Sunday, February 22, 2026

ਨੀਟ ਪ੍ਰੀਖਿਆ `ਚ ਸਿੱਖ ਬੱਚਿਆਂ ਨੂੰ ਕੱਕਾਰਾਂ ਸਮੇਤ ਬੈਠਣ ਦੀ ਇਜਾਜ਼ਤ ਹੋਵੇ – ਸ਼੍ਰੋਮਣੀ ਕਮੇਟੀ

ਅੰਤ੍ਰਿੰਗ ਕਮੇਟੀ ਵੱਲੋਂ ਇਕੱਤਰਤਾ ਵਿਚ ਲਏ ਗਏ ਅਹਿਮ ਫੈਸਲੇ
ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ)- PPN0605201727ਗੁਰਦੁਆਰਾ ਪ੍ਰਬੰਧਕ ਕਮੇਟੀ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ ਸ਼੍ਰੋਮਣੀ ਦੀ ਅਗਵਾਈ ਵਿਚ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ਵਿਚ ਸੈਕਸ਼ਨ 85 ਨਾਲ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਮਾਮਲੇ ਵਿਚਾਰੇ ਗਏ। ਇਸ ਤੋਂ ਇਲਾਵਾ ਪੰਥ ਦੇ ਕਈ ਸੰਜੀਦਾ ਮਸਲਿਆਂ ਸਬੰਧੀ ਵੀ ਵਿਚਾਰ-ਚਰਚਾ ਹੋਈ। ਮੀਟਿੰਗ ਉਪਰੰਤ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਵੱਖ-ਵੱਖ ਪ੍ਰੀਖਿਆਵਾਂ ਦੌਰਾਨ ਸਿੱਖ ਬੱਚਿਆਂ ਨੂੰ ਕਕਾਰਾਂ ਸਮੇਤ ਬੈਠਣ ਤੋਂ ਰੋਕਣ ਦੇ ਸਾਹਮਣੇ ਆ ਰਹੇ ਮਾਮਲਿਆਂ ਦੀ ਸਖਤ ਨਿੰਦਾ ਕੀਤੀ ਗਈ ਹੈ। ਭਾਈ ਚਾਵਲਾ ਨੇ ਕਿਹਾ ਕਿ ਇਹ ਰੁਝਾਨ ਮੰਦਭਾਗਾ ਹੈ ਅਤੇ ਇਹ ਧਾਰਮਿਕ ਅਜ਼ਾਦੀ ਦੇ ਅਧਿਕਾਰਾਂ ਦੀ ਉਲੰਘਣਾ ਹੈ। ਭਾਰਤੀ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਆਪਣੇ ਕਕਾਰ ਪਹਿਨਣ ਦੀ ਪੂਰੀ ਤਰ੍ਹਾਂ ਇਜਾਜ਼ਤ ਮਿਲੀ ਹੋਈ ਹੈ ਪਰ ਫਿਰ ਵੀ ਅਜਿਹਾ ਵਰਤਾਰਾ ਕਈ ਸਵਾਲ ਖੜ੍ਹੇ ਕਰਦਾ ਹੈ।ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿਚ ਇਕ ਮਤਾ ਪਾਸ ਕਰਦਿਆਂ ਸੀ.ਬੀ.ਐਸ.ਈ ਵੱਲੋਂ ਲਈ ਜਾਂਦੀ ਨੀਟ ਪ੍ਰੀਖਿਆ ਸਮੇਂ ਸਿੱਖ ਬੱਚਿਆਂ ਨੂੰ ਕਕਾਰ ਪਹਿਨ ਕੇ ਪ੍ਰੀਖਿਆ ਦੇਣ ਦੀ ਧਾਰਿਮਕ ਅਜ਼ਾਦੀ ਦੇ ਅਧਿਕਾਰ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀ ਪ੍ਰਕਾਸ਼ ਜਾਵੇਡਕਰ ਅਤੇ ਸੀ.ਬੀ.ਐਸ.ਈ ਦੇ ਚੇਅਰਮੈਨ ਰਕੇਸ਼ ਕੁਮਾਰ ਚਤੁਰਵੇਦੀ ਨੂੰ ਮਸਲੇ ਦਾ ਤੁਰੰਤ ਹੱਲ ਕੱਢਣ ਲਈ ਕਿਹਾ ਗਿਆ ਹੈ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦੀਆਂ ਘਟਨਾਵਾਂ ਸਬੰਧੀ ਕਿਹਾ ਕਿ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਆਪਣੀਆਂ ਜਾਂਚ ਏਜੰਸੀਆਂ ਰਾਹੀਂ ਦੋਸ਼ੀਆਂ ਦਾ ਤੁਰੰਤ ਪਤਾ ਲਗਾ ਕੇ ਕਾਰਵਾਈ ਕਰਨ।ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਫੌਜ ਵੱਲੋਂ ਭਾਰਤੀ ਫੌਜ ਦੇ ਜਵਾਨਾਂ ਜਿਨ੍ਹਾਂ ਵਿਚ ਇੱਕ ਸਿੱਖ ਜਵਾਨ ਨਾਇਬ ਸੂਬੇਦਾਰ ਪਰਮਜੀਤ ਸਿੰਘ ਵੀ ਸ਼ਾਮਲ ਸੀ ਦੇ ਮ੍ਰਿਤਕ ਸਰੀਰਾਂ ਦੀ ਅਣਮਨੁੱਖੀ ਤਰੀਕੇ ਨਾਲ ਵੱਡ-ਟੁੱਕ ਕਰਨ ਦੀ ਅਨੈਤਿਕ ਕਾਰਵਾਈ ਦੀ ਨਿੰਦਾ ਕਰਦਿਆਂ ਨਿਖੇਧੀ ਮਤਾ ਪਾਸ ਕੀਤਾ ਗਿਆ ਹੈ।ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਗਲੇ ਕੁਝ ਦਿਨਾਂ ਵਿਚ ਸ਼ਹੀਦ ਪਰਮਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਜਾਣਗੇ।
ਉਨ੍ਹਾਂ ਦੱਸਿਆ ਕਿ ਐਕਸਲ ਗਰੀਨ ਪ੍ਰਾਈਵੇਟ ਲਿਮਿਟਡ (ਨੋਇਡਾ) ਵਿਖੇ ਬਤੌਰ ਮੈਨੇਜਰ ਕੰਮ ਕਰਦੀ ਬੀਬੀ ਜਸਮੀਤ ਕੌਰ ਸੀ, ਜਿਸ ਦੀ ਕੰਪਨੀ ਦੇ ਦਫਤਰ ਨੂੰ ਅੱਗ ਲੱਗਣ ਸਮੇਂ ਦੂਸਰਿਆਂ ਦੀ ਜਾਨ ਬਚਾਉਂਦਿਆਂ ਮੌਤ ਹੋ ਗਈ ਸੀ, ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸੇ ਤਰ੍ਹਾਂ ਓਂਕਾਰ ਸਿੰਘ ਅਖੰਡਪਾਠੀ ਸ੍ਰੀ ਦਰਬਾਰ ਸਾਹਿਬ ਦੀ ਡਿਊਟੀ ਦੌਰਾਨ ਹੋਈ ਮੌਤ ਕਾਰਨ ਉਸ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਦੀ ਮਾਲੀ ਸਹਾਇਤਾ ਵੀ ਪ੍ਰਵਾਨ ਕੀਤੀ ਗਈ।ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਸਿਹਤ ਠੀਕ ਨਾ ਹੋਣ ਕਾਰਨ ਅੱਜ ਦੀ ਇਕੱਤਰਤਾ ਵਿਚ ਸ਼ਾਮਲ ਨਹੀਂ ਹੋ ਸਕੇ।
ਇਸ ਮੌਕੇ ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਸਤਪਾਲ ਸਿੰਘ ਤਲਵੰਡੀ ਭਾਈ,  ਜੈਪਾਲ ਸਿੰਘ ਮੰਡੀਆਂ, ਨਿਰਮਲ ਸਿੰਘ ਹਰਿਆਓ, ਗੁਰਮੇਲ ਸਿੰਘ ਸੰਗਤਪੁਰਾ, ਬੀਬੀ ਜੋਗਿੰਦਰ ਕੌਰ ਬਠਿੰਡਾ,  ਬਲਵਿੰਦਰ ਸਿੰਘ ਵੇਈਂਪੂਈਂ,  ਕੁਲਵੰਤ ਸਿੰਘ ਮੰਨਣ ਤੇ  ਸੁਰਜੀਤ ਸਿੰਘ ਕਾਲਾਬੂਲਾ, ਮੁੱਖ ਸਕੱਤਰ  ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ ਤੇ  ਅਵਤਾਰ ਸਿੰਘ, ਵਧੀਕ ਸਕੱਤਰ  ਹਰਭਜਨ ਸਿੰਘ ਮਨਾਵਾਂ,  ਸੁਖਦੇਵ ਸਿੰਘ ਭੂਰਾ ਕੋਹਨਾ ਤੇ  ਕੇਵਲ ਸਿੰਘ, ਮੀਤ ਸਕੱਤਰ ਮੀਡੀਆ  ਕੁਲਵਿੰਦਰ ਸਿੰਘ ਰਮਦਾਸ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ ਸੀ: ਸੈਕੰ: ਸਕੂਲ ਦੀ ਖਿਡਾਰਣ ਨੇ ਚਾਂਦੀ ਦਾ ਤਮਗਾ ਜਿੱਤਿਆ

ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply