Monday, March 16, 2026

ਸੁਪਰੀਮ ਕੋਰਟ ਦੇ ਚੀਫ ਜਸਟਿਸ ਜਗਦੀਸ਼ ਸਿੰਘ ਖੇਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 28 ਜਨਵਰੀ (ਗੁਰਪ੍ਰੀਤ ਸਿੰਘ)- ਸੁਪਰੀਮ ਕੋਰਟ ਦੇ ਚੀਫ ਜਸਟਿਸ ਮਾਨਯੋਗ ਜਗਦੀਸ਼ ਸਿੰਘ ਖੇਰ ਆਪਣੇ ਪਰਿਵਾਰ ਸਮੇਤ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਨੇ ਸੂਚਨਾ ਕੇਂਦਰ ਵਿਖੇ ਪੁੱਜੇ ਜਗਦੀਸ਼ ਸਿੰਘ ਖੇਰ ਚੀਫ ਜਸਟਿਸ ਤੇ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਸਤਪਾਲ ਕੌਰ ਖੇਰ ਤੇ ਪਰਿਵਾਰਕ ਮੈਂਬਰਾਂ ਨੂੰ ਸਤਿਕਾਰ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਲੋਈ, ਸਿਰੀ ਸਾਹਿਬ ਤੇ ਧਾਰਮਿਕ ਕਿਤਾਬਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ। ਇਸ ਸਮੇਂ ਉਨ੍ਹਾਂ ਦੇ ਨਾਲ ਹਾਈਕੋਰਟ ਦੇ ਜੱਜ ਟੀ.ਪੀ. ਐਮਾਨ, ਗੁਰਬੀਰ ਸਿੰਘ ਡਿਸਟ੍ਰਿਕਟ ਸੀਨੀਅਰ ਜੱਜ, ਸ੍ਰੀ ਜੁਗਤੀ ਗੋਇਲ ਸੀ.ਜੀ.ਐਮ ਅੰਮ੍ਰਿਤਸਰ ਤੋਂ ਇਲਾਵਾ ਸ੍ਰੀਮਤੀ ਮਧੂ ਕੌਰ, ਤਰਨਵੀਰ ਸਿੰਘ, ਬਰਿੰਦਰ ਸਿੰਘ ਅਤੇ ਸ੍ਰੀਮਤੀ ਪਰਮਦੀਪ ਕੌਰ ਖੇਰ ਆਦਿ ਮੌਜੂਦ ਸਨ।

PPN2801201722
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਮਾਨਯੋਗ ਚੀਫ ਜਸਟਿਸ ਜਗਦੀਸ਼ ਸਿੰਘ ਖੇਰ ਤੇ ਉਨ੍ਹਾਂ ਦੇ ਪਰਿਵਾਰ ਨੇ ਪਰਿਵਾਰਕ ਸੁੱਖ ਸ਼ਾਂਤੀ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁੰਬਦ ਵਿਖੇ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿਚ ਆਪਣੀ ਹਾਜ਼ਰੀ ਭਰੀ। ਉਪਰੰਤ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਜਗਦੀਸ਼ ਸਿੰਘ ਖੇਰ ਚੀਫ ਜਸਟਿਸ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਪਾਵਨ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦਿਦਾਰੇ ਕਰ ਕੇ ਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰ ਕੇ ਉਨ੍ਹਾਂ ਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਤਿਕਾਰਯੋਗ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਤੇ ਹਰਚਰਨ ਸਿੰਘ ਮੁੱਖ ਸਕੱਤਰ ਤੇ ਸਮੂਹ ਅਧਿਕਾਰੀਆਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਜੋ ਮਾਣ ਸਨਮਾਨ ਗੁਰੂ ਘਰ ਵਿਚ ਮੇਰੇ ਪਰਿਵਾਰ ਨੂੰ ਬਖਸ਼ਿਆ ਗਿਆ ਹੈ ਮੈਂ ਉਸ ਦਾ ਸਦੀਵੀ ਤੌਰ ‘ਤੇ ਰਿਣੀ ਰਹਾਂਗਾ।ਇਸ ਮੌਕੇ ‘ਤੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਬਸੰਤ ਗਰਗ, ਹਰਭਜਨ ਸਿੰਘ ਮਨਾਵਾਂ ਐਡੀ: ਸਕੱਤਰ, ਕੁਲਵਿੰਦਰ ਸਿੰਘ ਰਮਦਾਸ ਤੇ ਜਗਜੀਤ ਸਿੰਘ ਮੀਤ ਸਕੱਤਰ, ਸੁਖਬੀਰ ਸਿੰਘ ਐਡੀ: ਮੈਨੇਜਰ, ਮੁੱਖ ਸੂਚਨਾ ਅਧਿਕਾਰੀ ਗੁਰਬਚਨ ਸਿੰਘ, ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply