ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਨਿੱਜੀ ਸਹਾਇਕ ਮਨਜੀਤ ਸਿੰਘ ਵਿਨਿੰਗ, ਸੁਰੱਖਿਆ ਸਲਾਹਕਾਰ ਕਰਨਲ ਮਾਰਕ ਬਸਾਲਟ ਤੇ ਮਾਰਕੋ ਪੋਪਿਕ ਤੋਂ ਇਲਾਵਾ ਡੇਵਿਡ ਜੈਨ ਤੇ ਕੈਨੇਡੀਅਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੇ ਅੱਜ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕੀਤੀ।ਇਸ ਤੋਂ ਪਹਿਲਾਂ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਸਹਿਤ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਮਿਹਨਤ ਤੇ ਲਿਆਕਤ ਨਾਲ ਵਿਸ਼ਵ ਪੱਧਰ ’ਤੇ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਅਤੇ ਕੈਨੇਡਾ ਸਰਕਾਰ ਵਿਚ ਰੱਖਿਆ ਮੰਤਰਾਲੇ ਦੀ ਅਹਿਮ ਜ਼ਿੰਮੇਵਾਰੀ ਇੱਕ ਅੰਮ੍ਰਿਤਧਾਰੀ ਸਿੱਖ ਦੇ ਹੱਥ ਹੋਣੀ ਸਮੁੱਚੀ ਸਿੱਖ ਕੌਮ ਲਈ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੈਨੇਡਾ ਸਰਕਾਰ ਵੱਲੋਂ ਸਿੱਖਾਂ ਨੂੰ ਆਪਣੀ ਸਰਕਾਰ ਵਿਚ ਮੰਤਰੀ ਪਦ ਤੇ ਸੁਸ਼ੋਭਿਤ ਕਰਨ ਦੇ ਨਾਲ-ਨਾਲ ਕਾਮਾਗਾਟਾਮਾਰੂ ਦੀ ਘਟਨਾ ਲਈ ਸੰਸਦ ਵਿਚ ਮੁਆਫੀ ਮੰਗਣੀ ਸਿੱਖ ਕੌਮ ਲਈ ਵੱਡੇ ਅਰਥ ਰੱਖਦੀ ਹੈ। ਇਸ ਨਾਲ ਸਿੱਖਾਂ ਦੇ ਦਿਲਾਂ ਅੰਦਰ ਕੈਨੇਡਾ ਸਰਕਾਰ ਪ੍ਰਤੀ ਸਤਿਕਾਰ ਦੀ ਭਾਵਨਾ ਹੋਰ ਵਧੀ ਹੈ। ਉਨ੍ਹਾਂ ਆਖਿਆ ਕਿ ਹਰਜੀਤ ਸਿੰਘ ਸੱਜਣ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪੁੱਜਣ ’ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਮੇਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਮਨਜੀਤ ਸਿੰਘ ਵਿਨਿੰਗ, ਕਰਨਲ ਮਾਰਕ ਬਸਾਲਟ ਤੇ ਮਾਰਕੋ ਪੋਪਿਕ ਤੇ ਹੋਰਾਂ ਨੂੰ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਐਡੀ: ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਤੇ ਹੋਰ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media