Sunday, March 15, 2026

ਕੈਬਨਿਟ ਮੰਤਰੀ ਰਣੀਕੇ ਅਤੇ ਪ੍ਰਮੁੱਖ ਸਕੱਤਰਾਂ ਨੇ ਭਗਵਾਨ ਵਾਲਮੀਕਿ ਤੀਰਥ ਸਮਾਗਮ ਪ੍ਰਬੰਧਾਂ ਦਾ ਲਿਆ ਜਾਇਜ਼ਾ

ppn2311201604ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਇਤਿਹਾਸਕ ਨਗਰੀ ਰਾਮ ਤੀਰਥ ਵਿਖੇ ਭਗਵਾਨ ਵਾਲਮੀਕਿ ਤੀਰਥ ਸਥਲ ਇਕ ਵਿਸ਼ਾਲ ਰਾਜ ਪੱਧਰੀ ਸਮਾਗਮ ਦੌਰਾਨ 1 ਦਸੰਬਰ ਨੂੰ ਸ਼ਰਧਾਲੂਆਂ ਨੂੰ ਸਮਰਪਿਤ ਕੀਤਾ ਜਾਵੇਗਾ, ਜਿਸ ਸਬੰਧੀ ਤਿਆਰੀਆਂ ਜੰਗੀ ਪੱਧਰ ‘ਤੇ ਚੱਲ ਰਹੀਆਂ ਹਨ। ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰਾਂ ਸ੍ਰੀ ਐਸ. ਕੇ ਸੰਧੂ, ਸ੍ਰੀ ਕੇ. ਜੇ ਐਸ ਚੀਮਾ, ਸ੍ਰੀ ਏ. ਕੇ ਤਿਵਾੜੀ ਅਤੇ ਸ੍ਰੀ ਹੁਸਨ ਲਾਲ ਸਮੇਤ ਇਸ ਵਿਸ਼ਾਲ ਸਮਾਗਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਨੂੰ ਸਮਾਗਮ ਦੀ ਸਫਲਤਾ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਸ. ਗੁਲਜ਼ਾਰ ਸਿੰਘ ਰਣੀਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 200 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਸ ਅਲੌਕਿਕ ਅਤੇ ਵਿਲੱਖਣ ਯਾਦਗਾਰ ਦੇ ਰਾਜ ਪੱਧਰੀ ਸਮਾਗਮ ਦੌਰਾਨ ਦੇਸ਼-ਵਿਦੇਸ਼ ਵਿਚੋਂ ਇਕ ਲੱਖ ਦੇ ਕਰੀਬ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ, ਜਿਸ ਲਈ ਵੱਡੀ ਪੱਧਰ ‘ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਅਦੁੱਤੀ ਯਾਦਗਾਰ ਦਾ ਕੰਮ ਤੈਅ ਸਮੇਂ ਵਿਚ ਕੀਤਾ ਗਿਆ ਹੈ ਅਤੇ ਇਹ ਇਕ ਵਿਲੱਖਣ ਤੇ ਆਪਣੀ ਕਿਸਮ ਦਾ ਪਹਿਲਾ ਮੰਦਿਰ ਹੋਵੇਗਾ, ਜਿਥੇ ਦੇਸ਼ ਵਿਚੋਂ ਹੀ ਨਹੀਂ ਬਲਕਿ ਵਿਦੇਸ਼ਾਂ ਵਿਚੋਂ ਵੀ ਸ਼ਰਧਾਲੂ ਨਤਮਸਤਕ ਹੋਣ ਲਈ ਆਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਇਸ ਪ੍ਰਾਜੈਕਟ ਨੂੰ ਇਕ ਮਿਸ਼ਨ ਵਜੋਂ  ਲੈਂਦਿਆਂ ਇਸ ‘ਤੇ ਲਗਾਤਾਰ ਨਜ਼ਰਸਾਨੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੰਦਿਰ ਵਿਚ ਸਥਾਪਿਤ ਹੋਣ ਵਾਲੀ ਭਗਵਾਨ ਵਾਲਮੀਕਿ ਦੀ ਵਿਲੱਖਣ ਮੂਰਤੀ 25 ਨਵੰਬਰ ਨੂੰ ਰਾਮ ਤੀਰਥ ਪਹੁੰਚੇਗੀ। ਇਸ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਇਸ ਮੂਰਤੀ ਦੇ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਲਈ ਸੂਬੇ ਭਰ ਦੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੌਂਪੀਆਂ ਗਈਆਂ ਡਿਊਟੀਆਂ ਨੂੰ ਜ਼ਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਇਸ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਬਸੰਤ ਗਰਗ ਸਮਾਗਮ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ 17 ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮੇਟੀਆਂ ਵਿਚ ਸੈਂਕੜੇ ਅਧਿਕਾਰੀ ਸ਼ਾਮਿਲ ਹਨ, ਜਿਨ੍ਹਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਡਿਊਟੀਆਂ ਸੌਂਪੀਆਂ ਗਈਆਂ ਹਨ। ਇਸ ਮੌਕੇ ਐਸ. ਐਸ. ਪੀ ਅੰਮ੍ਰਿਤਸਰ (ਦਿਹਾਤੀ) ਸ. ਹਰਕਮਲ ਪ੍ਰੀਤ ਸਿੰਘ ਖੱਖ, ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ, ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਸ੍ਰੀ ਸੰਦੀਪ ਰਿਸ਼ੀ, ਐਸ. ਡੀ. ਐਮ ਅਜਨਾਲਾ ਡਾ ਅਨੁਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply