Thursday, June 25, 2026

ਖ਼ਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

PPN0905201715ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)-ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਤੀਜ਼ੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਜਿਸ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ।
ਇਸ ਮੌਕੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਰੱਬੀ ਬਾਣੀ ਦਾ ਕੀਰਤਨ ਕਰਕੇ ਹਾਜ਼ਰ ਸੰਗਤਾਂ ਨੂੰ ਗੁਰ ਚਰਨਾਂ ਨਾਲ ਜੋੜਿਆ।ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ।ਉਨ੍ਹਾਂ ਇਸ ਮੌਕੇ ਗੁਰੂ ਸਾਹਿਬ ਦੁਆਰਾ ਰਚਿਤ ਸ੍ਰੀ ਅਨੰਦ ਸਾਹਿਬ ਦੀ ਵਿਆਖਿਆ ਕਰਦਿਆਂ ਸੰਗਤਾਂ ਨੂੰ ਪਾਠ ਦੀ ਮਹੱਤਤਾ ਤੇ ਵਿਚਾਰਧਾਰਾਵਾਂ ਸਬੰਧੀ ਜਾਣੂ ਕਰਵਾਇਆ।
ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਸਮੂਹ ਜਗਤ ਨੂੰ ਛੀਨਾ ਨੇ ਵਧਾਈ ਦਿੰਦਿਆ ਕਿਹਾ ਕਿ ਗੁਰੂ ਸਾਹਿਬ ਦਾ ਸਭ ਤੋਂ ਪਹਿਲਾਂ ਵੱਡਾ ਉਪਦੇਸ਼ ਸੀ ਕਿ ‘ਪਹਿਲੇ ਪੰਗਤਿ ਪਾਛੈ ਸੰਗਤਿ’।ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਅਪਨਾਉਂਦਿਆਂ ਉਨ੍ਹਾਂ ਦੁਆਰਾ ਮਾਰਗ ’ਤੇ ਚੱਲਣਾ ਚਾਹੀਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ-ਚੇਲਾ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਸ੍ਰੀ ਅਮਰਦਾਸ ਗੁਰੂ ਘਰ ਦੇ ਅਨਿਨ ਸੇਵਕ ਸਨ ਜਿਨ੍ਹਾਂ ਬਿਨ੍ਹਾਂ ਕਿਸੇ ਸਵਾਰਥ ਦੇ ਸੱਚੇ ਮਨੋਂ ਗੁਰੂ ਅੰਗਦ ਸਾਹਿਬ ਦੀ ਸੇਵਾ ਕੀਤੀ ਅਤੇ ਪ੍ਰਮਾਤਮਾ ਦਾ ਨਾਮ ਧਿਆਇਆ। ਇਸ ਮੌਕੇ ਸ: ਛੀਨਾ ਨੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੀਆਂ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ, ਸੁਖਦੇਵ ਸਿੰਘ ਅਬਦਾਲ, ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਗੁਰਮੋਹਨ ਸਿੰਘ ਵਾਲੀਆ, ਡੀਨ ਅਕਾਦਮਿਕ ਡਾ. ਰਘੁਬੀਰ ਸਿੰਘ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰ: ਦਵਿੰਦਰ ਕੌਰ ਸੰਧੂ, ਅੰਡਰ ਸੈਕਟਰੀ ਸ, ਡੀ. ਐਸ. ਰਟੌਲ, ਸਕੂਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply