
ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ-ਕੀਰਤਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਪਣੇ 10ਵੇਂ ਦਿਨ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਖੂਲਾਬਾਦ, ਇਲਾਹਬਾਦ (ਉੱਤਰ ਪ੍ਰਦੇਸ਼) ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਇਆ।ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਭਾਈ ਹਰਜਿੰਦਰ ਸਿੰਘ ਦੇ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਅਰਦਾਸ ਭਾਈ ਸਤਵੰਤ ਸਿੰਘ ਪ੍ਰਚਾਰਕ ਨੇ ਕੀਤੀ ਤੇ ਹੁਕਮਨਾਮਾ ਗਿਆਨੀ ਲਖਵਿੰਦਰ ਸਿੰਘ ਨੇ ਹੁਕਮਨਾਮਾ ਲਿਆ। ਸਤਿਨਾਮੁ-ਵਾਹਿਗੁਰੂ ਦਾ ਜਾਪੁ ਕਰਨ ਉਪਰੰਤ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ ਤੇ ਮੀਤ ਸਕੱਤਰ ਚਾਨਣ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿ ਕੀਤਾ।ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਨਗਰ-ਕੀਰਤਨ ਦਸਮੇਸ਼ ਪਿਤਾ ਦੇ ਜਨਮ ਅਸਥਾਨ ਸ੍ਰੀ ਪਟਨਾ ਸਾਹਿਬ ਲਈ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਕੀਤਾ।
ਇਸ ਮੌਕੇ ‘ਤੇ ਚਾਨਣ ਸਿੰਘ ਮੀਤ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦੇਂਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਸਿੱਖ ਜਥੇਬੰਦੀਆਂ ਦੇ ਇਲਾਵਾ, ਗੈਰ ਸਿੱਖ ਜਥੇਬੰਧੀਆਂ ਜਿਨ੍ਹਾਂ ਨਗਰ-ਕੀਰਤਨ ਵਿੱਚ ਸੰਗਤਾਂ ਨਾਲ ਸਹਿਯੋਗ ਕੀਤਾ ਅਤੇ ਪੰਜਾਬ ਪੁਲੀਸ ਤੇ ਯੂ ਪੀ ਪੁਲੀਸ ਜਿਨ੍ਹਾਂ ਸਾਰਾ ਰਸਤਾ ਬੜੇ ਹੀ ਸੁਚੱਜੇ ਢੰਗ ਨਾਲ ਸਕਿਉਰਟੀ ਦੀ ਸੇਵਾ ਨਿਭਾਈ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚਿੱਟਿਆਂ ਬਾਜਾਂ ਵਾਲੇ, ਨੀਲੇ ਦੇ ਸ਼ਾਹ ਅਸਵਾਰ, ਸਰਬੰਸ ਦਾਨੀ, ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਪਟਨਾ ਸਾਹਿਬ ਦੀ ਪਵਿਤਰ ਧਰਤੀ ਤੇ ਜਨਮ ਲਿਆ। ਕਸ਼ਮੀਰੀ ਪੰਡਤਾਂ ਦੀ ਫਰਿਯਾਦ ਤੇ 9 ਸਾਲ ਦੀ ਉਮਰ ਵਿੱਚ ਧਰਮ ਹੇਤ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਦਿੱਤੀ, ਚਮਕੌਰ ਦੀ ਗੜ੍ਹੀ ਦੀ ਜੰਗ ਵਿੱਚ ਗੁਰੂ ਜੀ ਦੇ ਦੋਵੇਂ ਵੱਡੇ ਫ਼ਰਜ਼ੰਦ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਤੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਜ਼ਾਲਮ ਮੁਗਲ ਫੌਜ਼ਾਂ ਦਾ ਬੜੀ ਬਹਾਦਰੀ ਨਾਲ ਟਾਕਰਾ ਕਰਦੇ ਹੋਏ ਸ਼ਹੀਦ ਹੋ ਗਏ। ਏਥੇ ਹੀ ਬੱਸ ਨਹੀਂ ਦੋ ਛੋਟੇ ਲਾਲ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਸਰਹੰਦ ਦੀ ਦੀਵਾਰ ਵਿੱਚ ਚਿਣੇ ਗਏ ਤੇ ਮਾਤਾ ਗੁਜਰੀ ਜੀ ਵੀ ਓਥੇ ਜੋਤੀ ਜੋਤ ਸਮਾ ਗਏ। ਉਨ੍ਹਾਂ ਕਿਹਾ ਕਿ ਸਰਬੰਸ ਦਾਨੀ ਦਸਮ ਪਿਤਾ ਨੇ ਪੰਜਾਂ ਜਾਤਾਂ ਦੇ ਪੰਜ ਸਿਰਲੱਥ ਯੋਧੇ ਲੈ ਕੇ ਉਨ੍ਹਾਂ ਨੂੰ ਅੰਮ੍ਰਿਤਪਾਨ ਕਰਵਾਇਆ ਤੇ ਆਪ ਉਨ੍ਹਾਂ ਤੋਂ ਅੰਮ੍ਰਿਤ ਛਕਿਆ। ਗੁਰੂ ਸਾਹਿਬ ਵੱਲੋਂ ਵਰਣ ਵੰਡ ਖਤਮ ਕਰਕੇ ਸਦਾ ਨੀਵੇਂ ਸਮਝੇ ਜਾਂਦੇ ਲੋਕਾਂ ਨੂੰੰ ਉੱਚਾ ਚੁੱਕਣ ਤੇ ਮਾਣ ਬਖਸ਼ਣ ਦਾ ਯਤਨ ਕੀਤਾ ਗਿਆ। ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਕਲਗੀਧਰ ਦਸਮੇਸ਼ ਪਿਤਾ ਦੇ ਜਨਮ ਦਿਹਾੜੇ ਤੇ ਨਗਰ-ਕੀਰਤਨ ਵਿੱਚ ਸ਼ਾਮਿਲ ਹੋ ਕੇ ਦਸਮੇਸ਼ ਪਿਤਾ ਦੀਆਂ ਖੁਸ਼ੀਆਂ ਲੈਣ ਲਈ ਬੇਨਤੀ ਕੀਤੀ।
ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਤੇ ਸੰਗਤਾਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਚਾਨਣ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੈਨੇਜਰ ਲਖਬੀਰ ਸਿੰਘ, ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਤੇਜਿੰਦਰ ਸਿੰਘ ਪੱਡਾ, ਸਤਨਾਮ ਸਿੰਘ ਇੰਚਾਰਜ, ਸਤਨਾਮ ਸਿੰਘ ਮੀਤ ਮੈਨੇਜਰ, ਗੁਲਜ਼ਾਰ ਸਿੰਘ ਸੁਪਰਵਾਈਜ਼ਰ, ਬ੍ਰਿਜਪਾਲ ਸਿੰਘ ਇੰਚਾਰਜ ਯੂ ਪੀ ਸਿੱਖ ਮਿਸ਼ਨ ਹਾਪੜ, ਗੁਰਮੀਤ ਸਿੰਘ ਬੁੱਟਰ, ਜਤਿੰਦਰ ਸਿੰਘ ਫੋੇਟੋ ਗ੍ਰਾਫ਼ਰ, ਹਰਭਜਨ ਸਿੰਘ ਸੁਪਰਵਾਈਜ਼ਰ ਫਲਾਇੰਗ, ਗੁਰਵਿੰਦਰ ਸਿੰਘ ਗੁਰਦੁਆਰਾ ਇੰਸਪੈਕਟਰ, ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ, ਭਾਈ ਜੱਜ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਸਤਵੰਤ ਸਿੰਘ, ਭਾਈ ਅਮਰਜੀਤ ਸਿੰਘ ਜੰਡੀ ਤੇ ਭਾਈ ਹਰਪ੍ਰੀਤ ਸਿੰਘ ਪ੍ਰਚਾਰਕ, ਭਾਈ ਸਤਨਾਮ ਸਿੰਘ ਦਰਦੀ ਕਵੀਸ਼ਰ, ਭਾਈ ਗੁਰਭੇਜ ਸਿੰਘ ਚਵਿੰਡਾ ਢਾਡੀ ਜਥਾ, ਸਮਸ਼ੇਰ ਸਿੰਘ ਤੇ ਦਿਲਖੁਸ਼ ਸਿੰਘ ਪੀ ਟੀ ਸੀ ਨਿਊਜ਼ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ ਤੇ ਮੀਤ ਸਕੱਤਰ ਚਾਨਣ ਸਿੰਘ ਨੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਲਖਵਿੰਦਰ ਸਿੰਘ, ਜੋਗਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪ੍ਰੀਤਮ ਸਿੰਘ ਜਨਰਲ ਸਕੱਤਰ, ਜਤਿੰਦਰ ਸਿੰਘ ਕੈਸ਼ੀਅਰ, ਇੰਦਰਪ੍ਰੀਤ ਸਿੰਘ,ਸਤਬੀਰ ਸਿੰਘ ਭਾਟੀਆ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ ਅਤੇ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਸਨਮਾਨਿਤ ਕੀਤਾ।
