Monday, February 23, 2026

ਮੁੱਖ ਮੰਤਰੀ ਵੱਲੋਂ ਡਾ. ਅੰਬੇਡਕਰ ਦੇ ਨਾਂ ‘ਤੇ ਬਠਿੰਡਾ ‘ਚ ਵਿਸ਼ਵ ਪੱਧਰੀ ਕੋਚਿੰਗ ਸੈਂਟਰ ਸਥਾਪਤ ਕਰਨ ਦਾ ਐਲਾਨ

 ppn0910201604
ਬਠਿੰਡਾ, 8 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਿਵਲ ਸੇਵਾਵਾਂ ਵਿਚ ਕਮਜ਼ੋਰ ਵਰਗਾਂ ਦੀ ਢੁੱਕਵੀਂ ਨੁਮਾਇੰਦਗੀ ਯਕੀਨੀ ਬਣਾਉਣ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਬਠਿੰਡਾ ਵਿਖੇ ਕਮਜ਼ੋਰ ਵਰਗਾਂ ਦੇ ਸਿਵਲ ਸੇਵਾਵਾਂ ਵਿਚ ਜਾਣ ਦੇ ਖਾਹਿਸ਼ਮੰਦਾਂ ਨੂੰ ਸਿਖਲਾਈ ਮੁਹੱਈਆ ਕਰਵਾਉਣ ਲਈ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਨਾਂ ‘ਤੇ ਇੱਕ ਵਿਸ਼ਵ ਪੱਧਰੀ ਕੋਚਿੰਗ ਸੈਂਟਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਇਥੇ ਡਾ. ਬੀ.ਆਰ. ਅੰਬੇਡਕਰ ਦੇ ਮਨਾਏ ਜਾ ਰਹੇ 125ਵੀਂ ਜਨਮ ਵਰ੍ਹੇਗੰਢ ਉੱਤੇ ਪੰਜਵੇਂ ਰਾਸ਼ਟਰੀ ਸੈਮੀਨਾਰ ਦੌਰਾਨ ਇੱਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਾਰਾਜਾ ਰਣਜੀਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਵਿਚ ਬਣਾਏ ਜਾ ਰਹੇ ਇਸ ਸੈਂਟਰ ਦਾ ਸਮੁੱਚਾ ਖਰਚਾ ਸਹਿਣ ਕਰੇਗੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਹ ਸੈਂਟਰ ਸਿਵਲ ਸੇਵਾਵਾਂ ਵਿਚ ਦੱਬੇ-ਕੁਚਲੇ ਲੋਕਾਂ ਦੀ ਹੋਰ ਵੀ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਸਾਬਤ ਹੋਵੇਗਾ। ਇਸੇ ਤਰ੍ਹਾਂ ਹੀ ਡਾ. ਅੰਬੇਡਕਰ ਦੇ ਜੀਵਨ ਅਤੇ ਦਰਸ਼ਨ ਉੱਤੇ ਪੀ.ਐਚ.ਡੀ ਕਰਨ ਵਾਲੇ ਹਰੇਕ ਖਾਹਿਸ਼ਮੰਦ ਨੂੰ ਪੰਜ ਲੱਖ ਰੁਪਏ ਦੀ ਸਕਾਲਰਸ਼ਿਪ ਦੇਣ ਦਾ ਐਲਾਨ ਕੀਤਾ।
ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਹਾਨ ਸਕਾਲਰ, ਕਾਨੂੰਨਦਾਨ, ਅਰਥਸਾਸ਼ਤਰੀ, ਸਮਾਜ ਸੁਧਾਰਕ ਅਤੇ ਇੱਕ ਮਹਾਨ ਸਖਸ਼ੀਅਤ ਦੱਸਿਆ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੁਨੀਆਂ ਭਰ ਦੇ ਇਤਿਹਾਸ ਵਿਚ ਇੱਕ ਉੱਘੀ ਸਖਸ਼ੀਅਤ ਸਨ ਜਿਨ੍ਹਾਂ ਨੇ ਲੰਡਨ ਲਾਈਬਰੇਰੀ ਦੀਆਂ ਸਾਰੀਆਂ ਕਿਤਾਬਾਂ ਪੜ੍ਹੀਆਂ ਸਨ। ਉਨ੍ਹਾਂ ਕਿਹਾ ਕਿ ਕਾਰਲ ਮਾਰਕਸ ਤੋਂ ਇਲਾਵਾ ਡਾ. ਅੰਬੇਡਕਰ ਦੁਨੀਆਂ ਦੇ ਇਕੋ-ਇੱਕ ਹੀ ਵਿਦਵਾਨ ਸਨ ਜਿਨ੍ਹਾਂ ਨੇ ਲੰਡਨ ਲਾਈਬਰੇਰੀ ਦੀਆਂ ਸਾਰੀਆਂ 50,000 ਕਿਤਾਬਾਂ ਪੜ੍ਹੀਆਂ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਡਾ. ਅੰਬੇਡਕਰ ਇੱਕ ਗਰੀਬ ਪਰਿਵਾਰ ਦੇ ਸਨ ਪਰ ਉਨ੍ਹਾਂ ਦੇ ਮਹਾਨ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵ ਆਗੂਆਂ ਦੀ ਕਤਾਰ ਵਿਚ ਖੜ੍ਹਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਡਾ. ਅੰਬੇਡਕਰ ਦੀ ਸਖ਼ਤ ਮਿਹਨਤ, ਸਮਰਪਣ ਅਤੇ ਦੂਰ ਦ੍ਰਿਸ਼ਟੀ ਦਾ ਨਤੀਜਾ ਸੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਸਿਰਫ ਕਮਜ਼ੋਰ ਵਰਗਾਂ ਦੇ ਆਗੂ ਨਹੀਂ ਸਨ ਸਗੋਂ ਉਹ ਸਮੁੱਚੀ ਮਾਨਵਤਾ ਦੇ ਆਗੂ ਸਨ। ਸ. ਬਾਦਲ ਨੇ ਕਿਹਾ ਕਿ ਡਾ. ਅੰਬੇਡਕਰ ਨੇ ਸੰਵਿਧਾਨ ਤਿਆਰ ਕਰਨ ਤੋਂ ਇਲਾਵਾ ਭਾਰਤੀ ਰਿਜ਼ਰਵ ਬੈਂਕ ਦੀ ਬੁਨਿਆਦ ਵੀ ਰੱਖੀ। ਉਨ੍ਹਾਂ ਨੇ ਔਰਤ ਵਰਗ ਦੇ ਸਨਮਾਨ ਅਤੇ ਸਮਾਜ ਵਿਚ ਉਨ੍ਹਾਂ ਦੀ ਬਰਾਬਰੀ ਦੇ ਸਥਾਨ ਨੂੰ ਯਕੀਨੀ ਬਣਾਉਣ ਲਈ ਅਹਿਮ ਯੋਗਦਾਨ ਦਿੱਤਾ। ਲੋਕਾਂ ਨੂੰ ਡਾ. ਅੰਬੇਡਕਰ ਦੇ ਦੱਸੇ ਮਾਰਗ ‘ਤੇ ਚਲਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਸ. ਬਾਦਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਜਾਤ, ਰੰਗ ਅਤੇ ਨਸਲ ਵਰਗੀਆਂ ਤੁੱਛ ਗੱਲਾਂ ਤੋਂ ਉਪਰ ਉੱਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਬਰਾਬਰੀ ਹਾਸਲ ਕਰਨ ਲਈ ਸਮਰਪਿਤ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਡਾ. ਅੰਬੇਡਕਰ ਦੀ ਵਿਚਾਰਧਾਰਾ ਦੇ ਅਨੁਸਾਰ ਸੂਬਾ ਸਰਕਾਰ ਨੇ ਗਰੀਬ ਅਤੇ ਹੁਸ਼ਿਆਰ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਮੈਰੀਟੋਰੀਅਸ ਸਕੂਲ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦਾ ਮਕਸਦ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦੇ ਕੇ ਉਨ੍ਹਾਂ ਦੀ ਸਮਰਥਾ ਨੂੰ ਵਧਾਉਣਾ ਹੈ। ਸ. ਬਾਦਲ ਨੇ ਕਿਹਾ ਕਿ ਇਹ ਸਕੂਲ ਸਮੇਂ ਦੀ ਮੰਗ ਸਨ ਜੋ ਕਿ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਬਹੁਤ ਜ਼ਿਆਦਾ ਲਾਭਕਾਰੀ ਹੋ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਲੀਹੋਂ ਹੱਟਵੀਆਂ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਅਤੇ ਗੁਰੂ ਰਵਿਦਾਸ ਜੀ ਦੀ ਯਾਦਗਾਰ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਜੰਗੀ ਯਾਦਗਾਰ ਅਤੇ ਜਲੰਧਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਸਾਡੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਬਣਾਈਆਂ ਜਾ ਰਹੀਆਂ ਹਨ ਜੋ ਕਿ ਆਉਂਦੇ ਸਮੇਂ ਦੌਰਾਨ ਲੋਕਾਂ ਨੂੰ ਸਮਰਪਿਤ ਕਰ ਦਿੱਤੀਆਂ ਜਾਣਗੀਆਂ। ਸ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਪਾਬੰਦ ਹੈ ਅਤੇ ਇਸ ਕਾਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਸੂਬਾ ਸਰਕਾਰ ਵੱਲੋਂ ਕੀਤੀਆਂ ਗਈਆਂ ਲੀਹੋਂ ਹੱਟਵੀਆਂ ਪਹਿਲਕਦਮੀਆਂ ਨੂੰ ਗਿਣਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਦੀਆਂ ਨਿੱਗਰ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਪੰਜਾਬ ਵਾਧੂ ਬਿਜਲੀ ਵਾਲਾ ਦੇਸ਼ ਦਾ ਇਕੋ-ਇੱਕ ਸੂਬਾ ਬਣ ਗਿਆ ਹੈ। ਇਸੇ ਤਰ੍ਹਾਂ ਹੀ ਪੰਜਾਬ ਇਸ ਸਮੇਂ ਸਿੱਖਿਆ ਦੇ ਖੇਤਰ ਵਿਚ ਦੇਸ਼ ਵਿੱਚ ਅੱਗੇ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਸਮੁੱਚੇ ਉੱਤਰੀ ਖਿੱਤੇ ਵਿਚ ਸਿੱਖਿਆ ਦੇ ਧੂਰੇ ਵਜੋਂ ਉਭਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੀ ਪ੍ਰਾਥਮਿਕਤਾ ਸੂਬੇ ਦਾ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣਾ ਹੈ। ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿਚ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਡਾ. ਅੰਬੇਡਕਰ ਦਾ 125ਵਾਂ ਜਨਮ ਵਰ੍ਹਾ ਵਿਲੱਖਣ ਢੰਗ ਨਾਲ ਮਨਾਉਣ ਦੀਆਂ ਕੋਸ਼ਿਸ਼ਾਂ ਲਈ ਮੁੱਖ ਮੰਤਰੀ ਦੀ ਪ੍ਰਸੰਸ਼ਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾ ਕੇ ਡਾ. ਅੰਬੇਡਕਰ ਦੇ ਕਦਮਾਂ ਉੱਤੇ ਚਲ ਰਹੀ ਹੈ। ਸ੍ਰੀਮਤੀ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਠੋਸ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਪੰਜਾਬ ਇਸ ਸਮੇਂ ਸਿੱਖਿਆ ਦੇ ਖੇਤਰ ਵਿਚ ਦੇਸ਼ ਭਰ ਵਿੱਚ ਮੋਹਰੀ ਹੈ।
ਡਾ. ਅੰਬੇਡਕਰ ਦੇ ਮਹਿਲਾ ਸਸ਼ਕਤੀਕਰਨ ਲਈ ਵਿਲੱਖਣ ਯੋਗਦਾਨ ਨੂੰ ਯਾਦ ਕਰਦੇ ਹੋਏ ਸ੍ਰੀਮਤੀ ਬਾਦਲ ਨੇ ਕਿਹਾ ਕਿ ਬਾਬਾ ਸਾਹਿਬ ਨੇ ਉਸ ਸਮੇਂ ਔਰਤਾਂ ਅਤੇ ਦੱਬੇ-ਕੁਚਲੇ ਵਰਗਾਂ ਦੇ ਹੱਕ ਵਿਚ ਆਵਾਜ਼ ਉਠਾਈ ਜਦੋਂ ਉਨ੍ਹਾਂ ਦਾ ਸੋਸ਼ਣ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਨੂੰ ਅਪਮਾਣਤ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਕਮਜ਼ੋਰ ਵਰਗਾਂ ਦਾ ਉਥਾਣ ਹੀ ਡਾ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਸ੍ਰੀਮਤੀ ਬਾਦਲ ਨੇ ਕਿਹਾ ਕਿ ਦੇਸ਼ ਅਤੇ ਦੇਸ਼ ਦੇ ਲੋਕਾਂ ਲਈ ਡਾ. ਅੰਬੇਡਕਰ ਵੱਲੋਂ ਦਿੱਤੇ ਗਏ ਸ਼ਾਨਦਾਰ ਯੋਗਦਾਨ ਕਰਕੇ ਉਨ੍ਹਾਂ ਨੂੰ ਕੋਈ ਵੀ ਭੁਲਾ ਨਹੀਂ ਸਕਦਾ ਹੈ। ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਡਾ. ਅੰਬੇਡਕਰ ਦੇ ਸਿੱਖਿਆ ਦੇ ਨਜ਼ਰੀਏ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਬਾਨੀ ਨੇ ਸਾਰਿਆਂ ਦੀ ਮਿਆਰੀ ਸਿੱਖਿਆ ਉੱਤੇ ਜ਼ੋਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਕਿਸੇ ਵੀ ਖਾਸ ਭਾਈਚਾਰੇ ਵਿਰੁੱਧ ਲੜਾਈ ਨਹੀਂ ਕੀਤੀ ਸਗੋਂ ਉਨ੍ਹਾਂ ਦੀ ਲੜਾਈ ਜਾਤ-ਪਾਤ ਦੀ ਲਾਹਨਤ ਵਿਰੁੱਧ ਸੀ। ਡਾ. ਅਟਵਾਲ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਦਿੱਤੀਆਂ ਗਈਆਂ ਮਹਾਨ ਸੇਵਾਵਾਂ ਮਾਓ, ਲੈਨਿਨ, ਡਾ. ਮਾਰਟਿਨ ਲੁਥਰ ਕਿੰਗ, ਨੈਲਸਨ ਮੰਡੇਲਾ ਅਤੇ ਹੋਰਨਾਂ ਸਖ਼ਸ਼ੀਅਤਾਂ ਤੋਂ ਘੱਟ ਨਹੀਂ ਸਨ।
ਪੰਜਾਬ ਰਾਜ ਅਨੁਸੂਚਿਤ ਜਾਤਾਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਇਸ ਇਤਿਹਾਸਕ ਦਿਵਸ ਨੂੰ ਮਨਾਉਣ ਲਈ ਮੁੱਖ ਮੰਤਰੀ ਦੀ ਸਰਾਹਨਾ ਕੀਤੀ ਜਿਨ੍ਹਾਂ ਨੇ ਸੂਬੇ ਭਰ ਵਿਚ ਉਨ੍ਹਾਂ ਦੇ 125ਵੇਂ ਜਨਮ ਦਿਹਾੜੇ ‘ਤੇ ਛੇ ਰਾਸ਼ਟਰੀ ਸੈਮੀਨਾਰ ਆਯੋਜਿਤ ਕਰਨ ਦਾ ਪ੍ਰੋਗਰਾਮ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸੈਮੀਨਾਰ ਡਾ. ਅੰਬੇਡਕਰ ਵੱਲੋਂ ਦੇਸ਼ ਨੂੰ ਦਿੱਤੀਆਂ ਗਈਆਂ ਮਹਾਨ ਸੇਵਾਵਾਂ ਦੇ ਪ੍ਰਚਾਰ ਲਈ ਚਾਨਣ ਮੁਨਾਰਾ ਸਾਬਤ ਹੋਣਗੇ। ਸ੍ਰੀ ਬਾਘਾ ਨੇ ਕਿਹਾ ਕਿ ਇਹ ਸੈਮੀਨਾਰ ਲੋਕਾਂ ਵਿਚ ਖਾਸਕਰ ਨੌਜਵਾਨਾਂ ਵਿਚ ਇੱਕ ਨਵੀਂ ਜਾਗਰੁਕਤਾ ਪੈਦਾ ਕਰਨਗੇ। ਇਸ ਮੌਕੇ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੇ ਮੰਚ ਦੀ ਕਾਰਵਾਈ ਚਲਾਈ। ਇਸ ਮੌਕੇ ਹਾਜ਼ਰ ਹੋਰਨਾਂ ਵਿਚ ਵਿਧਾਇਕ ਸ੍ਰੀ ਦਰਸ਼ਨ ਸਿੰਘ ਕੋਟਫੱਤਾ, ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਐਸ.ਐਸ.ਪੀ ਸਵਪਨ ਸ਼ਰਮਾ, ਵਾਈਸ ਚਾਂਸਲਰ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਡਾ. ਐਮ.ਪੀ. ਸਿੰਘ ਇਸ਼ਰ ਅਤੇ ਚਾਂਸਲਰ ਆਦੇਸ਼ ਯੂਨੀਵਰਸਿਟੀ ਐਚ.ਐਸ. ਗਿੱਲ ਸ਼ਾਮਲ ਸਨ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply