ਸਫਾਈ ਵੇਲੇ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਦਾ ਖਾਸ ਖਿਆਲ ਰੱਖਿਆ ਜਾਵੇ
ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ ਸੱਗੂ)- ਸਫਾਈ ਕਰਮਚਾਰੀਆਂ ਦੇ ਰਾਸ਼ਟਰੀ ਕਮਿਸ਼ਨ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਫਾਈ ਕਰਮਚਾਰੀਆਂ ਤੇ ਸੀਵਰਮੈਨ ਦੀ ਸੁਰੱਖਿਆ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਵੇ ਅਤੇ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਬਣੇ ਕਾਨੂੰਨਾਂ ਨੂੰ ਹੇਠਲੇ ਪੱਧਰ ਤੱਕ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫਤਰ ਵਿਖੇ ਸਫਾਈ ਕਰਮਚਾਰੀਆਂ ਦੇ ਹੱਕਾਂ ਤੇ ਉਨ੍ਹਾਂ ਬਾਰੇ ਬਣੇ ਕਾਨੂੰਨਾਂ ਦੀ ਜਾਣਕਾਰੀ ਦੇਣ ਲਈ ਨੈਸ਼ਨਲ ਕਮਿਸ਼ਨਰ ਫਾਰ ਸਫਾਈ ਕਮਿਸ਼ਨ ਦੇ ਸਕੱਤਰ ਸ੍ਰੀ ਟੀ.ਐੱਸ. ਮੀਨਾ ਵੱਲੋਂ ਨਗਰ ਨਿਗਮ ਅਧਿਕਾਰੀਆਂ, ਕੌਂਸਲਰ ਸਾਹਿਬਾਨ ਅਤੇ ਸਫਾਈ ਯੂਨੀਅਨ ਦੇ ਆਗੂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ, ਨਗਰ ਨਿਗਮ ਦੇ ਕਮਿਸ਼ਨਰ ਸੋਨਾਲੀ ਗਿਰੀ, ਸੌਰਬ ਅਰੋੜਾ, ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਰਾਸ਼ਟਰੀ ਸਫਾਈ ਕਮਿਸ਼ਨ ਦੇ ਸਕੱਤਰ ਸ੍ਰੀ ਮੀਨਾ ਨੇ ਕਿਹਾ ਕਿ ਕਮਿਸ਼ਨ ਸਫਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਜੇਕਰ ਕਿਸੇ ਸਫਾਈ ਕਰਮਚਾਰੀ ਨੂੰ ਉਸਦੇ ਬਣਦੇ ਹੱਕ ਨਹੀਂ ਮਿਲਦੇ ਤਾਂ ਉਹ ਉਸਦੀ ਸ਼ਿਕਾਇਤ ਰਾਸ਼ਟਰੀ ਸਫਾਈ ਕਮਿਸ਼ਨ ਕੋਲ ਕਰ ਸਕਦਾ ਹੈ। ਸ੍ਰੀ ਮੀਨਾ ਨੇ ਸਫਾਈ ਕਰਮਚਾਰੀਆਂ ਦੇ ਹੱਕ ਵਿੱਚ ਬਣੇ ਵੱਖ-ਵੱਖ ਕਾਨੂੰਨਾਂ ਅਤੇ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਜਾਣਕਾਰੀ ਦਿੰਦੇ ਹੋਏ ਮੀਟਿੰਗ ਵਿੱਚ ਹਾਜ਼ਰ ਸਾਰੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਫਾਈ ਕਰਮਚਾਰੀਆਂ ਦੇ ਹੱਕਾਂ ਤੇ ਹਿੱਤਾਂ ਨੂੰ ਅਣਗੌਲਿਆਂ ਨਾ ਕਰਨ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਸਾਡੇ ਆਲੇ-ਦੁਆਲੇ ਨੂੰ ਸਾਫ-ਸੁਥਰਾ ਰੱਖਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਂਦੇ ਹਨ ਅਤੇ ਅਧਿਕਾਰੀਆਂ ਦਾ ਇਹ ਫਰਜ ਬਣਦਾ ਹੈ ਕਿ ਉਨ੍ਹਾਂ ਦੇ ਹੱਕ ਜਾਂ ਸਹੂਲਤਾਂ ਬਿਨਾਂ ਕਿਸੇ ਦੇਰੀ ਦਿੱਤੀਆਂ ਜਾਣ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਦੋ ਮਹੀਨੇ ਦੇ ਅਰਸੇ ਦੌਰਾਨ ਵਿਸ਼ੇਸ਼ ਕੈਂਪ ਲਗਾ ਕੇ ਸਾਰੇ ਸਫਾਈ ਕਰਮਚਾਰੀਆਂ ਦੀ ਡਾਕਟਰੀ ਜਾਂਚ ਕੀਤੀ ਜਾਵੇ ਅਤੇ ਲੋੜ ਪੈਣ ‘ਤੇ ਮੁਫਤ ਦਵਾਈਆਂ ਦਿੱਤੀਆਂ ਜਾਣ।
ਸਕੱਤਰ ਸ੍ਰੀ ਮੀਨਾ ਨੇ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਸਫਾਈ ਕਰਮਚਾਰੀ ਨੂੰ ਸਫਾਈ ਕਰਨ ਵਾਲਾ ਸਾਜੋ ਸਮਾਨ ਮਹੁੱਈਆ ਕਰਾਉਣ ਦੇ ਨਾਲ ਉਨਾਂ ਲਈ ਦਸਤਾਨੇ, ਮਾਸਕ, ਬੂਟ ਅਤੇ ਜੈਕਟਾਂ ਵੀ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਸੀਵਰਮੈਨ ਕੋਲੋਂ ਸੀਵਰੇਜ ਦੀ ਸਫਾਈ ਕਰਾਉਣ ਤੋਂ ਪਹਿਲਾਂ ਉਸਨੂੰ ਉਸਦੀ ਸੁਰੱਖਿਆ ਦਾ ਸਾਰਾ ਸਮਾਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਸੀਵਰਮੈਨ ਨੂੰ ਬਿਨਾਂ ਸੁਰੱਖਿਆ ਸਮਾਨ ਦੇ ਸੀਵਰੇਜ ਸਾਫ ਕਰਨ ਲਈ ਮਜਬੂਰ ਕਰਦਾ ਹੈ ਤਾਂ ਇਹ ਕਾਨੂੰਨਣ ਅਪਰਾਧ ਹੈ, ਜਿਸ ਤਹਿਤ ਅਜਿਹਾ ਕਰਨ ਵਾਲੇ ਖਿਲਾਫ ਸਖਤ ਕਾਰਵਾਈ ਹੋ ਸਕਦੀ ਹੈ।
ਸ੍ਰੀ ਮੀਨਾ ਨੇ ਦੱਸਿਆ ਕਿ ਜੇਕਰ ਕਿਸੇ ਸਫਾਈ ਕਰਮਚਾਰੀ ਦੀ ਜਾਂ ਸੀਵਰਮੈਨ ਦੀ ਸਫਾਈ ਕਰਦੇ ਮੌਤ ਹੋ ਜਾਂਦੀ ਹੈ ਤਾਂ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਹਨ ਕਿ ਮਰਨ ਵਾਲੇ ਸਫਾਈ ਕਰਮੀ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜਾ ਤੁਰੰਤ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿਹਾ ਕਿ ਸੰਨ 1993 ਤੋਂ ਲੈ ਕੇ ਹੁਣ ਤੱਕ ਜਿਨ੍ਹਾਂ ਵੀ ਸਫਾਈ ਕਰਮਚਾਰੀਆਂ ਜਾਂ ਸੀਵਰਮੈਨ ਦੀ ਸਫਾਈ ਕਰਦੇ ਸਮੇਂ ਹਾਦਸਿਆਂ ਵਿੱਚ ਮੌਤ ਹੋਈ ਹੈ ਦੀਆਂ ਲਿਸਟਾਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜਾ ਦਿੱਤਾ ਜਾ ਸਕੇ। ਸ੍ਰੀ ਮੀਨਾ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਉਨ੍ਹਾਂ ਦਾ ਨਿਰਧਾਰਤ ਮਿਹਨਤਾਨਾ ਤੇ ਤਨਖਾਹ ਬਿਨਾ ਕਿਸੇ ਦੇਰੀ ਪੂਰੀ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਠੇਕੇਦਾਰ ਸਫਾਈ ਕਰਮੀਆਂ ਨੂੰ ਘੱਟ ਤਨਖਾਹ ਦਿੰਦਾ ਫੜਿਆ ਗਿਆ ਤਾਂ ਉਸ ਖਿਲਾਫ ਕਮਿਸ਼ਨ ਸਖਤ ਕਾਰਵਾਈ ਕਰੇਗਾ। ਉਨ੍ਹਾਂ ਨੇ ਸਹਾਇਕ ਲੇਬਰ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਸਾਰੇ ਕਰਮਚਾਰੀਆਂ ਨੂੰ ਮਿਲਦੀ ਤਨਖਾਹ ਦੀ ਰਿਪੋਰਟ ਬਣਾ ਕੇ ਕਮਿਸ਼ਨ ਕੋਲ ਜਮ੍ਹਾਂ ਕਰਾਈ ਜਾਵੇ। ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਕਮਿਸ਼ਨ ਉਨਾਂ ਦੇ ਹੱਕਾਂ ਤੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਜੇਕਰ ਸਫਾਈ ਕਰਮਚਾਰੀਆਂ ਨੂੰ ਮੁਸ਼ਕਲ ਆਉਂਦੀ ਹੈ ਤਾਂ ਉਹ ਨਿਰਸੰਕੋਚ ਰਾਸ਼ਟਰੀ ਸਫਾਈ ਕਮਿਸ਼ਨ ਕੋਲ ਪਹੁੰਚ ਕਰ ਸਕਦੇ ਹਨ।
ਮੀਟਿੰਗ ਦੌਰਾਨ ਨਗਰ ਨਿਗਮ ਕਮਿਸ਼ਨਰ ਸੋਨਾਲੀ ਗਿਰੀ ਨੇ ਸਫਾਈ ਕਰਮਚਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਕੌਂਸਲਰ ਸਾਹਿਬਾਨ ਅਤੇ ਸਫਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
Punjab Post Daily Online Newspaper & Print Media