Sunday, March 15, 2026

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵਲੋਂ ਭਗਤਾ ਭਾਈਕਾ ਵਿੱਚ ਸੰਗਤ ਦਰਸ਼ਨ

ppn2010201603

ਬਠਿੰਡਾ (ਭਗਤਾ ਭਾਈਕਾ), 20 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਲੋਕ ਮਸਲਿਆਂ ਦੀ ਸੁਣਵਾਈ ਕਰਦਿਆਂ ਆਈਆਂ 130 ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ।ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ. ਗੁਰਪ੍ਰੀਤ ਸਿੰਘ ਮਲੂਕਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸੰਗਤ ਦਰਸ਼ਨ ਦੌਰਾਨ ਸ. ਸਿਕੰਦਰ ਸਿੰਘ ਮਲੂਕਾ ਨੇ ਲੋਕਾਂ ਵਲੋਂ ਰੱਖੇ ਮਸਲਿਆਂ ਨੂੰ ਗਹੁ ਨਾਲ ਸੁਣਦਿਆਂ ਵਿਭਾਗਾਂ ਜਿਨ੍ਹਾਂ ਵਿਚ ਪਾਵਰਕੌਮ, ਸਿਹਤ ਵਿਭਾਗ, ਖੁਰਾਕ ਸਪਲਾਈ, ਸਮਾਜਿਕ ਸੁਰੱਖਿਆ, ਸਿੱਖਿਆ, ਲੋਕ ਨਿਰਮਾਣ, ਵਾਟਰ ਸਪਲਾਈ, ਪੰਜਾਬ ਪੁਲਿਸ, ਮਾਲ, ਪੰਚਾਇਤਾਂ ਆਦਿ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੋ ਮਸਲੇ ਤਕਨੀਕੀ ਕਾਰਣਾਂ ਕਾਰਨ ਰਹਿ ਗਏ ਹਨ ਉਨ੍ਹਾਂ ‘ਤੇ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆ ਕੇ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਲੋਕ ਮਸਲਿਆਂ ਦੇ ਢੁਕਵੇਂ ਅਤੇ ਸਮਾਂਬੱਧ ਹੱਲ ਨੂੰ ਤਰਜ਼ੀਹ ਦੇਣ ਤਾਂ ਜੋ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕੱਢਿਆ ਜਾ ਸਕੇ।
ਇਸ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਮਲੂਕਾ ਨੇ ਕਿਹਾ ਕਿ ਸੰਗਤ ਦਰਸ਼ਨ ਪ੍ਰੋਗਰਾਮ ਦਾ ਇੱਕੋ-ਇੱਕ ਮਕਸਦ ਲੋਕਾਂ ਦੇ ਕੰਮਾਂ ਦਾ ਜਲਦ ਤੋਂ ਜਲਦ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਨਿਬੇੜਾ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਆਪਣੇ ਰੋਜ਼ਮਰਾ ਦੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣਾ ਨਾ ਪਵੇ।ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ. ਗੁਰਪ੍ਰੀਤ ਸਿੰਘ ਮਲੂਕਾ ਨੇ 21 ਲਾਭਪਾਤਰੀਆਂ ਨੂੰ ਸ਼ਗਨ ਸਕੀਮ ਤਹਿਤ ਚੈਕ ਵੀ ਤਕਸੀਮ ਕੀਤੇ।ਸੰਗਤ ਦਰਸ਼ਨ ਦੌਰਾਨ ਭਗਤਾ ਭਾਈਕਾ, ਮਲੂਕਾ, ਦਿਆਲਪੁਰਾ ਮਿਰਜ਼ਾ, ਸਿਰੀਏਵਾਲਾ, ਕੋਠਾਗੁਰੂ, ਹਮੀਰਗੜ੍ਹ, ਕਾਂਗੜ, ਸੁਰਜੀਤਪੁਰਾ, ਢਿਪਾਲੀ ਆਦਿ ਪਿੰਡਾਂ ਦੇ ਲੋਕਾਂ ਵਲੋਂ ਰੱਖੇ ਮਸਲੇ ਹੱਲ ਕੀਤੇ ਗਏ। ਉਪ ਮੰਡਲ ਮੈਜਿਸਟ੍ਰੇਟ ਨਰਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਇਸ ਮੌਕੇ ਮੌਜੂਦ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply