ਮਾਮਲਾ ਨਸ਼ਾ ਸਮਗਲਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਦਾ
ਅਲਗੋਂ ਕੋਠੀ / ਅਮਰਕੋਟ, 7 ਅਪ੍ਰੈਲ (ਪੰਜਾਬ ਪੋਸਟ-ਹਰਦਿਆਲ ਭੈਣੀ, ਦਲਜਿੰਦਰ ਰਾਜਪੁਤ) – ਗ੍ਰਾਮ ਪੰਚਾਇਤ ਵਲਟੋਹਾ ਦੀ ਮੀਟਿੰਗ ਸਰਪੰਚ ਸਲਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਰੇ ਪੰਚਾਇਤ ਮੈਂਬਰਾਂ ਨੇ ਸ਼ਮੂਲੀਅਤ ਕੀਤੀ।ਸਰਪੰਚ ਸਲਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਦੇ ਨਾਲ ਨਾਲ ਨਸ਼ਿਆਂ ਦੇ ਸਮਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲਾਂ ਪਿਛੇ ਸੁੱਟਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਪਰ ਇਸ ਦੇ ਬਾਵਜੂਦ ਥਾਣਾ ਵਲਟੋਹਾ ਦਾ ਮੁਖੀ ਸਰਕਾਰ ਦੇ ਹੁਕਮਾਂ ਨੂੰ ਛਿੱਕੇ ਟੰਗ ਕੇ ਮੋਟੀਆਂ ਰਿਸ਼ਵਤਾਂ ਲੈ ਕੇ ਨਸ਼ਾ ਸਮੱਗਲਰਾਂ ਨੂੰ ਛੱਡ ਰਿਹਾ ਹੈ।ਉਨਾਂ ਦੱਸਿਆ ਕਿ 4 ਅਪ੍ਰੈਲ ਨੂੰ ਥਾਣਾ ਵਲਟੋਹਾ ਦੇ ਮੁਖੀ ਮਨਜਿੰਦਰ ਸਿੰਘ ਵਲੋਂ ਚਾਰ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਪਰ ਬਾਅਦ ਵਿਚ ਕੋਈ ਕਾਰਵਾਈ ਕਰਨ ਦੀ ਬਜਾਏ ਰਿਸ਼ਵਤ ਲੈ ਕੇ ਛੱਡ ਦਿੱਤਾ। ਉਨਾਂ ਦੱਸਿਆ ਕਿ ਥਾਣਾ ਮੁਖੀ ਦੀ ਇਸ ਹਰਕਤ ਨਾਲ ਸਮੁੱਚੇ ਪਿੰਡ ਵਾਸੀਆਂ `ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਪੰਚਾਇਤ ਮਤਾ ਪਾਸ ਕਰਕੇ ਮੰਗ ਕਰਦੀ ਹੈ ਕਿ ਇਸ ਕੇਸ ਦੀ ਉਚ ਪੱਧਰੀ ਇਨਕੁਆਰੀ ਕਰਕੇ ਥਾਣਾ ਮੁਖੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਨਸ਼ਿਆਂ ਦੇ ਖਾਤਮੇ ਲਈ ਇਮਾਨਦਾਰ ਪੁਲਿਸ ਅਫਸਰ ਦੀ ਨਿਯੁੱਕਤੀ ਕੀਤੀ ਜਾਵੇ। ਇਸ ਸਬੰਧੀ ਜਦ ਐਸ.ਐਸ.ਪੀ ਹਰਜੀਤ ਸਿੰਘ ਨਾਲ ਰਾਬਤਾ ਕੀਤਾ ਤਾਂ ਉਨਾਂ ਦੱਸਿਆ ਕਿ ਥਾਣਾ ਵਲਟੋਹਾ ਦੇ ਮੁਖੀ ਵਲੋਂ ਰਿਸ਼ਵਤ ਲੈਣ ਦਾ ਮਾਮਲਾ ਉਨਾਂ ਦੇ ਧਿਆਨ ਵਿਚ ਆਇਆ ਹੈ ਤੇ ਇਸ ਸਬੰਧੀ ਲਿਖਤੀ ਸ਼ਿਕਾਇਤ ਮਿਲਣ `ਤੇ ਉਹ ਜਾਂਚ ਕਰਵਾਉਣਗੇ ਅਤੇ ਜੇਕਰ ਦੋਸ਼ ਸਾਬਤ ਹੋਏ ਤਾਂ ਥਾਣਾ ਮੁਖੀ ਖਿਲਾਫ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media