ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਨੂੰ ਸੁਚੱਜੇ ਅਤੇ ਸਫ਼ਲਤਾ ਪੂਰਵਕ ਢੰਗ ਨਾਲ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪਠਾਨਕੋਟ ਲਈ ਨਿਯੁੱਕਤ ਕੀਤੇ ਅਬਜਰਵਰ ਸ਼੍ਰੀ ਅਨੁਰਾਗ ਅਗਰਵਾਲ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਨੇ ਅੱਜ ਕਾਨਵਾਂ ਅਤੇ ਤਾਰਾਗੜ੍ਹ ਮੰਡੀ ਦਾ ਵਿਸ਼ੇਸ਼ ਦੌਰਾ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ ਮੌਕੇ ਸਰਵਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ, ਮੰਗਲ ਦਾਸ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਅਧਿਕਾਰੀ ਵੀ ਉਨ੍ਹਾਂ ਨਾਲ ਸਨ।
ਸ਼੍ਰੀ ਅਗਰਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ‘ਤੇ ਤਲਸੀ ਪ੍ਰਗਟ ਕਰਦਿਆਂ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਉਣ ਦੇਣ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਅਤੇ ਚੁਕਾਈ ਨਿਰਧਾਰਤ ਸਮੇਂ ਵਿੱਚ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਝੋਨਾ ਸੁੱਕਾਅ ਕੇ ਅਤੇ ਸਾਫ਼ ਸੁਥਰਾ ਲਿਆਉਣ ਤਾਂ ਜ਼ੋ ਉਨ੍ਹਾਂ ਨੂੰ ਮੰਡੀਆਂ ਵਿੱਚ ਜਿਆਦਾ ਦੇਰ ਨਾ ਰੁਕਣਾ ਪਵੇ।
ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 17 ਅਕਤੂਬਰ ਤੱਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 11821 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜਿਸ ਵਿੱਚੋਂ ਪਨਗ੍ਰੇਨ ਨੇ 2337 ਮੀਟਰਿਕ ਟਨ, ਮਾਰਕਫੈਡ ਨੇ 1006 ਮੀਟਰਿਕ ਟਨ, ਪਨਸਪ ਨੇ 3188 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 2600 ਮੀਟ੍ਰਿਕ ਟਨ ਅਤੇ ਪੰਜਾਬ ਐਗਰੋ ਨੇ 2690 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ 5228 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਝੋਨੇ ਦੀ ਚੁਕਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ 10.38 ਕਰੋੜ ਰੁਪਏ ਦੀ ਅਦਾਇਗੀ ਵਿਚੋਂ 6.44 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਇਸ ਸੀਜਨ ਦੌਰਾਨ ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 50000 ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media