
ਅੰਮ੍ਰਿਤਸਰ, 2 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ‘ਗੁਰੂ ਕੇ ਮਹਿਲ’ ਸ੍ਰੀ ਅੰਮ੍ਰਿਤਸਰ ਵਿਖੇ 4 ਦਸੰਬਰ ਨੂੰ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ 3 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੁਪਹਿਰ 12 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸਰਾਂ ਸ੍ਰੀ ਗੁਰੂ ਰਾਮਦਾਸ ਤੋਂ ਚੌਂਕ ਪ੍ਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੌਨੀ, ਹਵੇਲੀ ਅਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਦਾਲ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ ਵਾਲਾ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਉੜੀ ਤੋਂ ਗੁਰੂ ਬਜ਼ਾਰ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਵੇਗਾ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 4 ਦਸੰਬਰ ਨੂੰ ਸਵੇਰੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਮਹਾਨ ਕੀਰਤਨ ਦਰਬਾਰ ਹੋਵੇਗਾ, ਜਿਸ ਵਿੱਚ ਸਵੇਰੇ 8 ਤੋਂ 9 ਵਜੇ ਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਏ ਮੁੱਖ ਵਾਕ ਦੀ ਕਥਾ ਹੋਵੇਗੀ।9 ਤੋਂ 2 ਵਜੇ ਤੀਕ ਸਕੂਲਾਂ ਦੇ ਬੱਚੇ ਤੇ ਬੀਬੀਆਂ ਦੇ ਜਥੇ ਇਲਾਹੀ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਉਪਰੰਤ ਸੰਤ ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣੇ ਵਾਲੇ, ਭਾਈ ਗੁਰਇਕਬਾਲ ਸਿੰਘ ਤੇ ਭਾਈ ਪੁਨੀਤ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ, ਭਾਈ ਗੁਰਵਿੰਦਰ ਸਿੰਘ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ, ਭਾਈ ਪਰਮਿੰਦਰ ਸਿੰਘ ਪ੍ਰੇਮੀ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਧਰਮਵੀਰ ਸਿੰਘ ਸ੍ਰੀ ਗੁਰੂ ਰਾਮਦਾਸ ਗੁਰਮਤਿ ਸਤਿਸੰਗ ਸਭਾ, ਭਾਈ ਕੁਲਜੀਤ ਸਿੰਘ ਨੈਰੋਬੀ ਵਾਲੇ, ਭਾਈ ਹਰਜਿੰਦਰ ਸਿੰਘ ਬੱਗਾ, ਬੀਬੀ ਸੁਖਮਨੀਪ੍ਰੀਤ ਕੌਰ ਤੇ ਬੀਬੀ ਜਸਜੀਤ ਕੌਰ ਕੋਟ ਖਾਲਸਾ ਤੇ ਅਖੰਡ ਕੀਰਤਨੀ ਜਥਾ ਸ੍ਰੀ ਅੰਮ੍ਰਿਤਸਰ ਦੇ ਜਥਿਆਂ ਵੱਲੋਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਅਕਾਲ ਪੁਰਖ ਦੇ ਉਪਦੇਸ਼ ਨਾਲ ਜੋੜਿਆ ਜਾਵੇਗਾ।
ਸਮੂਹ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਅਪੀਲ ਹੈ ਕਿ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋ ਰਹੇ ਧਾਰਮਿਕ ਸਮਾਗਮ ‘ਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media