ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਡੇਰਾਬੱਸੀ ਨੇੜਲੇ ਪਿੰਡ ਦੇਵੀ ਨਗਰ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜਨ ਅਤੇ ਮੱਖੂ ਨੇੜਲੇ ਪਿੰਡ ਗਾਮਾ ਮੁਰਾਦਾ ਵਿਖੇ ਸ਼ਾਰਟ ਸਰਕਟ ਕਾਰਨ ਪਾਵਨ ਸਰੂਪ ਅਤੇ ਪੋਥੀਆਂ ਅਗਨ ਭੇਟ ਹੋ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾਂ ਤੇ ਬੀਬੀ ਪਰਮਜੀਤ ਕੌਰ ਲਾਂਡਰਾਂ, ਗੁਰਦੁਆਰਾ ਬਾਉਲੀ ਸਾਹਿਬ ਢਕੌਲੀ ਦੇ ਮੈਨੇਜਰ ਜਗਦੀਪ ਸਿੰਘ, ਗੁਰਦੁਆਰਾ ਅੰਬ ਸਾਹਿਬ ਮੋਹਾਲੀ ਦੇ ਮੈਨੇਜਰ ਅਮਰਜੀਤ ਸਿੰਘ ਨੂੰ ਪਿੰਡ ਦੇਵੀ ਨਗਰ ਵਿਖੇ ਅਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਦਇਆ ਸਿੰਘ ਤੇ ਭਾਈ ਸੁਖਬੀਰ ਸਿੰਘ ਨੂੰ ਪਿੰਡ ਗਾਮਾ ਮੁਰਾਦਾ ਵਿਖੇ ਘਟਨਾ ਸਥਾਨ ’ਤੇ ਭੇਜਿਆ ਗਿਆ ਹੈ। 
ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਹ ਘਟਨਾਵਾਂ ਡੂੰਘੀ ਮਾਨਸਿਕ ਪੀੜਾ ਦੇਣ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਦੇਵੀ ਨਗਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਲਈ ਪ੍ਰਸ਼ਾਸਨ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਵੇ।ਉਨ੍ਹਾਂ ਕਿਹਾ ਕਿ ਬਾਰ-ਬਾਰ ਅਪੀਲਾਂ ਕਰਨ ਦੇ ਬਾਵਜੂਦ ਵੀ ਗੁਰੂ-ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਕੀਤੀ ਜਾ ਰਹੀ ਲਾਪ੍ਰਵਾਹੀ ਚਿੰਤਾਜਨਕ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਦਰਜ ਗੁਰਬਾਣੀ ਮਨੁੱਖ ਮਾਤਰ ਲਈ ਮਾਰਗ ਦਰਸ਼ਨ ਕਰਦੀ ਹੈ ਅਤੇ ਇਹ ਸਮੁੱਚੀ ਮਨੁੱਖਤਾ ਲਈ ਸਾਂਝਾ ਉਪਦੇਸ਼ ਹੈ।ਪਰ ਕੁੱਝ ਸ਼ਰਾਰਤੀ ਅਤੇ ਮਾਨਸਿਕ ਤੌਰ ’ਤੇ ਬਿਮਾਰ ਲੋਕ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਪੰਜਾਬ ਦੇ ਮਾਹੌਲ ਨੂੰ ਲਾਂਬੂ ਲਗਾਉਣਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਭਾਵੇਂ ਕਿਸੇ ਸ਼ਰਾਰਤੀ ਅਨਸਰ ਵੱਲੋਂ ਕੀਤੀ ਪਾਵਨ ਬਾਣੀ ਦੀ ਬੇਅਦਬੀ ਹੋਵੇ ਜਾਂ ਕਿਸੇ ਅਣਸੁਖਾਵੀਂ ਘਟਨਾ ਕਾਰਨ ਨੁਕਸਾਨ ਹੋਇਆ ਹੋਵੇ, ਇਸ ਸਭ ਲਈ ਗੁਰੂ-ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੀਆਂ। ਪ੍ਰੋ: ਬਡੂੰਗਰ ਨੇ ਕਿਹਾ ਕਿ ਅਸੀਂ ਆਪਣੇ ਘਰਾਂ ਅੰਦਰ ਤਾਂ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕਰਦੇ ਹਾਂ ਅਤੇ ਸੁਰੱਖਿਆ ਦੇ ਨਾਲ-ਨਾਲ ਬਿਜਲੀ ਪ੍ਰਬੰਧਾਂ ਲਈ ਵੀ ਸੁਚੇਤ ਰਹਿੰਦੇ ਹਾਂ, ਪਰ ਦੂਸਰੇ ਪਾਸੇ ਗੁਰੂ-ਘਰਾਂ ਪ੍ਰਤੀ ਸਾਡੀ ਅਣਗਹਿਲੀ ਅਜਿਹੀਆਂ ਘਟਨਾਵਾਂ ਦਾ ਕਾਰਨ ਬਣ ਰਹੀ ਹੈ। ਸਾਨੂੰ ਚੇਤੰਨ ਹੋਣਾ ਪਵੇਗਾ ਅਤੇ ਆਪੋ-ਆਪਣੇ ਪਿੰਡਾਂ ਸ਼ਹਿਰਾਂ ਦੇ ਗੁਰੂ-ਘਰਾਂ ਦੀ ਪਹਿਰੇਦਾਰੀ ਨੂੰ ਲਾਜ਼ਮੀ ਬਣਾਉਣਾ ਪਵੇਗਾ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਨੂੰ ਇਸ ਸਬੰਧ ਵਿਚ ਜਾਗਰੂਕਤਾ ਮੁਹਿੰਮ ਤੇਜ਼ ਕਰਨ ਲਈ ਵੀ ਕਿਹਾ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media