ਬਠਿੰਡਾ, 30
ਮਈ (ਜਸਵਿੰਦਰ ਸਿੰਘ ਜੱਸੀ)- ਧਾਰਾ 370 ਦੇ ਮੁੱਦੇ ਦੇ ਸਰਬਪ੍ਰਵਾਨਤ ਹੱਲ ਦੀ ਵਕਾਲਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਜਿਹੇ ਮੁੱਦਿਆਂ ‘ਤੇ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਦੇਸ਼ ਦੀਆਂ ਸਾਰੀਆਂ ਸਿਆਸੀਆਂ ਪਾਰਟੀਆਂ ਨੂੰ ਭਰੋਸੇ ਵਿੱਚ ਲੈਣਾਂ ਚਾਹੀਦਾ ਹੈ। ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਮੁੱਦਿਆਂ ਉੱਪਰ ਕੋਈ ਵੀ ਫੈਸਲਾ ਜਲਦਬਾਜ਼ੀ ਵਿੱਚ ਨਹੀਂ ਲੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਗੇ ਤਜ਼ਰਬੇਕਾਰ ਅਤੇ ਦੂਰਅੰਦੇਸ਼ੀ ਆਗੂ ਨੂੰ ਜਿਹੇ ਮਸਲੇ ‘ਤੇ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਦੇਸ਼ ਦੀ ਸਾਰੀ ਸਿਆਸੀ ਲੀਡਰਸ਼ਿਪ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਮੋਦੀ ਵੱਲੋਂ ਵਿਦੇਸ਼ੀ ਬੈਂਕਾਂ ਵਿੱਚ ਪਿਆ ਕਾਲਾ ਧੰਨ ਵਾਪਸ ਲਿਆਉਣ ਲਈ ਵਿਸ਼ੇਸ਼ ਜਾਂਚ ਟੀਮ ਐਸ.ਆਈ.ਟੀ ) ਦੇ ਗਠਨ ਸਬੰਧੀ ਕੀਤਾ ਗਿਆ ਪਹਿਲਾ ਫੈਸਲਾ ਹੀ ਇਹ ਸਾਬਤ ਕਰਦਾ ਹੈ ਕਿ ਉਹ ਦੇਸ਼ ਦੇ ਮੁੱਦਿਆਂ ਨੂੰ ਸੁਲਝਾਉਣ ਲਈ ਕਿੰਨੇ ਗੰਭੀਰ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਮੋਦੀ ਦੀ ਯੋਗ ਅਗਵਾਈ ਹੇਠ ਦੇਸ਼ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਮਿਸਾਲੀ ਤਰੱਕੀ ਕਰੇਗਾ।
ਸੂਬੇ ਵਿੱਚ ਨਸ਼ਿਆਂ ਦੇ ਜਾਲ ਨੂੰ ਤੋੜਨ ਲਈ ਕੇਂਦਰ ਸਰਕਾਰ ਤੋਂ ਪੂਰੀ ਸਹਾਇਤਾ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੋਂ ਪਾਰ ਤੋਂ ਆ ਰਹੇ ਨਸ਼ੇ ਨੂੰ ਰੋਕਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਹੱਦਾਂ ਦੀ ਰਾਖੀ ਕਰਨ ਵਾਲੀ ਸੀਮਾਂ ਸੁਰੱਖਿਆ ਬਲ ਅਤੇ ਹੋਰ ਏਜੰਸੀਆਂ ਸਿੱਧੇ ਤੌਰ ‘ਤੇ ਕੇਂਦਰ ਸਰਕਾਰ ਦੇ ਕੰਟਰੋਲ ਹੇਠ ਹਨ ਜਿਸ ਲਈ ਸੂਬਾ ਸਰਕਾਰ ਕੇਂਦਰ ਨੂੰ ਸਰਹੱਦਾਂ ‘ਤੇ ਗਸ਼ਤ ਵਧਾਉਣ ਦੀ ਅਪੀਲ ਕਰੇਗੀ ਤਾਂ ਜੋ ਸਰਹੱਦੋਂ ਪਾਰ ਤੋਂ ਆਉਣ ਵਾਲੀ ਨਸ਼ੇ ਦੀ ਸਪਲਾਈ ਨੂੰ ਠੱਲ੍ਹ ਪਾਈ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਆਈ.ਜੀ.ਰੈਂਕ ਦੇ ਇੱਕ ਅਫਸਰ ਤਹਿਤ ਇੱਕ ਸਪੈਸ਼ਲ ਸੈੱਲ ਦਾ ਗਠਨ ਕੀਤਾ ਹੈ ਜੋ ਨਸ਼ੇ ਦੇ ਤਸਕਰਾਂ ਵਿਰੁੱਧ ਕਾਰਵਾਈ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸੈੱਲ ਅਫਸਰਾਂ ਅਤੇ ਸਿਆਸੀ ਆਗੂਆਂ ਦੀ ਇਸ ਘਿਨੌਣੇ ਅਪਰਾਧ ਵਿੱਚ ਕਥਿਤ ਤੌਰ ‘ਤੇ ਸ਼ਮੂਲੀਅਤ ਨੂੰ ਵੀ ਘੋਖੇਗਾ। ਸ. ਬਾਦਲ ਨੇ ਕਿਹਾ ਕਿ ਇਸ ਸੈੱਲ ਦੇ ਗਠਨ ਕਰਨ ਦਾ ਇਕੋ-ਇਕ ਮੰਤਵ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੈ।
ਇਸ ਤੋਂ ਪਹਿਲਾਂ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਨਗਰੀ ਦੇ ਵਿਕਾਸ ਲਈ ਪੂਰੀ ਤਰ੍ਹਾਂ ਨਾਲ ਵਚਨਵੱਧ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਇਸ ਸ਼ਹਿਰ ਦੇ ਵਿਕਾਸ ‘ਤੇ 90 ਕਰੋੜ ਰੁਪਏ ਤੋਂ ਵੀ ਜ਼ਿਆਦਾ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਇਸ ਸ਼ਹਿਰ ਦੇ ਹਰ ਵਾਰਡ ਵਿੱਚ ਸੌ ਫੀਸਦੀ ਪਾਣੀ ਸਪਲਾਈ ਯਕੀਨੀ ਬਣਾਏਗੀ। ਸ਼੍ਰੋਮਣੀ ਅਕਾਲੀ ਦਲ -ਭਾਜਪਾ ਗੱਠਜੋੜ ਦੀਆਂ ਨੀਤੀਆਂ ਵਿੱਚ ਵਾਰ-ਵਾਰ ਭਰੋਸਾ ਪ੍ਰਗਟਾਉਣ ਲਈ ਲੋਕਾਂ ਦਾ ਧੰਨਵਾਦ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਦੇ ਕੇਂਦਰ ਸਰਕਾਰ ਵਿੱਚ ਅਹਿਮ ਵਜ਼ੀਰ ਬਣਨ ਦੇ ਨਾਲ ਸੂਬੇ ਦੇ ਵਿਕਾਸ ਕਾਰਜਾਂ ਨੂੰ ਹੋਰ ਵੀ ਹੁਲਾਰਾ ਮਿਲੇਗਾ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਮੁੱਖ ਸੰਸਦੀ ਸਕੱਤਰ ਐਨ.ਕੇ.ਸ਼ਰਮਾਂ, ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਸਿੱਧੂ, ਮੁੱਖ ਮੰੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ.ਜੇ.ਐਸ.ਚੀਮਾਂ ਅਤੇ ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਹਾਜ਼ਰ ਸਨ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media