
ਬਠਿੰਡਾ, 10 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਜ਼ਿਲਖ਼ੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਪਿੰਡਾਂ ਤਲਵੰਡੀ ਸਾਬੋ, ਸੰਗਤ, ਰਾਮਾਂ, ਭਾਗੀਵਾਂਦਰ ਦੀਆਂ ਮੰਡੀਆਂ ਦਾ ਦੌਰਾ ਕਰਕੇ ਮੰਡੀਆਂ ਵਿੱਚ ਮੌਜੂਦ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਦੇ ਨੁਮਾਇੰਦਿਆਂ ਪਾਸੋਂ ਚੱਲ ਰਹੀ ਖਰੀਦ, ਚੁਕਾਈ ਅਤੇ ਮੁਢਲੀਆਂ ਸਹੂਲਤਾਂ ਦੀ ਜਾਣਕਾਰੀ ਹਾਸਲ ਕੀਤੀ।ਮੰਡੀਆਂ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਗਰਗ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਖਰੀਦ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਉਨਾਂ ਨੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਖਰੀਦ, ਚੁਕਾਈ ਅਤੇ ਹੋਰ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਿਸ ‘ਤੇ ਸਾਰਿਆਂ ਨੇ ਤਸੱਲੀ ਦਾ ਪ੍ਰਗਟਾਵਾ ਕੀਤਾ।ਇਕ ਸਵਾਲ ਦੇ ਜੁਆਬ ਵਿੱਚ ਡਾ. ਗਰਗ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ ਕੁਲ 25000 ਮੀਟਰਕ ਟਨ ਦੇ ਕਰੀਬ ਝੋਨੇ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 19000 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਖਰੀਦੇ ਝੋਨੇ ਦੀ ਚੁਕਾਈ ਵੀ ਨਾਲੋ-ਨਾਲ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਨਿਰਧਾਰਤ ਮਾਪਦੰਡਾਂ ‘ਤੇ ਖਰਾ ਉਤਰਦਾ ਸੁੱਕਾ ਝੋਨਾ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਕਿ ਫਸਲ ਨੂੰ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਜਾਂ ਆੜਤੀ ਨੂੰ ਕੋਈ ਪ੍ਰੇਸ਼ਾਨੀ ਪੇਸ਼ ਆਵੇ ਤਾਂ ਸਾਹਮਣਾ ਕਰਨਾ ਪੈਂਦਾ ਹੈ ਤਾਂ ਤੁਰੰਤ ਸਬੰਧਤ ਅਧਿਕਾਰੀ ਜਾਂ ਉਨਾਂ ਦੇ ਦਫ਼ਤਰ ਨਾਲ ਤਾਲਮੇਲ ਕਰਕੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਸਕਦਾ ਹੈ।ਇਸ ਮੌਕੇ ਐਸ.ਡੀ.ਐਮ ਤਲਵੰਡੀ ਸਾਬੋ ਵਰਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।
Punjab Post Daily Online Newspaper & Print Media