੀਦ ਸਮੇਂ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਖਾਸ ਤੌਰ ਤੇ ਇਹ ਵੀ ਹਦਾਇਤ ਕੀਤੀ ਕਿ ਸਰਹੱਦੀ ਪਿੰਡਾਂ ਦੇ ਕਿਸਾਨਾਂ ਦੀ ਫ਼ਸਲ ਪਹਿਲ ਦੇ ਆਧਾਰ ਤੇ ਖਰੀਦ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਖਰੀਦ ਸਮੇਂ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ। ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਆਦੇਸ਼ ਦਿੱਤੇ ਕਿ ਉਹ ਰੋਜ਼ਾਨਾ ਕੀਤੀ ਗਈ ਖਰੀਦ ਦੀ ਰਿਪੋਰਟ ਭੇਜਣ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਵਿਚ 17 ਫੀਸਦੀ ਨਮੀ ਵਾਲੇ ਝੋਨੇ ਦੀ ਖਰੀਦ ਕੀਤੀ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿਚ 6 ਅਕਤੂਬਰ ਤੱਕ ਮੰਡੀਆਂ ਵਿਚ 28,800 ਮੀਟਿਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 17825 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 5122 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਕੁੱਲ 93 ਖਰੀਦ ਕੇਂਦਰਾਂ ਵਿਚੋਂ 31 ਖਰੀਦ ਕੇਂਦਰਾਂ ਵਿਚ ਝੋਨੇ ਦੀ ਆਮਦ ਹੋਣੀ ਸ਼ੁਰੂ ਹੋ ਚੁੱਕੀ ਹੈ। ਅੱਜ ਦੇ ਦੌਰੇ ਦੌਰਾਨ ਸ੍ਰੀ ਤਿਵਾੜੀ ਵੱਲੋਂ ਜਲਾਲਾਬਾਦ, ਲਾਧੂਕਾ, ਘੁਬਾਇਆ, ਫਾਜ਼ਿਲਕਾ, ਡੱਬਵਾਲਾ ਕਲਾਂ ਆਦਿ ਖਰੀਦ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ।
ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਮੰਡੀ ਅਫ਼ਸਰ ਸ. ਮਨਿੰਦਰਜੀਤ ਸਿੰਘ, ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਅਫ਼ਸਰ ਸ. ਹਰਸ਼ਰਨਜੀਤ ਸਿੰਘ ਬਰਾੜ, ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ ਸ਼੍ਰੀ ਵਿਨੋਦ ਬਜਾਜ, ਚੇਅਰਮੈਨ ਮਾਰਕੀਟ ਕਮੇਟੀ ਜਲਾਲਾਬਾਦ ਸ. ਬੂੜ ਸਿੰਘ, ਆੜ੍ਹਤੀਆ ਐਸੋਸੀਏਸ਼ਨ ਜਲਾਲਾਬਾਦ ਦੇ ਪ੍ਰਧਾਨ ਸ਼੍ਰੀ ਕਾਲੀ ਦੂਮੜਾ, ਸ਼੍ਰੀ ਵਿੱਕੀ ਮਾਮੂਜੋਈਆਂ, ਸ਼੍ਰੀ ਸੋਮ ਨਾਗਪਾਲ, ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਲਵਲੀ ਕਾਠਪਾਲ, ਅਕਾਲੀ ਆਗੂ ਗੁੱਲੂ ਗੁਰਾਇਆ , ਆੜ੍ਹਤੀਆ ਐਸੋਸੀਏਸ਼ਨ ਫਾਜ਼ਿਲਕਾ ਦੇ ਪ੍ਰਧਾਨ ਸ਼੍ਰੀ ਕੇਵਲ ਕ੍ਰਿਸ਼ਨ ਚੌਧਰੀ, ਸਾਬਕਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਸ਼੍ਰੀਨਿਵਾਸ ਬਿਹਾਨੀ ਤੋਂ ਇਲਾਵਾ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜ੍ਹਤੀਆ ਐਸੋਸੀਏਸ਼ਨ ਤੇ ਕਿਸਾਨਾਂ ਦੇ ਨਮੁਾਇੰਦੇ ਮੌਜੂਦ ਸਨ।
Check Also
ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …
Punjab Post Daily Online Newspaper & Print Media