Tuesday, February 24, 2026

ਖੇਤੀਬਾੜੀ, ਬਾਗਬਾਨ ਤੇ ਹੋਰ ਵਿਭਾਗਾਂ ਦੇ ਵੀ.ਡੀ.ਓ ਕਲਿੱਪ ਦਿਖਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ

ppn3110201606ਪਠਾਨਕੋਟ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਕਿਸਾਨੀ ਦੇ ਕਿੱਤੇ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਉਨ੍ਹਾਂ ਤੱਕ ਪਹੁੰਚਾਉਣ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਨਵਾਂ ਉਪਰਾਲਾ ਕਰਨ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ।ਜਿਸ ਤਹਿਤ ਖੇਤੀਬਾੜੀ ਅਤੇ ਖੇਤੀਬਾੜੀ ਨਾਲ ਸਬੰਧਤ ਵਿਭਾਗ ਆਪਸ ਵਿੱਚ ਮਿਲ ਕੇ ਇੱਕ ਐਲ.ਈ.ਡੀ ਵੈਨ ਰਾਹੀਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣਗੇ।ਇਹ ਵਿਚਾਰ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਿਲ੍ਹਾ ਅਧਿਕਾਰੀਆਂ ਨਾਲ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਇਸ ਐਲ.ਈ.ਡੀ ਵੈਨ ਰਾਹੀਂ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਅਤੇ ਲੋਕਾਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ, ਖੇਤੀਬਾੜੀ, ਬਾਗਬਾਨ ਅਤੇ ਹੋਰ ਵਿਭਾਗਾਂ ਦੇ ਮਾਹਿਰਾਂ ਦੀਆਂ ਵੀ.ਡੀ.ਓ ਕਲਿੱਪ ਦਿਖਾ ਕੇ ਜਾਗਰੂਕ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਦਫਤਰ ਤੋਂ ਬਾਹਰ ਨਿਕਲ ਕੇ ਫੀਲਡ ਵਿੱਚ ਜਾਇਜਾ ਕਰਨ ਅਤੇ ਕੋਈ ਵਧੀਆ ਕੰਮ ਕਰਨ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਅਧਿਕਾਰੀਆਂ ਨੂੰ ਵੀ ਪ੍ਰੋਗਰੈਸਿਵ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮਿਥੇ ਟੀਚੇ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਅਧੁਨਿਕ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਜਿਲ੍ਹਾ ਪੱਧਰ ਦਾ ਇੱਕ ਕਿਸਾਨ ਸਿਖਲਾਈ ਕੈਂਪ, ਬਲਾਕ ਪੱਧਰੀ 4 ਅਤੇ ਪਿੰਡ ਪੱਧਰੀ 80 ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭੌਂ ਪਰਖ ਲਈ ਮਿੱਟੀ ਦੇ 2989 ਸੈਂਪਲ ਲਏ ਗਏ ਅਤੇ 2170 ਸੈਂਪਲਾਂ ਦਾ ਪ੍ਰੀਖਣ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੁਆਲਟੀ ਕੰਟਰੋਲ ਤਹਿਤ ਖਾਦਾਂ ਦੇ 23 ਅਤੇ ਕੀੜੇਮਾਰ ਦਵਾਈਆਂ ਦੇ 20 ਸੈਂਪਲ ਲਏ ਗਏ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਖੇਤੀਬਾੜੀ ਨਾਲ ਸਬੰਧਤ ਵੱਖ ਵੱਖ ਵਿਭਾਗਾਂ ਬਾਗਬਾਨੀ, ਮੱਛੀ ਪਾਲਣ, ਪਸ਼ੂ ਪਾਲਣ, ਸਰਕਾਰੀ ਸੇਵਾਵਾਂ, ਭੂਮੀ ਰੱਖਿਆ ਆਦਿ ਦੇ ਅਧਿਕਾਰੀਆਂ ਵੱਲੋਂ ਜਿਲ੍ਹੇ ਅੰਦਰ ਕੀਤੀ ਗਈ ਪ੍ਰਗਤੀ ਦਾ ਜਾਇਜਾ ਲਿਆ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਗੁਰਸ਼ਰਨਜੀਤ ਸਿੰਘ ਵਣ ਮੰਡਲ ਅਫਸਰ, ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫਸਰ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਡਾ. ਜਤਿੰਦਰ ਕੁਮਾਰ ਬਾਗਬਾਨੀ ਅਫਸਰ, ਗੁਰਿੰਦਰ ਸਿੰਘ ਰੰਧਾਵਾ ਸਹਾਇਕ ਮੱਛੀ ਪਾਲਣ ਅਫਸਰ ਅਤੇ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਤੇ ਅਗਾਹ ਵਧੂ ਹਾਜਰ ਸਨ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …

Leave a Reply