ਅੰਮ੍ਰਿਤਸਰ, 30 ਦਸੰਬਰ (ਸੁਖਬੀ ਸਿੰਘ)- ਗੁਰੂ ਨਗਰੀ ਅੰਮ੍ਰਿਤਸਰ ਵਿਖੇ 6 ਜਨਵਰੀ ਨੂੰ ਇਕ ਵਿਸ਼ਾਲ ਡਿਜੀਟਲ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਦੌਰਾਨ ਲੋਕਾਂ ਨੂੰ ਨਕਦੀ ਰਹਿਤ ਭੁਗਤਾਨ ਪ੍ਰਕਿਰਿਆ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਇਸ ਮੇਲੇ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਡਾ. ਗਰਗ ਨੇ ਦੱਸਿਆ ਕਿ ਮੇਲੇ ਵਿਚ ਰਾਸ਼ਟਰੀਕ੍ਰਿਤ ਬੈਂਕਾਂ ਤੋਂ ਇਲਾਵਾ ਨਿੱਜੀ ਬੈਂਕਿੰਗ ਅਤੇ ਹੋਰ ਵਿੱਤੀ ਅਦਾਰੇ ਆਪਣੇ-ਆਪਣੇ ਸਟਾਲ ਲਗਾ ਕੇ ਡਿਜੀਟਲ ਭੁਗਤਾਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ ਨੋਟਬੰਦੀ ਤੋਂ ਬਾਅਦ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੂਰ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਡਿਜ਼ੀਟਲ ਅਦਾਇਗੀ ਬਾਰੇ ਜਾਗਰੂਕਤਾ ਨਾਲ ਲੋਕਾਂ ਦੀਆਂ ਨੇੜ ਭਵਿੱਖ ਦੀਆਂ ਮੁਸ਼ਕਿਲਾਂ ਦੂਰ ਹੋ ਜਾਣਗੀਆਂ ਅਤੇ ਇਹ ਮੇਲਾ ਲੋਕਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ।
ਡਾ. ਗਰਗ ਨੇ ਦੱਸਿਆ ਕਿ ਇਸ ਮੌਕੇ ਡਿਜੀਟਲ ਇੰਡੀਆ ਸਬੰਧੀ ਬੱਚਿਆਂ ਦੇ ਸਲੋਗਨ ਰਾਈਟਿੰਗ, ਪੋਸਟਰ ਮੇਕਿੰਗ ਅਤੇ ਜਿੰਗਲ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂਆਂ ਨੂੰ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ ਡਿਜੀਟਲ ਇੰਡੀਆ ਪ੍ਰੋਗਰਾਮ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਇਸ ਮੇਲੇ ਨੂੰ ਕਾਮਯਾਬੀ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਡਿਊਟੀਆਂ ਦੀ ਵੰਡ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਤਜਿੰਦਰ ਪਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਰੋਹਿਤ ਵਿਕਾਸ, ਐਸ. ਡੀ. ਐਮ ਅੰਮ੍ਰਿਤਸਰ-2 ਪਰਮਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਬੈਂਕਾਂ ਅਤੇ ਵਿੱਤੀ ਅਦਾਰਿਆਂ ਦੇ ਅਧਿਕਾਰੀ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media