ਅੰਮ੍ਰਿਤਸਰ, 22 ਫਰਵਰੀ ਕਸਬਾ ਖਾਲੜਾ (ਤਰਨ ਤਾਰਨ) ਵਿਖੇ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰੀ ਹੈ, ਜਿਸ ਨੇ ਸਿੱਖ ਹਿਰਦਿਆਂ ਨੂੰ ਡੂੰਘੀ ਸੱਟ ਮਾਰੀ ਹੈ।ਸੂਚਨਾ ਮਿਲਣ `ਤੇ ਇੰਦਰਜੀਤ ਸਿੰਘ ਧਨੋਆ ਡਿਊਟੀ ਮਜਿਸਟ੍ਰੇਟ, ਹਰਪਾਲ ਸਿੰਘ ਰੰਧਾਵਾ ਐਸ.ਪੀ ਤਰਨ ਤਾਰਨ, ਜੈਮਲ ਸਿੰਘ ਡੀ.ਐਸ.ਪੀ ਭਿੱਖੀਵਿੰਡ, ਪਰਮਵੀਰ ਸਿੰਘ ਐਸ.ਐਚ.ਓ ਭਿੱਖੀਵਿੰਡ, ਅਵਤਾਰ ਸਿੰਘ ਐਸ.ਐਚ.ਓ ਖੇਮਕਰਨ ਮੌਕੇ ’ਤੇ ਪਹੁੰਚੇ।ਪ੍ਰਸ਼ਾਸਨ ਵੱਲੋਂ ਹਰਪਾਲ ਸਿੰਘ ਐਸ.ਪੀ. ਦੀ ਅਗਵਾਈ ਵਿਚ ਪੁਲਿਸ ਅਧਿਕਾਰੀਆਂ ਅਤੇ ਪਿੰਡ ਵਾਸੀਆਂ ’ਤੇ ਅਧਾਰਿਤ ਇਕ ਜਾਂਚ ਕਮੇਟੀ ਬਣਾ ਦਿੱਤੀ ਗਈ ਹੈ ਜੋ ਘਟਨਾ ਦੀ ਛਾਣਬੀਣ ਕਰਕੇ ਰਿਪੋਰਟ ਦੇਵੇਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕਸਬਾ ਖਾਲੜਾ (ਤਰਨ ਤਾਰਨ) ਵਿਖੇ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਪੁਰਜ਼ੋਰ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੁਰੰਤ ਦੋਸ਼ੀਆਂ ਦੀ ਭਾਲ ਕਰ ਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰੇ।ਉਨ੍ਹਾਂ ਕਿਹਾ ਕਿ ਸੋਚਣ ਵਾਲੀ ਗੱਲ ਤਾਂ ਇਹ ਹੈ ਕਿ ਅਜਿਹੀਆਂ ਘਟਨਾਵਾਂ ਦੇ ਨਿਰੰਤਰ ਵਾਪਰਨ ਉਪਰੰਤ ਵੀ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਅਤੇ ਸੰਗਤਾਂ ਅਵੇਸਲੀਆਂ ਹਨ।
ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਦੱਸਿਆ ਕਿ ਪ੍ਰਧਾਨ ਸਾਹਿਬ ਦੇ ਆਦੇਸ਼ਾਂ ਅਨੁਸਾਰ ਘਟਨਾ ਸਥਾਨ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਤੁਰੰਤ ਇੱਕ ਜਾਂਚ ਟੀਮ ਭੇਜੀ ਗਈ ਹੈ, ਜਿਸ ਵਿਚ ਬਲਵਿੰਦਰ ਸਿੰਘ ਕਾਹਲਵਾਂ ਮੀਤ ਸਕੱਤਰ, ਤੇਜਿੰਦਰ ਸਿੰਘ ਪੱਡਾ ਇੰਚਾਰਜ, ਤਜਿੰਦਰ ਸਿੰਘ ਕੰਗ, ਜਸਪਾਲ ਸਿੰਘ ਢੱਡੇ ਮੈਨੇਜਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ (ਤਰਨ ਤਾਰਨ), ਨਿਸ਼ਾਨ ਸਿੰਘ ਹੈਡ ਗ੍ਰੰਥੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਗੁਟਕਾ ਸਾਹਿਬ ਦੇ ਪਾਵਨ ਅੰਗ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਪਹੁੰਚਾ ਦਿੱਤੇ ਗਏ ਹਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media