ਅੰਮਿ੍ਰਤਸਰ, 13 ਜਨਵਰੀ (ਸੁਖਬੀਰ ਸਿੰਘ) -ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੌਰਾਨ ਸਮੂਹ ਪਾਰਟੀਆਂ ਦੇ

ਉਮੀਦਵਾਰਾਂ ਦੇ ਖਰਚਿਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਿਥੇ ਜ਼ਿਲ੍ਹਾ ਚੋਣ ਅਫ਼ਸਰ ਡਾ. ਬਸੰਤ ਗਰਗ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਚੌਕਸੀ ਟੀਮਾਂ ਕਾਰਜਸ਼ੀਲ ਹਨ, ਉਥੇ ਉਮੀਦਵਾਰਾਂ ਵੱਲੋਂ ਇਲੈਕਟਰੋਨਿਕ, ਪਿ੍ਰੰਟ ਅਤੇ ਸੋਸ਼ਲ ਮੀਡੀਆ ’ਚ ਇਸ਼ਤਿਹਾਰ ਜਾਂ ਪੇਡ ਨਿਊਜ਼ ਰਾਹੀਂ ਵੋਟਰਾਂ ਨੂੰ ਲੁਭਾਉਣ ’ਤੇ ਨਜ਼ਰ ਰੱਖਣ ਅਤੇ ਇਸ ਖਰਚੇ ਨੂੰ ਉਮੀਦਵਾਰ ਦੇ ਚੋਣ ਖਰਚ ਵਿਚ ਸ਼ਾਮਿਲ ਕਰਨ ਲਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਪੂਰੀ ਤਰ੍ਹਾਂ ਸਰਗਰਮ ਹੈ।
ਅੱਜ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਵੱਲੋਂ ਕੀਤੇ ਜਾ ਰਹੇ ਕੰਮ ਦੀ ਸਮੀਖਿਆ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਡਾ. ਬਸੰਤ ਗਰਗ ਨੇ ਦੱਸਿਆ ਕਿ ਹਰੇਕ ਉਮੀਦਵਾਰ ਵੱਲੋਂ ਟੀ.ਵੀ. ਚੈਨਲਾਂ, ਰੇਡੀਓ ਤੇ ਸੋਸ਼ਲ ਮੀਡੀਆ ’ਤੇ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਦੀ ਜ਼ਿਲ੍ਹਾ ਚੋਣ ਅਫ਼ਸਰ ਕੋਲੋਂ ਲਿਖ਼ਤੀ ਤੌਰ ’ਤੇ ਅਗੇਤੀ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਅਨੈਕਸਚਰ -ਏ ਵਿੱਚ ਉਮੀਦਵਾਰ ਜਾਂ ਪਾਰਟੀ ਦੀ ਤਰਫੋਂ ਸਾਰੇ ਲਾਜ਼ਮੀ ਵੇਰਵੇ ਦਰਜ ਕਰਨੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰ ਵੱਲੋਂ ਪ੍ਰਸਾਰਿਤ ਕੀਤੇ ਜਾਣ ਵਾਲੇ ਇਸ਼ਤਿਹਾਰ ਦੀ ਕੁਲ ਲਾਗਤ, ਜਿਸ ਵਿੱਚ ਇਸ਼ਤਿਹਾਰ ਤਿਆਰ ਕਰਨ ਅਤੇ ਇਸ਼ਤਿਹਾਰ ਪ੍ਰਸਾਰਿਤ ਕਰਨ ਦੀ ਲਾਗਤ ਵੀ ਸ਼ਾਮਲ ਹੈ, ਦੇ ਸਹੀ ਤੇ ਮੁਕੰਮਲ ਵੇਰਵੇ ਅਨੈਕਸਚਰ-ਏ ਵਿੱਚ ਮੁਹੱਈਆ ਕਰਵਾਏ ਜਾਣ।ਇਸ ਤੋਂ ਇਲਾਵਾ ਉਮੀਦਵਾਰ ਵੱਲੋਂ ਇਸ਼ਤਿਹਾਰ ਸਬੰਧੀ ਚੈਨਲ, ਰੇਡੀਓ ਜਾਂ ਸਬੰਧਤ ਸੋਸ਼ਲ ਮੀਡੀਆ ਨੂੰ ਅਦਾਇਗੀ ਚੈਕ ਜਾਂ ਡਿਮਾਂਡ ਡਰਾਫਟ ਰਾਹੀਂ ਹੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੇ ਨਿਯਮ ਤੇ ਸ਼ਰਤਾਂ ਪੂਰੀਆਂ ਕਰਨ ’ਤੇ ਉਮੀਦਵਾਰ ਨੂੰ ਮੀਡੀਆ ਸਰਟੀਫਿਕੇਸ਼ਨ ਕਮੇਟੀ ਵੱਲੋਂ ਅਨੈਕਸ਼ਚਰ-ਬੀ ਵਿੱਚ ਪ੍ਰਮਾਣ ਪੱਤਰ ਦਿੱਤਾ ਜਾਵੇਗਾ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਮੀਡੀਆ ਦੇ ਕਿਸੇ ਵੀ ਸਾਧਨ ਵਿੱਚ ਸਬੰਧਤ ਉਮੀਦਵਾਰ ਦਾ ਇਸ਼ਤਿਹਾਰ ਆਉਣ ’ਤੇ ਐਮ.ਸੀ.ਐਮ.ਸੀ ਇਸ ਦੀ ਘੋਖ ਕਰੇਗੀ ਕਿ ਕੀ ਉਮੀਦਵਾਰ ਨੇ ਇਸ਼ਤਿਹਾਰ ਦੀ ਅਗੇਤੀ ਪ੍ਰਵਾਨਗੀ ਲਈ ਹੋਈ ਹੈ ਜਾਂ ਨਹੀਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇਸ਼ਤਿਹਾਰਾਂ ਦਾ ਖਰਚਾ ਉਮੀਦਵਾਰ ਦੇ ਖਰਚੇ ਵਿੱਚ ਜੋੜਿਆ ਜਾਵੇਗਾ ਅਤੇ ਪ੍ਰਵਾਨਗੀ ਲਏ ਬਗੈਰ ਇਸ਼ਤਿਹਾਰ ਪ੍ਰਸਾਰਿਤ ਜਾਂ ਪ੍ਰਕਾਸ਼ਿਤ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਹਲਕੇ ਦੇ ਰਿਟਰਨਿੰਗ ਅਫ਼ਸਰ ਵੱਲੋਂ ਉਮੀਦਵਾਰ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਜਾਂ ਚੋਣ ਸਬੰਧੀ ਕਾਨੂੰਨ ਦੀ ਉਲੰਘਣਾ ਵਾਲਾ ਇਸ਼ਤਿਹਾਰ ਹੋਣ ਦੀ ਸੂਰਤ ਵਿੱਚ ਤੁਰੰਤ ਰਿਟਰਨਿੰਗ ਅਫ਼ਸਰ ਨੂੰ ਜਾਣੂ ਕਰਵਾਇਆ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਿ੍ਰੰਟ ਮੀਡੀਆ ਵਿੱਚ ਸ਼ੱਕੀ ਪੇਡ ਨਿਊਜ਼ ਪਾਏ ਜਾਣ ਦੀ ਸੂਰਤ ਵਿੱਚ ਰਿਟਰਨਿੰਗ ਅਫ਼ਸਰ ਵੱਲੋਂ ਉਮੀਦਵਾਰ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ ਜਿਸ ਦਾ ਉਮੀਦਵਾਰ ਵੱਲੋਂ 48 ਘੰਟਿਆਂ ਅੰਦਰ ਜਵਾਬ ਦੇਣਾ ਲਾਜ਼ਮੀ ਹੋਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਮੀਡੀਆ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਵਿਧਾਨ ਸਭਾ ਚੋਣਾਂ ਸਬੰਧੀ ਜਦੋਂ ਕੋਈ ਵੀ ਵਿਅਕਤੀ ਇਸ਼ਤਿਹਾਰ ਦੇਣ ਲਈ ਆਉਂਦਾ ਹੈ ਤਾਂ ਐਮ.ਸੀ.ਐਮ.ਸੀ ਕਮੇਟੀ ਵੱਲੋਂ ਜਾਰੀ ਪ੍ਰਵਾਨਗੀ ਜ਼ਰੂਰ ਦੇਖ ਲਈ ਜਾਵੇ ਅਤੇ ਪ੍ਰਵਾਨਗੀ ਤੋਂ ਬਿਨਾਂ ਇਸ਼ਤਿਹਾਰ ਨਾ ਛਾਪਿਆ ਜਾਵੇ।
Punjab Post Daily Online Newspaper & Print Media