Tuesday, March 24, 2026

ਫਿਲਮ ‘ਸੁਪਰ ਸਿੰਘ’ ਸਬੰਧੀ ਇਤਰਾਜ਼ਾਂ ਬਾਰੇ ਜਾਂਚ ਕਮੇਟੀ ਬਣਾਈ

ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਹਾਲ ਹੀ ਵਿਚ ਰਲੀਜ਼ ਹੋਈ ਪੰਜਾਬੀ ਫਿਲਮ ‘ਸੁਪਰ ਸਿੰਘ’ ਵਿਚ ਸਿੱਖ ਧਰਮ ਨਾਲ ਸਬੰਧਤ ਵਿਵਾਦਤ ਅੰਸ਼ਾਂ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ  ਨੇ ਗੰਭੀਰ ਨੋਟਿਸ ਲੈਂਦਿਆਂ ਇਸ ਬਾਰੇ ਜਾਂਚ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ। ਉਨ੍ਹਾਂ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਅਤੇ ਧਾਰਮਿਕ ਪ੍ਰੀਖਿਆ ਦੇ ਇੰਚਾਰਜ ਸ. ਸੁਖਦੇਵ ਸਿੰਘ (ਕੋਆਰਡੀਨੇਟਰ) ਨੂੰ ਸ਼ਾਮਲ ਕਰ ਕੇ ਫਿਲਮ ਵੇਖਣ ਉਪਰੰਤ ਤੁਰੰਤ ਰਿਪੋਰਟ ਦੇਣ ਨੂੰ ਕਿਹਾ ਹੈ। ਇਸ ਸਬੰਧੀ ਜਾਰੀ ਇੱਕ ਬਿਆਨ ਵਿਚ ਪ੍ਰੋ. ਬਡੂੰਗਰ ਨੇ ਕਿਹਾ ਕਿ ਫਿਲਮ ਬਾਰੇ ਉਨ੍ਹਾਂ ਨੂੰ ਲਿਖਤੀ ਸ਼ਿਕਾਇਤਾਂ ਪ੍ਰਾਪਤ ਹੋਣ ਦੇ ਨਾਲ-ਨਾਲ ਮੀਡੀਆ ਰਾਹੀਂ ਵੀ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ।ਉਨ੍ਹਾਂ ਕਿਹਾ ਕਿ ਪੁੱਜੀਆਂ ਸ਼ਿਕਾਇਤਾਂ ਵਿਚ ਜਿਥੇ ਫਿਲਮ ਦੀ ਕਹਾਣੀ ਨੂੰ ਸਿੱਖ ਫਲਸਫੇ ਦੇ ਵਿਰੁੱਧ ਦੱਸਿਆ ਗਿਆ ਹੈ, ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਬਾਰੇ ਵੀ ਮਨਘੜਤ ਕਿਸਮ ਦੇ ਦ੍ਰਿਸ਼ਾਂ ਦਾ ਜ਼ਿਕਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਧਿਆਤਮਿਕਤਾ ਦਾ ਸੋਮਾ ਹੋਣ ਕਾਰਨ ਸਿੱਖਾਂ ਦੇ ਨਾਲ-ਨਾਲ ਸਮੁੱਚੀ ਮਾਨਵਤਾ ਲਈ ਬੇਹੱਦ ਸਤਿਕਾਰਤ ਧਾਰਮਿਕ ਅਸਥਾਨ ਹੈ, ਜਿਸ ਬਾਰੇ ਵਿਵਾਦਤ ਫਿਲਮਾਂਕਣ ਨਹੀਂ ਹੋਣਾ ਚਾਹੀਦਾ। ਜੇਕਰ ਫਿਲਮ ਵਿਚ ਅਜਿਹਾ ਕੀਤਾ ਗਿਆ ਹੈ ਤਾਂ ਇਹ ਠੀਕ ਨਹੀਂ।ਪ੍ਰੋ. ਬਡੂੰਗਰ ਨੇ ਕਿਹਾ ਕਿ ਜੇਕਰ ਕੋਈ ਫਿਲਮਸਾਜ਼ ਆਪਣੀ ਫਿਲਮ ਵਿਚ ਸਿੱਖੀ ਨਾਲ ਸਬੰਧਤ ਜਾਣਕਾਰੀ ਦੇਣਾ ਚਾਹੁੰਦਾ ਹੈ ਤਾਂ ਇਸ ਬਾਰੇ ਫਿਲਮ ਬਣਾਉਣ ਤੋਂ ਪਹਿਲਾਂ ਆਪਣੀ ਸਕ੍ਰਿਪਟ ਸ਼੍ਰੋਮਣੀ ਕਮੇਟੀ ਪਾਸ ਭੇਜੀ ਜਾਵੇ ਅਤੇ ਇਤਰਾਜ਼ ਨਾ ਹੋਣ ਦੀ ਸੂਰਤ ਵਿਚ ਹੀ ਉਸ ਨੂੰ ਫਿਲਮ ਦਾ ਹਿੱਸਾ ਬਣਾਇਆ ਜਾਵੇ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply