ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਹੀਦੀ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਇਸ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਨੇ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਦਾ ਸਿੱਖ ਇਤਿਹਾਸ ਵਿੱਚ ਅਹਿਮ ਸਥਾਨ ਹੈ ਕਿਉਂਕਿ ਇਸ ਲਹਿਰ ਨੇ ਗੁਰਦੁਆਰਾ ਪ੍ਰਬੰਧਾਂ ਵਿੱਚ ਗੁਰਮਤਿ ਮਰਯਾਦਾ ਦੀ ਇਕਸੁਰਤਾ ਦਾ ਮੁੱਢ ਬੰਨ੍ਹਿਆਂ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿੱਚ ਮਹੰਤ ਨਰੈਣੂ ਤੇ ਉਸ ਦੇ ਸਾਥੀਆਂ ਵੱਲੋਂ ਦੁਰਵਿਵਹਾਰ ਕਰਨ ਤੋਂ ਰੋਕਣ ਤੇ ਗੁਰਦੁਆਰਾ ਸਾਹਿਬ ’ਚ ਮਰਯਾਦਾ ਅਨੁਸਾਰ ਸੰਗਤੀ ਪ੍ਰਬੰਧ ਦੀ ਬਹਾਲੀ ਲਈ ਸੂਰਮਿਆਂ ਵੱਲੋਂ ਦਿੱਤੀਆਂ ਅਦੁੱਤੀ ਸ਼ਹਾਦਤਾਂ ਗੁਰੂ-ਘਰਾਂ ਦੀ ਅਜ਼ਾਦੀ ਲਈ ਮਾਰਗ ਦਰਸ਼ਨ ਸਿੱਧ ਹੋਈਆਂ ਹਨ।ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ ਸੂਰਬੀਰ ਬਹਾਦਰ ਸਿੱਖਾਂ ਦੀ ਹਿੰਮਤ ਅਤੇ ਦਲੇਰੀ ਦੀ ਅਦੁੱਤੀ ਗਾਥਾ ਹੈ ਜੋ ਇਤਿਹਾਸ ਦੇ ਸੁਨਹਿਰੀ ਪੰਨਿਆਂ ’ਚ ਦਰਜ ਹੈ।ਉਨ੍ਹਾਂ ਕਿਹਾ ਕਿ ਲੋੜ ਹੈ ਸਾਕਾ ਨਨਕਾਣਾ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਗੁਰਦੁਆਰਾ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਲਈ ਦ੍ਰਿੜ੍ਹ ਹੋਈਏ।
ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ।ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇ ਲਿਆ।ਉਪਰੰਤ ਸਜੇ ਦੀਵਾਨ ਵਿੱਚ ਭਾਈ ਦਲਬੀਰ ਸਿੰਘ ਅਰਸ਼ੀ ਤੇ ਭਾਈ ਗੁਰਸ਼ਿੰਦਰ ਸਿੰਘ ਦੇ ਢਾਡੀ ਜਥਿਆ ਨੇ ਸੰਗਤਾਂ ਨੂੰ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ।
ਇਸ ਮੌਕੇ ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ, ਰਣਜੀਤ ਸਿੰਘ ਵਧੀਕ ਸਕੱਤਰ, ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਿੰਦਰ ਸਿੰਘ ਮੈਨੇਜਰ ਸਰਾਵਾਂ, ਕੁਲਵਿੰਦਰ ਸਿੰਘ ‘ਰਮਦਾਸ’, ਜਗਜੀਤ ਸਿੰਘ, ਪਰਮਜੀਤ ਸਿੰਘ ਮੁੰਡਾਪਿੰਡ, ਜਸਵਿੰਦਰ ਸਿੰਘ ਦੀਨਪੁਰ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ ਤੇ ਗੁਰਮੀਤ ਸਿੰਘ ਬੁੱਟਰ ਮੀਤ ਸਕੱਤਰ, ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਲਖਵਿੰਦਰ ਸਿੰਘ ਬਦੋਵਾਲ ਤੇ ਲਖਬੀਰ ਸਿੰਘ ਵਧੀਕ ਮੈਨੇਜਰ, ਸਤਨਾਮ ਸਿੰਘ, ਮਨਜੀਤ ਸਿੰਘ, ਨਿਰਵੈਲ ਸਿੰਘ ਤੇ ਪਲਵਿੰਦਰ ਸਿੰਘ ਇੰਚਾਰਜ, ਸ਼ੋ੍ਰਮਣੀ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media