
ਰਾਮ ਤੀਰਥ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਮ ਤੀਰਥ ਵਿਖੇ ਭਗਵਾਨ ਵਾਲਮੀਕਿ ਤੀਰਥ ਸਥਲ ਇਕ ਵਿਸ਼ਾਲ ਰਾਜ ਪੱਧਰੀ ਸਮਾਗਮ ਦੌਰਾਨ 1 ਦਸੰਬਰ ਨੂੰ ਸ਼ਰਧਾਲੂਆਂ ਨੂੰ ਸਮਰਪਿਤ ਕੀਤਾ ਜਾਵੇਗਾ, ਜਿਸ ਸਬੰਧੀ ਤਿਆਰੀਆਂ ਲੱਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਬਸੰਤ ਗਰਗ ਨੇ ਅੱਜ ਇਸ ਸਮਾਗਮ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਮਾਗਮ ਦੀ ਸਫਲਤਾ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਸ. ਗੁਲਜ਼ਾਰ ਸਿੰਘ ਰਣੀਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 200 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਸ ਅਲੌਕਿਕ ਅਤੇ ਵਿਲੱਖਣ ਯਾਦਗਾਰ ਦੇ ਰਾਜ ਪੱਧਰੀ ਸਮਾਗਮ ਦੌਰਾਨ ਦੇਸ਼-ਵਿਦੇਸ਼ ਵਿਚੋਂ ਇਕ ਲੱਖ ਦੇ ਕਰੀਬ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ, ਜਿਸ ਲਈ ਵੱਡੀ ਪੱਧਰ ‘ਤੇ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਬਸੰਤ ਗਰਗ ਨੇ ਦੱਸਿਆ ਕਿ ਇਸ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ 17 ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਸੈਂਕੜੇ ਅਧਿਕਾਰੀ ਇਸ ਸਮਾਗਮ ਦੀ ਸਫਲਤਾ ਲਈ ਦਿਨ-ਰਾਤ ਇਕ ਕਰ ਰਹੇ ਹਨ। ਇਸ ਮੌਕੇ ਐਸ. ਐਸ. ਪੀ ਅੰਮ੍ਰਿਤਸਰ (ਦਿਹਾਤੀ) ਸ. ਹਰਕਮਲ ਪ੍ਰੀਤ ਸਿੰਘ ਖੱਖ, ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ, ਐਸ. ਡੀ. ਐਮ ਅਜਨਾਲਾ ਡਾ ਅਨੁਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media