
ਅੰਮ੍ਰਿਤਸਰ, 10 ਅਕਤੂਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸਕੂਲੀ ਬੱਚਿਆਂ ਦੇ ਰਾਗਾਂ ‘ਤੇ ਆਧਾਰਿਤ ਸ਼ਬਦ ਕੀਰਤਨ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਪੰਜਾਬ ਭਰ ਤੋਂ 31 ਸਕੂਲਾਂ ਦੇ 186 ਬੱਚਿਆਂ ਨੇ ਹਿੱਸਾ ਲਿਆ।ਕੀਰਤਨੀ ਜਥੇ ਵਿੱਚ ਛੇ ਮੈਂਬਰਾਂ ਦਾ ਹੋਣਾ ਲਾਜ਼ਮੀ ਸੀ ਤੇ ਹਰੇਕ ਜਥੇ ਨੂੰ ਤਕਰੀਬਨ 10 ਮਿੰਟ ਦਾ ਸਮਾਂ ਦਿੱਤਾ ਗਿਆ।
ਸਕੂਲੀ ਬੱਚਿਆਂ ਦੇ ਕੀਰਤਨੀ ਜਥਿਆਂ ਵੱਲੋਂ ਕੀਰਤਨ ਕਰਨ ਸਮੇਂ ਸ਼ਬਦ ਗਿਆਨ ਤੇ ਰਾਗ ਦੀ ਸੂਜ ਨੂੰ ਪਰਖਣ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ, ਡਾ. ਜਤਿੰਦਰ ਸਿੰਘ ਤੇ ਪ੍ਰੋ. ਪੁਸ਼ਪਿੰਦਰ ਕੌਰ ਨੇ ਬਤੌਰ ਜੱਜ ਦੀ ਸੇਵਾ ਨਿਭਾਈ।ਸਮੁੱਚੇ ਪ੍ਰੋਗਰਾਮ ਦੀ ਨਿਗਰਾਨੀ ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਕੀਤੀ।ਕੀਰਤਨ ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ 17 ਅਕਤੂਬਰ ਪ੍ਰਕਾਸ਼-ਪੁਰਬ ਵਾਲੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਜਾਵੇਗਾ।ਇਸ ਸਮੇਂ ਜਸਪਾਲ ਸਿੰਘ ਪ੍ਰਚਾਰਕ ਨੇ ਸਟੇਜ ਦੀ ਸੇਵਾ ਨਿਭਾਈ।ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਅਕਤੂਬਰ ਨੂੰ ਭਾਈ ਗੁਰਦਾਸ ਹਾਲ ਨੇੜੇ ਟਾਊਨ ਹਾਲ ਵਿਖੇ ਸਕੂਲੀ ਬੱਚਿਆਂ ਦਾ ਕੁਇਜ਼ ਮੁਕਾਬਲਾ ਕਰਵਾਇਆ ਜਾਵੇਗਾ। ਇਸ ਮੌਕੇ ਕਾਬਲ ਸਿੰਘ ਸੁਪਰਵਾਈਜ਼ਰ, ਗੁਰਭੇਜ ਸਿੰਘ ਖਜ਼ਾਨਚੀ, ਬੀਬੀ ਰਣਜੀਤ ਕੌਰ, ਬੀਬੀ ਕਿਰਨਦੀਪ ਕੌਰ, ਬੀਬੀ ਗੁਰਮੀਤ ਕੌਰ ਤੇ ਬੀਬੀ ਪਰਮੀਤ ਕੌਰ ਰੀਸਰਚ ਸਕਾਲਰ ਦੇ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ਼ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Punjab Post Daily Online Newspaper & Print Media