ਇਲਾਹਬਾਦ ਤੋਂ ਰਵਾਨਾ ਹੋ ਕੇ ਨਗਰ-ਕੀਰਤਨ ਹਨੂੰਮਾਨ ਗੰਜ, ਹੰਡੀਆ, ਗੋਪੀ ਗੰਜ, ਅਰਾਈ ਤੋਂ ਸੱਜੇ ਹੱਥ ਮਿਰਜਾਪੁਰ ਤੋਂ ਹੁੰਦਾ ਹੋਇਆ ਰਾਤ ਦਾ ਵਿਸ਼ਰਾਮ ਗੁਰਦੁਆਰਾ ਗੁਰੂ ਬਾਗ, ਵਾਰਾਨਸੀ (ਬਨਾਰਸ) ਉੱਤਰ ਪ੍ਰਦੇਸ਼ ਵਿਖੇ ਕਰੇਗਾ। ਅੱਜ ਗੁਰਦੁਆਰਾ ਗੁਰੂ ਬਾਗ, ਵਾਰਾਨਸੀ (ਬਨਾਰਸ) ਤੋਂ ਰਵਾਨਾ ਹੋ ਕੇ ਕੁਦਰਾ ਤੋਂ ਹੁੰਦਾ ਹੋਇਆ ਰਾਤ ਦਾ ਵਿਸ਼ਰਾਮ ਗੁਰਦੁਆਰਾ ਚਾਚਾ ਫੱਗੂ ਮੱਲ ਜੀ ਸਾਸਾਰਾਮ (ਬਿਹਾਰ) ਵਿਖੇ ਹੋਵੇਗਾ।
ਫੁੱਲਾਂ ਨਾਲ ਸਜ਼ੀ ਪਾਲਕੀ ਸਾਹਿਬ ਵਾਲੀ ਗੱਡੀ ਵਿੱਚ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ ਤੇ ਪਿੱਛੇ-ਪਿੱਛੇ ਗੁਰੂ ਸਾਹਿਬ ਜੀ ਦੇ ਸ਼ਸਤਰਾਂ-ਬਸਤਰਾਂ ਵਾਲੀ ਗੱਡੀ ਜਾ ਰਹੀ ਸੀ। ਜਿਸ ਵਿੱਚ ਮੀਰੀ-ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰ-ਬਸਤਰ ਅਤੇ ਹੱਥ ਲਿਖਤ ਪੋਥੀ ਸੁਸ਼ੋਭਿਤ ਹੈ। ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਿਕ ਹੋ ਕੇ ਅਤੇ ਸ਼ਸਤਰਾਂ-ਬਸਤਰਾਂ ਦੇ ਦਰਸ਼ਨ-ਦੀਦਾਰੇ ਕਰਕੇ ਨਿਹਾਲ ਹੋ ਰਹੀਆਂ ਸਨ। ਨਗਰ ਕੀਰਤਨ ਦੇ ਅੱਗੇ-ਅੱਗੇ ਨਗਾਰਚੀ ਸਿੰਘ ਚੜ੍ਹਦੀ ਕਲਾ ਦਾ ਪ੍ਰਤੀਕ ਨਗਾਰਾ ਵਜਾ ਰਹੇ ਸਨ। ਨਗਰ ਕੀਰਤਨ ‘ਚ ਧਾਰਮਿਕ ਸਭਾ ਸੁਸਾਇਟੀਆਂ, ਸ਼ਬਦ-ਕੀਰਤਨੀ ਜਥਿਆਂ, ਗਤਕਾ ਪਾਰਟੀਆਂ ਅਤੇ ਬੈਂਡ ਪਾਰਟੀਆਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਸਮੂਲੀਅਤ ਕੀਤੀ। ਪਾਲਕੀ ਸਾਹਿਬ ਦੇ ਨਾਲ-ਨਾਲ ਸੰਗਤਾਂ ਸਤਿਨਾਮੁ ਵਾਹਿਗੁਰੂ ਦਾ ਜਾਪੁ ਕਰਦੀਆਂ ਜਾ ਰਹੀਆਂ ਸਨ।
ਰਸਤੇ ਵਿੱਚ ਜਗ੍ਹਾ-ਜਗ੍ਹਾ ਸੰਗਤਾਂ ਵੱਲੋਂ ਬੜੀ ਸ਼ਰਧਾ-ਭਾਵਨਾ ਤੇ ਸਤਿਕਾਰ ਸਹਿਤ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਗੁਰੂ ਸਾਹਿਬ ਦੇ ਪਵਿੱਤਰ ਸ਼ਸਤਰਾਂ ਦੇ ਦਰਸ਼ਨ ਦੀਦਾਰੇ ਕੀਤੇ ਗਏ।ਵੱਖ-ਵੱਖ ਪੜਾਵਾਂ ਤੇ ਸੰਗਤਾਂ ਨੇ ਪ੍ਰਸ਼ਾਦੇ ਦੇ ਲੰਗਰ, ਫਲਾਂ ਦੇ ਲੰਗਰ, ਮਠਿਆਈਆਂ ਅਤੇ ਚਾਹ ਦੇ ਲੰਗਰ ਲਗਾ ਕੇ ਨਗਰ-ਕੀਰਤਨ ਵਿੱਚ ਸ਼ਾਮਿਲ ਸੰਗਤਾਂ ਦੀ ਸੇਵਾ ਕੀਤੀ।ਇਸ ਮੌਕੇ ਰੇਸ਼ਮ ਸਿੰਘ, ਹਰਦੀਪ ਸਿੰਘ, ਧਰਮ ਸਿੰਘ, ਯੁਵਰਾਜ ਸਿੰਘ, ਇਕਬਾਲ ਸਿੰਘ, ਰਣਜੀਤ ਸਿੰਘ ਤੇ ਗੁਰਵਿੰਦਰ ਸਿੰਘ ਗੁਰਦੁਆਰਾ ਇੰਸਪੈਕਟਰ ਦੇ ਇਲਾਵਾ ਸ਼੍ਰੋਮਣੀ ਕਮੇਟੀ ਦਾ ਸਟਾਫ ਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
Check Also
ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …
Punjab Post Daily Online Newspaper & Print Media