
ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ) ਪੀ.ਡਬਲਯ.ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਮੀਟਿੰਗ ਅੱਜ ਸਥਾਨਕ ਐਕਸੀਅਨ ਜਲ ਸਪਲਾਈ ਐਂਡ ਸੈਨੀਟੇਸ਼ਨ ਦੇ ਦਫ਼ਤਰ ਵਿਚ ਯੂਨੀਅਨ ਪ੍ਰਧਾਨ ਰਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਸਰਕਾਰ ਨੇ ਕਰਮਚਾਰੀਆਂ ਨੂੰ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਦਿੱਤਾ।ਪ੍ਰਧਾਨ ਰਜਿੰਦਰ ਸਿੰਘ ਸੰਧੂ ਅਤੇ ਸਕੱਤਰ ਧਰਮਿੰਦਰ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਜੋ ਦਿਹਾੜੀਦਾਰ ਕਰਮਚਾਰੀ ਰੈਗੂਲਰ ਹੋਣ ਤੋਂ ਰਹਿ ਗਏ ਹਨ ਉਨ੍ਹਾਂ ਨੂੰ ਬਿਨਾ ਸ਼ਰਤ ਰੈਗੂਲਰ ਕੀਤਾ ਜਾਵੇ, ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਜਲਦੀ ਦਿੱਤਾ ਜਾਵੇ, ਪੇਅ ਕਮਿਸ਼ਨ ਦੀ ਰਿਪੋਰਟ ਜਲਦੀ ਲਾਗੂ ਕੀਤੀ ਜਾਵੇ, ਜੇਈ ਟੈਸਟ ਪਾਸ ਪੰਪ ਅਪ੍ਰੇਟਰਾਂ ਨੂੰ ਜੈਈ ਪ੍ਰਮੋਟ ਕੀਤਾ ਜਾਵੇ, ਠੇਕੇਦਾਰੀ ਸਿਸਟਮ ਨੂੰ ਬੰਦ ਕੀਤਾ ਜਾਵੇ। ਇਸ ਮੌਕੇ ਸ਼ਾਮ ਲਾਲ, ਸੁਮੇਰ ਸਿੰਘ, ਜੰਗੀਰ ਸਿੰਘ, ਪ੍ਰਦੀਪ ਕਪਾਹੀ, ਵੇਦ ਪ੍ਰਕਾਸ਼, ਰੋਸ਼ਨ ਲਾਲ, ਬਲਜੀਤ ਸਿੰਘ, ਸਤਨਾਮ ਦਾਸ ਨੇ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਕਰਮਚਾਰੀਆਂ ਦੀਆਂ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇ ਨਹੀਂ ਤਾਂ ਸਰਕਾਰ ਨੂੰ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਵਿਚ ਕਰਮਚਾਰੀਆਂ ਦੇ ਰੋਸ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਕਰਮਚਾਰੀਆਂ ਨੇ ਮੰਗਾਂ ਸਬੰਧੀ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਵੀ ਕੀਤਾ।
Punjab Post Daily Online Newspaper & Print Media