ਬਠਿੰਡਾ, 20 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਮਿਸ਼ਨ ਆਸ਼ਾ ਤਹਿਤ ਬਠਿੰਡਾ ਸ਼ਹਿਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨਾਲ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਅਤੇ ਉਪ ਮੰਡਲ ਮੈਜਿਸਟ੍ਰੇਟ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਟੀਚਰ ਹੋਮ ਵਿਖੇ ਬੈਠਕ ਕੀਤੀ। ਇਸ ਮੌਕੇ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਦੇ ਸਮੂਹ ਨੂੰ ਸੰਬੋਧਨ ਕਰਦਿਆਂ ਲਾਕਰਾ ਨੇ ਦੱਸਿਆ ਕਿ ਬਠਿੰਡਾ ਸ਼ਹਿਰ ’ਚ ਆਸ਼ਾ (ਐਸੋਸੀਏਟਿੰਗ ਫਾਰ ਸਮਾਇਲਜ਼, ਹੈਪੀਨੈਸ, ਐਸਪਾਇਰੇਸ਼ਨ) ਮਿਸ਼ਨ ਤਹਿਤ ਸਰਕਾਰੀ ਐਲੀਮੈਂਟਰੀ ਸਕੂਲਾਂ ’ਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਉਪਰਾਲੇ ਹੇਠ ਕਮਜ਼ੋਰ ਵਿਦਿਆਰਥੀਆਂ ’ਤੇ ਜ਼ਿਆਦਾ ਧਿਆਨ ਦਿੰਦਿਆਂ ਅੱਜ ਉਨ੍ਹਾਂ ਮਾਤਾ-ਪਿਤਾ ਨਾਲ ਬੈਠਕ ਬੁਲਾਈ ਗਈ ਸੀ। ਉਨ੍ਹਾਂ ਕਿਹਾ ਕਿ ਕਮਜ਼ੋਰ ਵਿਦਿਆਰਥੀ ਦੇ ਮਾਤਾ-ਪਿਤਾ ਨੂੰ ਹੀ ਉਨ੍ਹਾਂ ਦੀ ਪੜ੍ਹਾਈ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਵਿਦਿਆਰਥੀ ਹਰ-ਰੋਜ਼ ਸਕੂਲ ਜਾਵੇ ਅਤੇ ਆਪਣਾ ਹੋਮ ਵਰਕ ਕਰੇ।
ਉਨ੍ਹਾਂ ਕਿਹਾ ਕਿ ਕਮਜ਼ੋਰ ਬੱਚਿਆਂ ਤੋਂ ਇਲਾਵਾ ਹੁਸ਼ਿਆਰ ਬੱਚਿਆਂ ’ਤੇ ਵੀ ਧਿਆਨ ਦੇਣ ਦੀ ਲੋੜ ਹੈ। ਇਸ ਤਹਿਤ ਏ-ਗਰੇਡ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਤੀਯੋਗਤਾ ਪੇਪਰਾਂ ਲਈ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੇਂਡੂ ਇਲਾਕਿਆਂ ’ਚ ਵੀ ਚਲਾਇਆ ਜਾਵੇਗਾ ਅਤੇ ਇਸ ਵਿਚ ਵਿਦਿਆਰਥੀਆਂ ਦੇ ਮਾਤਾ-ਪਿਤਾ ਦਾ ਸਹਿਯੋਗ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਛੁੱਟੀਆਂ ਦੌਰਾਨ ਵੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਵਾਧੂ ਕਲਾਸ ਲਗਾ ਕੇ ਸਿੱਖਿਆ ਦਿੱਤੀ ਜਾਵੇ। ਇਸ ਮੌਕੇ ਬੋਲਦਿਆਂ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਚੰਗੇਰੀ ਸਿੱਖਿਆ ਦੇਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਮਿਸ਼ਨ ਆਸ਼ਾ ਤਹਿਤ ਬਠਿੰਡਾ ਸ਼ਹਿਰ ਦੀਆਂ ਸਾਰੀਆਂ ਆਂਗਣਵਾੜੀਆਂ ’ਚ ਸਿੱਖਿਆ ਦੀ ਦੀਵਾਰ ਬਣਾਈ ਗਈ ਹੈ ਜਿਸ ’ਤੇ ਵਿਦਿਆਰਥੀ ਅਭਿਆਸ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਹੁਣ ਕਮਜ਼ੋਰ ਵਿਦਿਆਰਥੀਆਂ ਨੂੰ ਵਾਧੂ ਕਲਾਸਾਂ ਲਗਾ ਕੇ ਹੁਸ਼ਿਆਰ ਬੱਚਿਆਂ ਦੇ ਨਾਲ ਰਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਭਵਿੱਖ ਸਵਾਰਨ ਲਈ ਉਨ੍ਹਾਂ ਦੀ ਸਿੱਖਿਆ ਦਾ ਪੂਰਾ ਧਿਆਨ ਰੱਖਣ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media