ਫਾਜ਼ਿਲਕਾ,13 ਜਨਵਰੀ (ਵਿਨੀਤ ਅਰੋੜਾ) – ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਪੰਜਾਬ ਵਿਧਾਨ ਸਭਾ ਚੋਣਾਂ-2017 ਵਿਚ ਹਰੇਕ ਵਰਗ ਦੇ ਵੋਟਰਾਂ ਨੂੰ ਵੱਧ ਤੋਂ

ਵੱਧ ਵੋਟ ਪਾਉਣ ਅਤੇ ਵੋਟ ਦਾ ਸਹੀ ਇਸਤੇਮਾਲ ਕਰਨ ਦੇ ਮੰਤਵ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ।ਇਹ ਜਾਣਕਾਰੀ ਜਾਗਰੂਕਤਾ ਨਿਗਰਾਨ ਐਲ ਮਧੂ ਨਾਗ ਨੇ ਦਿੱਤੀ।ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ-2017 ਵਿਚ ਸੌ ਫੀਸਦੀ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਹਰ ਤਰ੍ਹਾਂ ਦੇ ਸੰਭਵ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਨੌਜ਼ਵਾਨ ਵੋਟਰਾਂ ਦੇ ਨਾਲ ਨਾਲ ਆਮ ਲੋਕਾਂ ਨੂੰ ਵੀ ਵੱਧ ਤੋਂ ਵੱਧ ਵੋਟ ਪਾਉਣ ਲਈ ਘਰ-ਘਰ ਸੁਨੇਹਾ ਦਿੱਤਾ ਜਾ ਰਿਹਾ ਹੈ।ਜਿਸ ਲਈ ਜਾਗਰੂਕਤਾ ਅਭਿਆਨ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਆਮ ਲੋਕ ਇਸ ਕਰਕੇ ਆਪਣੀ ਵੋਟ ਦਾ ਇਸਤੇਮਾਲ ਨਹੀਂ ਕਰਦੇ ਕਿ ਉਨ੍ਹਾਂ ਦੀ ਇਕ ਵੋਟ ਨਾਲ ਕੋਈ ਫ਼ਰਕ ਨਹੀਂ ਪੈਂਦਾ, ਇਸ ਲਈ ਇਸ ਧਾਰਨਾ ਨੂੰ ਤੋੜਨਾ ਜ਼ਰੂਰੀ ਹੈ।ਇਸ ਲਈ ਲੋਕਾਂ ਦੀ ਸਹੀ ਸਰਕਾਰ ਚੁਣਨ ਲਈ ਹਰੇਕ ਵੋਟਰ ਵੱਲੋਂ ਵੋਟ ਦਾ ਇਸਤੇਮਾਲ ਕੀਤਾ ਜਾਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਬੂਥ ਲੈਵਲ ਅਫ਼ਸਰਾਂ ਵੱਲੋਂ ਵੀ ਵੱਧ ਤੋਂ ਵੱਧ ਜਾਗਰੂਕਤਾ ਅਭਿਆਨ ਚਲਾਇਆ ਜਾਣਾ ਚਾਹੀਦਾ ਹੈ।ਉਨ੍ਹਾਂ ਜ਼ਿਲ੍ਹੇ ਵਿਚ ਵੋਟਿੰਗ ਦਰ ਸੌਂ ਫ਼ੀਸਦੀ ਵਧਾਉਣ ਲਈ ਭਰਵਾਏ ਗਏ ਸਕੰਲਪ ਪੱਤਰਾਂ ਬਾਰੇ ਵੀ ਜਾਣਕਾਰੀ ਲਈ।ਉਨ੍ਹਾਂ ਇਹ ਵੀ ਕਿਹਾ ਕਿ ਬੂਥ ਲੈਵਲ ਅਫ਼ਸਰ ਇਹ ਵੀ ਯਕੀਨੀ ਬਣਾਏ ਕਿ ਉਨ੍ਹਾਂ ਦੀ ਵੋਟਰ ਪਰਚੀ ਹਰ ਵੋਟਰ ਤੱਕ ਪੁੱਜ ਗਈ ਹੈ।
ਸਹਾਇਕ ਕਮਿਸ਼ਨਰ ਜਗਦੀਪ ਸਹਿਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਹੈ ਕਿ ਸੌ ਫ਼ੀਸਦੀ ਵੋਟਿੰਗ ਲਈ ਵੋਟਰਾਂ ਨੂੰ ਜਾਗਰੂਕ ਕੀਤਾ ਜਾਵੇ।ਇਸ ਲਈ ਸਵੀਪ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਪਹਿਲੀ ਵਾਰ ਵੋਟ ਦਾ ਇਸਤੇਮਾਲ ਕਰਨ ਵਾਲੇ ਨੌਜ਼ਵਾਨ ਵੋਟਰ ਵੀ ਵੋਟਰਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰ ਸਕਦੇ ਹਨ। ਇਸ ਲਈ ਜ਼ਿਲ੍ਹੇ ਵਿਚ ਵੋਟਰ ਜਾਗਰੂਕਤਾ ਅਭਿਆਨ ਤਹਿਤ ਵੱਖ-ਵੱਖ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲਾਂ, ਕਾਲਜਾਂ ਤੋਂ ਇਲਾਵਾ ਸ਼ਹਿਰੀ ਖੇਤਰ ਅਤੇ ਪੇਂਡੂ ਖੇਤਰ ਦੇ ਵੋਟਰਾਂ ਨੂੰ ਵੀ ਵੋਟ ਦੇ ਇਸਤੇਮਾਲ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਸ ਲਈ ਬਹੁਤ ਸਾਰੀਆਂ ਗਤੀਵਿਧੀਆਂ ਨੂੰ ਚਲਾਈਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਲਈ ਸੋਸ਼ਲ ਮੀਡੀਆ ਦਾ ਵੀ ਸਹਾਰਾ ਲਿਆ ਜਾ ਰਿਹਾ ਹੈ।ਇਸ ਮੌਕੇ ਐਲ.ਡੀ.ਐਮ ਪਰਮਜੀਤ ਕੋਚਰ, ਜ਼ਿਲ੍ਹਾ ਸਿਖਿਆ ਅਫ਼ਸਰ ਸੈਕੰਡਰੀ ਸਿੱਖਿਆ ਪ੍ਰਗਟ ਸਿੰਘ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।
Punjab Post Daily Online Newspaper & Print Media