ਫਾਜ਼ਿਲਕਾ, 25 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਾਡੇ ਭਾਰਤੀ ਸੰਵਿਧਾਨ ਨੇ ਸਾਨੂੰ ਵੋਟ ਦੀ ਸ਼ਕਤੀ ਦਿੱਤੀ ਹੈ। ਇਸ ਲਈ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਇਸ ਦੀ ਵਰਤੋਂ ਲੋਕਤਾਂਤਰਿਕ ਕਦਰਾਂ ਕੀਮਤਾਂ ਅਨੁਸਾਰ ਬਿਨ੍ਹਾਂ ਕਿਸੇ ਲਾਲਚ, ਡਰ, ਭੈਅ ਦੇ ਨਿਰਪੱਖ ਤੌਰ ’ਤੇ ਕਰੀਏ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਇੱਥੇ ਮਨਾਏ ਗਏ ਮਲਟੀਪਰਪਜ਼ ਖੇਡ ਸਟੇਡੀਅਮ ਵਿਚ ਕੌਮੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੀਤਾ। ਇਸ ਮੌਕੇ ਵਿਧਾਨ ਸਭਾ ਚੋਣਾਂ ਵਿਚ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰ ਵੀ ਅਬਰਾਹਮ ਅਤੇ ਪੁਲਿਸ ਅਬਜ਼ਰਵਰ ਵਿਕਾਸ ਵੈਭਵ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਰਨੈਲ ਸਿੰਘ, ਸਹਾਇਕ ਕਮਿਸ਼ਨਰ ਜਗਦੀਪ ਸਹਿਗਲ, ਐਸ.ਡੀ.ਐਮ. ਫਾਜ਼ਿਲਕਾ ਵਿਨੋਦ ਬਾਂਸਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸਿ. ਸਕੈ.) ਪ੍ਰਗਟ ਸਿੰਘ ਬਰਾੜ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ਼੍ਰੀ ਸੰਦੀਪ ਕੁਮਾਰ ਧੂੜੀਆ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਕਿਸੇ ਵੀ ਦੇਸ਼ ਦਾ ਭਵਿੱਖ ਉੱਥੋਂ ਦਾ ਨੌਜਵਾਨ ਵਰਗ ਹੁੰਦਾ ਹੈ।ਇਸ ਲਈ ਨੌਜਵਾਨ ਵਰਗ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਕੇ ਇਕ ਚੰਗੀ ਸਰਕਾਰ ਚੁਣਨ ਵਿਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਵੋਟਰ ਦੀ ਕਿਸੇ ਵੀ ਦੇਸ਼ ਅਤੇ ਸੂਬੇ ਦੀ ਸਰਕਾਰ ਚੁਣਨ ਵਿਚ ਬਹੁਤ ਅਹਿਮ ਕੀਮਤ ਹੁੰਦੀ ਹੈ।ਇਸ ਲਈ ਚੋਣਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਇਸ ਮੌਕੇ ਸਰਵਹਿੱਤਕਾਰੀ ਵਿਦਿਆ ਮੰਦਰ ਫਾਜ਼ਿਲਕਾ ਸਕੂਲ, ਸਰਕਾਰੀ ਆਈ.ਟੀ.ਆਈ ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਨਾਲ ਸਬੰਧਤ ਗੀਤ, ਖੂਈਆਂ ਸਰਵਰ ਦੇ ਵਿਦਿਆਰਥੀਆਂ ਵੱਲੋਂ ਨਾਟਕ, ਸਰਕਾਰੀ ਪ੍ਰਾਇਮਰੀ ਸਕੂਲ ਲਾਲੋਵਾਲੀ ਦੀ ਵਿਦਿਆਰਥਣ ਪਰਮਿੰਦਰ ਕੌਰ ਨੇ ਭਾਸ਼ਣ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਸਮੂਹ ਹਾਜ਼ਰੀਨ ਵੱਲੋਂ ਪ੍ਰਣ ਕੀਤਾ ਗਿਆ ਕਿ ਉਹ ਆਪਣੀ ਵੋਟ ਦੀ ਵਰਤੋਂ ਦੇਸ਼ ਦੀਆਂ ਲੋਕਤਾਂਤਰਿਕ ਕਦਰਾਂ ਕੀਮਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੀ ਵੋਟ ਦਾ ਇਸਤੇਮਾਲ ਕਰਨਗੇ।ਇਸ ਮੌਕੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਪੁਲਿਸ ਅਬਜ਼ਰਵਰ ਵਿਕਾਸ ਵੈਭਵ, ਜਨਰਲ ਅਬਜ਼ਰਵਰ ਵੀ ਅਬਰਾਹਮ ਵੱਲੋਂ ਨਵੇਂ ਬਣੇ ਨੌਜਵਾਨ ਵੋਟਰਾਂ ਨੂੰ ਐਪਿਕ ਕਾਰਡਾਂ ਦੀ ਵੰਡ ਕੀਤੀ ਗਈ। ਇਸ ਮੌਕੇ ਚੋਣਾਂ ਦੇ ਕੰਮ ਵਿਚ ਵਧੀਆ ਕਾਰਜ਼ਗੁਜਾਰੀ ਕਰਨ ਵਾਲੇ ਬੀਐਲਓਜ਼ ਅਤੇ ਸਵੀਪ ਪ੍ਰਾਜੈਕਟ ਤਹਿਤ ਵੱਖ ਵੱਖ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਵੀ ਸਨਮਾਨਤ ਕੀਤਾ ਗਿਆ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media