ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ ਸੱਗੂ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ 12 ਨਵੰਬਰ ਨੂੰ ਜ਼ਿਲ੍ਹਾ ਕਚਹਿਰੀਆਂ ਤੋਂ ਇਲਾਵਾ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।ਇਸੇ ਤਰ੍ਹਾਂ ਜ਼ਿਲ੍ਹੇ ਦੇ ਸਾਰੇ ਉਪ ਮੰਡਲ ਮੈਜਿਸਟ੍ਰੇਟ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਜ਼ਿਲ੍ਹਾ ਮਾਲ ਅਫ਼ਸਰ ਅਤੇ ਤਹਿਸੀਲਦਾਰ ਵੱਖ-ਵੱਖ ਬੈਂਚ ਲਗਾ ਕੇ ਅਦਾਲਤ ਲਗਾਉਣਗੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕੌਮੀ ਲੋਕ ਅਦਾਲਤ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਸ੍ਰੀ ਸੰਧੂ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਦੌਰਾਨ ਕ੍ਰਿਮੀਨਲ ਕੌਮਪੋਨਡੇਬਲ ਕੇਸ, ਨੀਗੋਸ਼ੀਏਬਲ ਇੰਸਟਰੂਮੈਂਟ ਐਕਟ, ਐੱਸ.ਏ.ਸੀ.ਟੀ. ਕੇਸ, ਵਿਵਾਹਕ ਝਗੜੇ, ਲੇਬਰ ਸਬੰਧੀ ਝਗੜੇ, ਜ਼ਮੀਨੀ ਵਿਵਾਦ, ਹਰ ਤਰ੍ਹਾਂ ਦੇ ਸਿਵਲ ਕੇਸ, ਮਾਲ ਵਿਭਾਗ ਦੇ ਕੇਸ, ਮਨਰੇਗਾ ਨਾਲ ਸਬੰਧਤ ਕੇਸ, ਬਿਜਲੀ-ਪਾਣੀ ਬਿੱਲਾਂ ਨਾਲ ਸਬੰਧਤ ਕੇਸ, ਸੇਲ ਟੈਕਸ ਨਾਲ ਸਬੰਧਤ ਕੇਸ, ਆਮਦਨ ਕਰ, ਸਰਵਿਸ ਮੈਟਰ, ਫੌਰਸਿਟ ਐਕਟ ਕੇਸ, ਕੰਨਟੋਨਮੈਂਟ ਬੋਰਡ ਮੈਟਰ, ਰੇਲਵੇ ਕਲੇਮ, ਡਿਜ਼ਾਸਟਰ ਕੰਪਨਸ਼ੇਸ਼ਨ, ਹਰ ਤਰ੍ਹਾਂ ਦੀਆਂ ਅਪੀਲਾਂ ਆਦਿ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵੱਧ ਤੋਂ ਵੱਧ ਕੇਸ ਇਸ ਲੋਕ ਅਦਾਲਤ ਵਿਚ ਲਿਆ ਕੇ ਲੋਕਾਂ ਦੇ ਮਸਲੇ ਹੱਲ ਕਰਵਾਉਣ।
ਸੀ. ਜੇ. ਐਮ ਸ੍ਰੀਮਤੀ ਗਿਰੀਸ਼ ਬਾਂਸਲ ਨੇ ਇਸ ਮੌਕੇ ਕਿਹਾ ਕਿ ਲੋਕ ਅਦਾਲਤਾਂ ਛੇਤੀ, ਸਿੱਧਾ ਅਤੇ ਸਸਤਾ ਨਿਆਂ ਦੇਣ ਦਾ ਵੱਡਾ ਸਾਧਨ ਹਨ, ਜਿਨ੍ਹਾਂ ਰਾਹੀਂ ਲੰਬੇ ਸਮੇਂ ਤੋਂ ਚੱਲਦੇ ਕੇਸਾਂ ਦਾ ਫੌਰੀ ਨਿਪਟਾਰਾ ਹੋ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਝਗੜਿਆਂ ਦਾ ਨਿਪਟਾਰਾ ਕਰਨ ਲਈ ਲੋਕ ਅਦਾਲਤਾਂ ਵਿੱਚ ਪਹੁੰਚ ਕਰਕੇ ਲਾਭ ਉਠਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਸੰਧੂ, ਡੀ. ਟੀ. ਓ ਕੰਵਲਜੀਤ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਬਾਜ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media