ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਬਸੰਤ ਗਰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਵੋਟਰ ਜਾਗਰੂਕਤਾ ਲਈ ‘ਸਵੀਪ’ ਗਤੀਵਿਧੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ‘ਸਵੀਪ’ ਤਹਿਤ ਹੁਣ ਤੱਕ ਹੋਏ ਕੰਮਾਂ ਦਾ ਲੇਖਾ-ਜੋਖਾ ਕਰਨ ਅਤੇ ਆਉਂਦੇ ਦਿਨਾਂ ’ਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਰੂਪ-ਰੇਖਾ ਉਲੀਕਣ ਲਈ ਸਵੀਪ ਕੋਰ ਕਮੇਟੀ ਦੀ ਮੀਟਿੰਗ ਦਫ਼ਤਰ ਸੰਯੁਕਤ ਕਮਿਸ਼ਨਰ ਨਗਰ ਨਿਗਮ ਦੇ ਦਫ਼ਤਰ ਵਿਖੇ ਨੋਡਲ ਅਫ਼ਸਰ ਸਵੀਪ-ਕਮ-ਸੰਯੁਕਤ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਮੈਡਮ ਅਲਕਾ ਰਾਣੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਡਮ ਅਲਕਾ ਰਾਣੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਵੋਟਰ ਜਾਗਰੂਕਤਾ ਮੁਹਿੰਮ ਸਿਖ਼ਰਾਂ ’ਤੇ ਪਹੁੰਚਾਇਆ ਜਾ ਰਿਹਾ ਹੈ ਅਤੇ ਸਵੀਪ ਗਤੀਵਿਧੀਆਂ ਬਹੁਤ ਹੀ ਸੁਚੱਜੇ ਢੰਗ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਵਿਚ ਨੌਜਵਾਨ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਜਿਥੇ ਹਸਤਾਖ਼ਰ ਮੁਹਿੰਮ, ਸਾਈਕਲ ਰੈਲੀਆਂ, ਅੰਗਹੀਣਾਂ ਲਈ ਸੈਮੀਨਾਰ ਕਰਵਾਉਣ ਤੋਂ ਇਲਾਵਾ ਸਵੀਪ ਰੱਥ ਚਲਾਇਆ ਗਿਆ ਹੈ ਉਥੇ ਲਘੂ ਵੀਡੀਓ ਬਣਾਉਣ, ਮਹਿੰਦੀ ਲਗਾਉਣ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਮੈਰਾਥਨ, ਵੀਲ੍ਹ ਚੇਅਰ ਰੈਲੀ, ਕੈਂਡਲ ਮਾਰਚ ਅਤੇ ਮਾਨਵੀ ਚੇਨ ਆਦਿ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਗੀਤ, ਲੇਖ, ਪੇਂਟਿੰਗ ਅਤੇ ਕਵਿਤਾ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਉਨ੍ਹਾਂ ਇਨ੍ਹਾਂ ਗਤੀਵਿਧੀਆਂ ਲਈ ਵੱਖ-ਵੱਖ ਅਧਿਕਾਰੀਆਂ ਨੂੰ ਡਿਊਟੀਆਂ ਦੀ ਵੰਡ ਕੀਤੀ। ਇਸ ਮੌਕੇ ਚੋਣ ਕਾਨੂੰਗੋ ਸ੍ਰੀ ਸੌਰਵ ਖੋਸਲਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸਲਵਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਐਨ ਐਸ ਪੰਨੂੰ, ਡਾ ਮਦਨ ਮੋਹਨ, ਰਾਕੇਸ਼ ਬੱਬਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media