ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਡਾ. ਬਸੰਤ ਗਰਗ ਨੇ ਬੇਹੱਦ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਗੈਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਹੁਣ ਜ਼ਿਲ੍ਹੇ ਦੇ ਸਾਰੇ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3 ਵਜੇ ਬੰਦ ਹੋਣਗੇ।
ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ (ਐਲੀਮੈਂਟਰੀ ਅਤੇ ਸੈਕੰਡਰੀ) ਨੂੰ ਜਾਰੀ ਕੀਤੇ ਹੁਕਮਾਂ ਵਿਚ ਡਾ. ਗਰਗ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਸਰਦ ਰੁੱਤ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਅਤੇ ਠੰਢ ਨੇ ਆਪਣਾ ਕਾਫੀ ਜ਼ੋਰ ਫੜ੍ਹ ਲਿਆ ਹੈ, ਜਿਸ ਕਰਕੇ ਛੋਟੇ ਬੱਚਿਆਂ ਦੀ ਸਿਹਤ ਖ਼ਰਾਬ ਹੋਣ ਦਾ ਡਰ ਹੈ। ਇਸ ਤੋਂ ਇਲਾਵਾ ਸੰਘਣੀ ਧੁੰਦ ਕਾਰਨ ਕਈ ਥਾਵਾਂ ’ਤੇ ਹਾਦਸੇ ਵਾਪਰ ਚੁੱਕੇ ਹਨ ਅਤੇ ਕਈ ਕੀਮਤੀ ਜਾਨਾਂ ਵੀ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚ ਅਧਿਆਪਕ ਅਤੇ ਛੋਟੇ ਬੱਚੇ ਵੀ ਸ਼ਾਮਿਲ ਹਨ। ਅਜਿਹੇ ਹਾਲਾਤ ਵਿਚ ਅਜਿਹੀਆਂ ਘਟਨਾਵਾਂ ਨਾ ਵਾਪਰਨ, ਉਸ ਲਈ ਚੌਕਸੀ ਦੀ ਲੋੜ ਹੈ।
ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਸਾਰੇ ਸਰਕਾਰੀ/ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵੀ ਹਦਾਇਤ ਕਰਨ ਕਿ ਉਹ ਉਕਤ ਮੰਤਵ ਨੂੰ ਮੁੱਖ ਰੱਖਦੇ ਹੋਏ ਆਪਣੇ ਸਕੂਲ ਸਵੇਰੇ 10 ਵਜੇ ਖੋਲ੍ਹਣ ਅਤੇ ਬਾਅਦ ਦੁਪਹਿਰ 3 ਵਜੇ ਬੰਦ ਕਰਨ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿਚ ਉਨ੍ਹਾਂ ਖਿਲਾਫ਼ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media