Tuesday, March 17, 2026

ਰਾਜੀਵ ਪ੍ਰਤਾਪ ਰੂਡੀ ਅੰਮ੍ਰਿਤਸਰ ਵਿਖੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਉਦਘਾਟਨ

ppn1311201602

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ ਸੱਗੂ) – ਕੇਂਦਰੀ ਰਾਜ ਮੰਤਰੀ ਸ੍ਰੀ ਰਾਜੀਵ ਪ੍ਰਤਾਪ ਰੂਡੀ ਨੇ ਅੱਜ ਅੰਮ੍ਰਿਤਸਰ ਵਿਖੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਉਦਘਾਟਨ ਕਰਦਿਆਂ ਐਲਾਨ ਕੀਤਾ ਹੈ ਕਿ ਭਾਰਤ ਸਰਕਾਰ ਵੱਲੋਂ ਇਥੇ ਅੰਤਰਰਾਸ਼ਟਰੀ ਪੱਧਰ ਦੇ ਬਹੁ-ਪੱਖੀ ਹੁਨਰ ਵਿਕਾਸ ਕੇਂਦਰ ਸਥਾਪਤ ਕੀਤਾ ਗਿਆ ਹੈ।, ਜਿਸ ਨਾਲ ਇਕੱਲੇ ਅੰਮ੍ਰਿਤਸਰ ਨੂੰ ਹੀ ਨਹੀਂ ਸਗੋਂ ਵਿਸ਼ਵ ਦੀਆਂ ਕਈ ਵੱਡੀਆਂ ਸਨਅਤਾਂ ਨੂੰ ਉਦਯੋਗਿਕ ਕਾਮੇ ਮੁਹੱਈਆ ਹੋਣਗੇ ਅਤੇ ਲੱਖਾਂ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਇਸ ਤੋਂ ਇਲਾਵਾ ਅਗਲੇ ਦੋ ਸਾਲਾਂ ਵਿੱਚ ਪੰਜਾਬ ਦੇ ਦਿਹਾਤੀ ਖੇਤਰਾਂ ਵਿੱਚ 1000 ਹੁਨਰ ਵਿਕਾਸ ਕੇਂਦਰ ਖੋਲ੍ਹੇ ਜਾਣਗੇ।
ਅੱਜ ਸਥਾਨਕ ਟੈਕਸਟਾਈਲ ਕਾਲਜ ਟੈਕਨੋਲੋਜੀ ਵਿਖੇ ਬਹੁ-ਪੱਖੀ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ ਕਰਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਰੂਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਨਅਤੀ ਵਿਕਾਸ ਅਤੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਨੇ ਸੂਬੇ ਨੂੰ ਦੇਸ਼ ਦੇ ਹੋਰਨਾਂ ਸੂਬਿਆਂ ਦੇ ਮੁਕਾਬਲੇ ਬਹੁਤ ਅੱਗੇ ਲੈ ਆਂਦਾ ਹੈ। ਜਿੱਥੇ ਭਾਰਤ ਸਰਕਾਰ ਨੇ ਦੇਸ਼ ਦੇ ਉਦਯੋਗਾਂ ਨੂੰ ਉੱਪਰ ਚੁੱਕਣ ਲਈ ‘ਮੇਕ ਇੰਨ ਇੰਡੀਆ’ ਦੀ ਸ਼ੁਰੂਆਤ ਕੀਤੀ ਹੈ ਉਥੇ ਪੰਜਾਬ ਸਰਕਾਰ ਨੇ ‘ਮੇਕਰਜ਼ ਇੰਨ ਇੰਡੀਆ’ ਮੁਹਿੰਮ ਦੀ ਵੀ ਸ਼ੁਰੂਆਤ ਕਰ ਦਿੱਤੀ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਸ਼ੁਰੂ ਕੀਤੇ ਗਏ ਉਪਰਾਲਿਆਂ ਵਿੱਚ ਭਾਰਤ ਸਰਕਾਰ ਵੱਲੋਂ ਵੀ ਸਹਿਯੋਗ ਦਿੱਤਾ ਜਾਵੇਗਾ, ਜਿਸ ਤਹਿਤ ਅੰਮ੍ਰਿਤਸਰ ਵਿੱਚ ਦੋ ਅੰਤਰਰਾਸ਼ਟਰੀ ਪੱਧਰ ਦੇ ਬਹੁ-ਪੱਖੀ ਹੁਨਰ ਵਿਕਾਸ ਕੇਂਦਰ ‘ਅੰਤਰਰਾਸ਼ਟਰੀ ਹੁਨਰ ਵਿਕਾਸ ਕੇਂਦਰ’ ਅਤੇ ‘ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਕੇਂਦਰ’ ਖੋਲ੍ਹੇ ਜਾਣਗੇ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੂਰੇ ਦੇਸ਼ ਵਿੱਚ 50 ਅੰਤਰਰਾਸ਼ਟਰੀ ਹੁਨਰ ਵਿਕਾਸ ਕੇਂਦਰ ਖੋਲ੍ਹੇ ਜਾਣ ਦਾ ਪ੍ਰਸਤਾਵ ਹੈ। ਇਸ ਕੇਂਦਰ ਵਿੱਚ ਸਿਖ਼ਲਾਈ ਪ੍ਰਾਪਤ ਕਿਸੇ ਵੀ ਯੁਵਕ/ਯੁਵਤੀ ਨੂੰ ਦੇਸ਼ ਵਿਦੇਸ਼ ਵਿੱਚ ਕਿਤੇ ਵੀ ਰੋਜ਼ਗਾਰ ਪ੍ਰਾਪਤ ਕਰਨ ਲਈ ਕਿਸੇ ਹੋਰ ਮਾਨਤਾ ਦੀ ਲੋੜ ਨਹੀਂ ਪਵੇਗੀ।ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਕੇਂਦਰ ਵਿੱਚ ਵੀ ਵਿਸ਼ਵ ਪੱਧਰ ਦੀ ਕਿੱਤਾਮੁੱਖੀ ਸਿਖ਼ਲਾਈ ਦਿੱਤੀ ਜਾਵੇਗੀ।ਸ੍ਰੀ ਰੂਡੀ ਨੇ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਸੈਂਟਰਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਪੂਰੇ ਸੂਬੇ ਵਿੱਚ ਅੰਮ੍ਰਿਤਸਰ ਸਮੇਤ 5 ਬਹੁ-ਪੱਖੀ ਹੁਨਰ ਵਿਕਾਸ ਕੇਂਦਰ ਅਤੇ 200 ਦਿਹਾਤੀ ਹੁਨਰ ਵਿਕਾਸ ਕੇਂਦਰ ਚਾਲੂ ਕਰ ਦਿੱਤੇ ਗਏ ਹਨ, ਜੋ ਕਿ ਸੂਬੇ ਨੂੰ ਕਿੱਤਾਮੁੱਖੀ ਸਿੱਖਿਆ ਵਿੱਚ ਮੋਹਰੀ ਰਾਜ ਬਣਾਉਣ ਅਤੇ ਨੌਜਵਾਨਾਂ ਨੂੰ ਹੱਥੀਂ ਰੋਜ਼ਗਾਰ ਦੇ ਕਾਬਿਲ ਬਣਾਉਣ ਵਿੱਚ ਕ੍ਰਾਂਤੀਕਾਰੀ ਕਦਮ ਹੈ।ਇਨ੍ਹਾਂ ਕੇਂਦਰਾਂ ਵਿੱਚ ਇੱਕ ਸਾਲ ਵਿੱਚ 1 ਲੱਖ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦਾ ਟੀਚਾ ਹੈ। ਉਨ੍ਹਾਂ ਐਲਾਨ ਕੀਤਾ ਕਿ ਭਾਰਤ ਸਰਕਾਰ ਦੇ ਸਹਿਯੋਗ ਨਾਲ ਅਗਲੇ 2 ਸਾਲਾਂ ਵਿੱਚ ਸੂਬੇ ਵਿੱਚ 1000 ਹੋਰ ਦਿਹਾਤੀ ਹੁਨਰ ਵਿਕਾਸ ਕੇਂਦਰ ਖੋਲ੍ਹੇ ਜਾਣਗੇ, ਜਿੱਥੇ ਕਿ ਸਾਲਾਨਾ 5 ਲੱਖ ਨੌਜਵਾਨਾਂ ਕਿੱਤਾਮੁੱਖੀ ਸਿਖ਼ਲਾਈ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਿਖ਼ਲਾਈ ਯਾਫ਼ਤਾ ਨੌਜਵਾਨਾਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਮੁਫ਼ਤ ਟੂਲ ਕਿੱਟ ਅਤੇ ਸਸਤੀਆਂ ਦਰਾਂ ‘ਤੇ ਕਰਜ਼ੇ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਹਰੇਕ 10 ਪਿੰਡਾਂ ਪਿੱਛੇ ਇੱਕ ਹੁਨਰ ਵਿਕਾਸ ਕੇਂਦਰ ਖੋਲ੍ਹਿਆ ਜਾਵੇ। ਇਸ ਤੋਂ ਇਲਾਵਾ ਭਾਰਤ ਸਰਕਾਰ ਵੱਲੋਂ ਸੂਬੇ ਵਿੱਚ ਸਕਿੱਲ ਯੂਨੀਵਰਸਿਟੀ ਸਥਾਪਤ ਕਰਨ ਦੇ ਪ੍ਰਸਤਾਵ ਨੂੰ ਵੀ ਪੰਜਾਬ ਕੈਬਨਿਟ ਦੀ 15 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਜਾਵੇਗੀ। ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ‘ਤੇ ਸਭ ਤੋਂ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ।ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਸਤਲੁੱਜ ਯਮੁਨਾ ਲਿੰਕ ਨਹਿਰ ਦੇ ਮਾਮਲੇ ‘ਤੇ ਰੈਲੀਆਂ ਦੇ ਐਲਾਨ ਨਾਲ ਕਾਂਗਰਸ ਪਾਰਟੀ ਵੱਲੋਂ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ, ਜਦਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਇਸ ਨਹਿਰ ਨੂੰ ਪੁੱਟਵਾਉਣ ਵਿੱਚ ਇੰਦਰਾ ਗਾਂਧੀ, ਉਸ ਵੇਲੇ ਦੀ ਕਾਂਗਰਸ ਸਰਕਾਰ ਅਤੇ ਇਸਦੇ ਨੇਤਾ ਜਿੰਮੇਵਾਰ ਹਨ।ਰਾਜਸਥਾਨ ਵੱਲੋਂ ਵੀ ਪੰਜਾਬ ਤੋਂ ਪਾਣੀ ਦੀ ਮੰਗ ਕੀਤੇ ਜਾਣ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੇ ਪਾਣੀਆਂ ਵਿੱਚੋਂ ਇੱਕ ਵੀ ਬੂੰਦ ਕਿਸੇ ਹੋਰ ਸੂਬੇ ਨੂੰ ਦਿੱਤੇ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅੰਮ੍ਰਿਤਸਰ ਸ਼ਹਿਰ ਨੂੰ ਵਿਸ਼ਵ ਦਾ ਖੂਬਸੂਰਤ ਸ਼ਹਿਰ ਬਣਾ ਦਿੱਤਾ ਜਾਵੇਗਾ ਅਤੇ ਪੂਰੇ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।ਇਸ ਮੌਕੇ ਨਵਦੀਪ ਗੋਲਡੀ, ਰਜਿੰਦਰ ਮਰਵਾਹਾ, ਤੇਜਿੰਦਰਪਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਰਜਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਤੇ ਹੋਰ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply